ਪਟਿਆਲਾ 18 ਮਈ(ਸਾਰਾ ਯਹਾਂ/ਬਿਊਰੋ ਨਿਊਜ਼)
ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਨੇ ਭਾਦਸੋਂ ਰੋਡ ‘ਤੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਬੱਚਿਆਂ ਦੇ ਮਾਪਿਆਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ਣ ਅਤੇ ਚਾਰੋਂ ਬੱਚਿਆਂ ਦੀ ਆਤਮਾ ਨੂੰ ਸ਼ਾਂਤੀ ਦੇਣ।
ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਮਾਂ ਹੋਣ ਦੇ ਨਾਤੇ ਉਹ ਸਾਰੇ ਬੱਚਿਆਂ ਨੂੰ ਅਪੀਲ ਕਰਦੇ ਹਨ ਕਿ ਉਹ ਕੋਈ ਵੀ ਵਾਹਨ ਚਲਾਉਂਦੇ ਸਮੇਂ ਜਲਦਬਾਜ਼ੀ ਨਾ ਕਰਨ। ਹਰ ਬੱਚੇ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਘਰ ਵਿੱਚ ਕੋਈ ਨਾ ਕੋਈ ਉਨ੍ਹਾਂ ਦੀ ਉਡੀਕ ਕਰ ਰਿਹਾ ਹੈ ਅਤੇ ਉਹ ਉਨ੍ਹਾਂ ਦੇ ਮਾਪਿਆਂ ਦਾ ਭਵਿੱਖ ਹਨ। ਕਿਸੇ ਵੀ ਬੱਚੇ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਆਪਣੀ ਕਿਸੇ ਛੋਟੀ ਜਿਹੀ ਗਲਤੀ ਕਾਰਨ ਬੁਢਾਪੇ ਵਿੱਚ ਆਪਣੇ ਮਾਪਿਆਂ ਦਾ ਸਹਾਰਾ ਖੋਹ ਲੈਣ। ਕੋਈ ਵੀ ਖੁਸ਼ੀ ਮਨਾਉਣ ਲਈ ਇਹ ਜ਼ਰੂਰੀ ਨਹੀਂ ਕਿ ਅਸੀਂ ਸੜਕਾਂ ‘ਤੇ ਉਤਰੀਏ। ਜੇਕਰ ਅਸੀਂ ਆਪਣੀ ਸੀਮਾ ਵਿੱਚ ਰਹਿ ਕੇ ਕੋਈ ਖੁਸ਼ੀ ਮਨਾਉਂਦੇ ਹਾਂ ਤਾਂ ਇਸ ਦਾ ਬੱਚਿਆਂ, ਵਿੱਦਿਅਕ ਅਦਾਰਿਆਂ ਅਤੇ ਬੱਚਿਆਂ ਦੇ ਪਰਿਵਾਰਾਂ ਨੂੰ ਜ਼ਿਆਦਾ ਫਾਇਦਾ ਹੋਵੇਗਾ।