*ਪ੍ਰਮੁੱਖ ਸਕੱਤਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨਾਲ ਝੋਨੇ ਦੇ ਖਰੀਦ ਪ੍ਰਬੰਧਾਂ ਬਾਰੇ ਕੀਤੀ ਅਹਿਮ ਮੀਟਿੰਗ*

0
34

ਮਾਨਸਾ, 26 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਸ਼੍ਰੀ ਵੀ.ਕੇ. ਮੀਨਾ ਨੇ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਝੋਨੇ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚ ਰਹੀ ਝੋਨੇ ਦੀ ਫਸਲ ਦੀ ਖਰੀਦ ਅਤੇ ਉਸਦੀ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਖੇ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।
ਪ੍ਰਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਮੰਡੀਆਂ ਅੰਦਰ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਹੋਣੇ ਚਾਹੀਦੇ ਹਨ। ਮਾਨਸਾ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਖਰੀਦ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ ਅਤੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਅਧਿਕਾਰ ਖੇਤਰ ਅੰਦਰ ਮੰਡੀਆਂ ਵਿਚ ਰੋਜ਼ਾਨਾ ਦੇ ਆਧਾਰ ’ਤੇ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਰਾਬਤਾ ਕਾਇਮ ਰੱਖਣ, ਤਾਂ ਜੋ ਖਰੀਦ ਪ੍ਰਕਿਰਿਆ ਸੁਖਾਲੇ ਢੰਗ ਨਾਲ ਨੇਪਰੇ ਚੜ੍ਹਾਈ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਜ਼ਰੂਰੀ ਪ੍ਰਬੰਧਾਂ ਨੂੰ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਿਆ ਗਿਆ ਸੀ ਅਤੇ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਫਸਲ ਦੀ ਖਰੀਦੋ-ਫਰੋਖ਼ਤ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1 ਲੱਖ 33 ਹਜ਼ਾਰ 788 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 88 ਹਜ਼ਾਰ 630 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 49 ਹਜ਼ਾਰ ਮੀਟਰਕ ਟਨ ਤੋਂ ਵਧੇਰੇ ਫਸਲ ਦੀ ਲਿਫ਼ਟਿੰਗ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਬਦਲੇ ਕਰੀਬ 143 ਕਰੋੜ ਰੁਪਏ  ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਖ਼ਰੀਦ ਪ੍ਰਕਿਰਿਆ ’ਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਝੋਨੇ ਦੀ ਫਸਲ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਐਸ.ਪੀ. ਸ੍ਰੀ ਜਸਕੀਰਤ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰ. ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਮਨ ਮੰਗਲਾ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਹਰਵਿੰਦਰ ਸਿੰਘ ਤੋਂ ਇਲਾਵਾ ਡੀ.ਐਸ.ਪੀਜ਼ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here