ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕਰਨ ਤੇ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ ਮਾਨਸਾ

0
57

ਮਾਨਸਾ, 9 ਜੁਲਾਈ (ਸਾਰਾ ਯਹਾ/ਹੀਰਾ ਸਿੰਘ ਮਿੱਤਲ) : ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਜ਼ਿਲ੍ਹੇ ਅੰਦਰ ਵਹੀਕਲਾਂ ਉੱਤੇ ਪ੍ਰੈਸ਼ਰ ਹਾਰਨ ਦੀ ਵਰਤੋਂ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ ਜਿਸ ਤਹਿਤ ਉਨ੍ਹਾਂ ਅਧਿਕਾਰੀਆਂ ਨੂੰ ਪ੍ਰੈਸ਼ਰ ਹਾਰਨਾਂ ਤੇ ਰੋਕ ਲਾਉਣ ਲਈ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪ੍ਰੈਸ਼ਰ ਹਾਰਨ ਦੀ ਵਰਤੋਂ ਕਰਨ ਨਾਲ ਜਿੱਥੇ ਲੋਕਾਂ ਦਾ ਸੰਤੁਲਨ ਵਿਗੜ ਜਾਂਦਾ ਹੈ ਉੱਥੇ ਹੀ ਡਰਾਈਵਿੰਗ ਤੋਂ ਧਿਆਨ ਹਟਣ ਕਾਰਨ ਹਾਦਸਾ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਇਸ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਬੰਦ ਕਰਨੀ ਯਕੀਨੀ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ।
ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ., ਐਸ.ਡੀ.ਐਮਜ਼, ਰੀਜ਼ਨਲ ਟਰਾਂਸਪੋਰਟ ਅਥਾਰਟੀ ਅਤੇ ਜਨਰਲ ਮੈਨੇਜ਼ਰ ਪੀ.ਆਰ.ਟੀ.ਸੀ. ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਚੈਕਿੰਗ ਜਾਰੀ ਰੱਖਣ ਅਤੇ ਯਕੀਨੀ ਬਣਾਉਣ ਕਿ ਕੋਈ ਵੀ ਵਿਅਕਤੀ ਆਪਣੇ ਵਾਹਨ ’ਤੇ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰੇ। ਉਨ੍ਹਾਂ ਕਿਹਾ ਕਿ ਉਲੰਘਣਾਂ ਕਰਨ ਵਾਲੇ ਵਿਅਕਤੀਆਂ ਦੇ ਵਹੀਕਲਾਂ ਦੇ ਚਲਾਣ ਕੀਤੇ ਜਾਣ ਅਤੇ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਸਬੰਧੀ ਕੰਡਕਟਰਾਂ, ਡਰਾਇਵਰਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਨੇ ਆਪਣੇ ਵਹੀਕਲਾਂ ਤੇ ਪ੍ਰੈਸ਼ਰ ਹਾਰਨ ਲਗਵਾਏ ਹੋਏ ਹਨ ਉਹ ਉਨ੍ਹਾਂ ਨੂੰ ਉਤਾਰ ਦੇਣ ਅਤੇ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਨੂੰ ਤਰਜੀਹ ਦੇਣ, ਤਾਂ ਜੋ ਲੋਕਾਂ ਦੀ ਸੁਰੱਖਿਆ ਯਕੀਨੀ  ਬਣਾਈ ਜਾ ਸਕੇ ਅਤੇ ਕਿਸੇ ਪ੍ਰਕਾਰ ਦੇ ਹਾਦਸੇ ਤੋਂ ਬਚਾਅ ਰੱਖਿਆ ਜਾ ਸਕੇ।

NO COMMENTS