
ਮਾਨਸਾ, 28 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) : ਪੰਜਾਬ ਸਰਕਾਰ ਦੁਆਰਾ ਮਿਸ਼ਨ ਫਤਿਹ ਤਹਿਤ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਸੰਧੂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਵੱਲੋਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਸਰਪੰਚਾਂ, ਪੰਚਾਂ, ਸੰਮਤੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੋਂ ਇਲਾਵਾ ਹੋਰ ਫੀਲਡ ਸਟਾਫ ਨਾਲ ਮਿਲ ਕੇ ਡੋਰ ਟੂ ਡੋਰ ਮਿਸ਼ਨ ਫਤਿਹ ਦਾ ਸੁਨੇਹਾ ਪਹੁੰਚਾਉਂਦਿਆਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਸੰਧੂ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੂੰ ਵਾਰ ਵਾਰ ਸਾਬਣ ਨਾਲ ਹੱਥ ਧੋਣ, ਮਾਸਕ ਪਹਿਨਣਾਂ, ਦੋ ਗਜ਼ ਦੀ ਦੂਰੀ ਰੱਖਣਾਂ ਆਦਿ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਕੋਵਾ ਐਪ ਡਾਊਨਲੋਡ ਕਰਵਾ ਕੇ ਉਨ੍ਹਾਂ ਨੂੰ ‘ਮਿਸ਼ਨ ਫਤਿਹ ਯੋਧੇ’ ਮੁਕਾਬਲੇ ਵਿਚ ਸ਼ਾਮਲ ਕੀਤਾ ਗਿਆ।
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਅਤੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਲਈ ਹਰ ਤਰਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਆਧਾਰ ਤੇ ਜ਼ਿਲ੍ਹੇ ਅੰਦਰ ਪੈਂਦੀਆਂ 245 ਗ੍ਰਾਮ ਪੰਚਾਇਤਾਂ ਦੇ ਸਰਪੰਚ, ਪੰਚ, ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗੁਰੂ ਘਰਾਂ ਦੇ ਸਪੀਕਰਾਂ ਰਾਹੀਂ ਮੁਨਿਆਦੀ ਕਰਵਾ ਕੇ, ਬੈਨਰ/ਪੈਂਫਲੈਟ ਆਦਿ ਲਗਵਾ ਕੇ ਵੀ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਸਬੰਧੀ ਜਰੂਰੀ ਹਦਾਇਤਾਂ ਦੀ ਪਾਲਣਾਂ ਕਰਨ ਹਿਤ ਜਾਗਰੂਕ ਕੀਤਾ ਜਾ ਰਿਹਾ ਹੈ।
