ਚੰਡੀਗੜ੍ਹ 21,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਖੇਤੀ ਕਾਨੂੰਨ ਵਾਪਸ ਹੋਣ ਦੇ ਐਲਾਨ ਮਗਰੋਂ ਵੀ ਸ਼੍ਰੋਮਣੀ ਅਕਾਲੀ ਦਲ ‘ਤੇ ਸਵਾਲ ਉੱਠ ਰਹੇ ਹਨ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਮੁੱਚੀ ਕਿਸਾਨੀ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਕੇਂਦਰੀ ਖੇਤੀ ਕਾਨੂੰਨ ਬਣਾਉਣ ‘ਚ ਬਾਦਲ ਪਰਿਵਾਰ ਭਾਗੀਦਾਰ ਰਿਹਾ ਹੈ।
ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਤਿੰਨ ਖੇਤੀ ਕਾਨੂੰਨ ਬਣਾਏ ਸਨ, ਜਿਨ੍ਹਾਂ ਹੁਣ ਖੇਤੀ ਕਾਨੂੰਨ ਵਾਪਸ ਲੈਂਦਿਆਂ ਮੁਆਫ਼ੀ ਵੀ ਮੰਗੀ ਹੈ। ਉਨ੍ਹਾਂ ਕਿਹਾ ਕਿ ਹੁਣ ਵਾਰੀ ਬਾਦਲ ਦੀ ਹੈ ਜਿਨ੍ਹਾਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਜਾਇਜ਼ ਠਹਿਰਾਉਣ ਲਈ ਬਾਕਾਇਦਾ ਵੀਡੀਓ ਬਣਾ ਕੇ ਵਕਾਲਤ ਕੀਤੀ ਸੀ। ਜਾਖੜ ਨੇ ਕਿਹਾ ਕਿ ਬਾਦਲ ਸਿਆਸਤ ਦੇ ਪੁਰਾਣੇ ਖਿਡਾਰੀ ਹਨ ਜਿਨ੍ਹਾਂ ਖੇਤੀ ਕਾਨੂੰਨਾਂ ਦੀ ਵਕਾਲਤ ਮਗਰੋਂ ਮੌਕਾ ਛੇਤੀ ਭਾਂਪ ਲਿਆ ਸੀ।
ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਨਾਤਾ ਤੋੜਨ ਜਾਂ ਵਜ਼ੀਰੀ ਛੱਡਣ ਨਾਲ ਗੁਨਾਹ ਮੁਆਫ਼ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਪ੍ਰਧਾਨ ਮੰਤਰੀ ਨੇ ਮੁਆਫ਼ੀ ਮੰਗੀ ਹੈ, ਉਸੇ ਤਰ੍ਹਾਂ ਬਾਦਲ ਵੀ ਕਿਸਾਨਾਂ ਤੋਂ ਮੁਆਫ਼ੀ ਮੰਗਣ। ਜਾਖੜ ਨੇ ਕਿਹਾ ਕਿ ਪੁੱਤਰ ਮੋਹ ਤੇ ਸੱਤਾ ਦੇ ਲਾਲਚ ‘ਚ ਬਾਦਲ ਨੇ ਖੇਤੀ ਕਾਨੂੰਨਾਂ ਦੀ ਹਮਾਇਤ ਕਰ ਕੇ ਕਲੰਕ ਆਪਣੇ ਸਿਰ ਮੜ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇੱਕ ਸਾਲ ਪਿੱਛੋਂ ਕਿਸਾਨੀ ਤਾਕਤ ਨੂੰ ਸਮਝੇ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਖੇਤੀ ਕਾਨੂੰਨ ਵਾਪਸ ਲੈਣ ਮਗਰੋਂ ਵੀ ਆਪਣੇ ਗੁਨਾਹ ਤੋਂ ਬਚ ਨਹੀਂ ਸਕਦੀ ਕਿਉਂਕਿ ਕਿਸਾਨ ਅੰਦੋਲਨ ਦੌਰਾਨ ਕਰੀਬ 700 ਕਿਸਾਨਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਕਿਸਾਨਾਂ ਦੀ ਗੱਲ ਮੰਨ ਲੈਂਦੀ ਤਾਂ ਸੈਂਕੜੇ ਜਾਨਾਂ ਨੂੰ ਬਚਾਇਆ ਜਾ ਸਕਦਾ ਸੀ।