
ਚੰਡੀਗੜ੍ਹ/ਹੁਸ਼ਿਆਰਪੁਰ, 15 ਨਵੰਬਰ:(ਸਾਰਾ ਯਹਾਂ/ਬਿਊਰੋ ਨਿਊਜ਼):
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਚਲੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ ਜ਼ਮੀਨ ਤੋਂ ਅੱਜ ਨਾਜਾਇਜ਼ ਕਬਜ਼ਾ ਛੁਡਵਾਇਆ।
ਪਿੰਡ ਦੇ ਕਮਿਊਨਿਟੀ ਸੈਂਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਚਾਇਤ ਮੰਤਰੀ ਨੇ ਦੱਸਿਆ ਕਿ ਭੰਬੋਤਾੜ ਅਧੀਨ ਪੈਂਦੇ ਚਾਰ ਪਿੰਡਾਂ ਵਿੱਚ 252 ਏਕੜ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਸੀ ਅਤੇ 203 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਪਿੰਡਾਂ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਵੱਲੋਂ ਆਪਣੀ ਮਰਜ਼ੀ ਨਾਲ ਛੱਡਿਆ ਗਿਆ ਹੈ, ਜੋ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀ ਜ਼ਮੀਨ ’ਤੇ ਲੋਕਾਂ ਨੇ ਆਪਣੇ ਘਰ ਬਣਾ ਲਏ ਹਨ। ਇਸ ਸਬੰਧੀ ਨੀਤੀ ਬਣਾ ਕੇ ਜਲਦੀ ਹੀ ਕਬਜ਼ੇ ਛੁਡਵਾ ਲਏ ਜਾਣਗੇ ਅਤੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਜ਼ਮੀਨ ਕਬਜ਼ੇ ਤੋਂ ਮੁਕਤ ਕਰਵਾਈ ਗਈ ਹੈ, ਉਸ ’ਤੇ ਖੈਰ ਅਤੇ ਸਾਗਵਾਨ ਦੇ ਦਰੱਖਤ ਲੱਗੇ ਹੋਏ ਹਨ ਅਤੇ ਵੱਢਣਯੋਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਤੋਂ ਮਨਜ਼ੂਰੀ ਲੈ ਕੇ ਇਨ੍ਹਾਂ ਦੀ ਕਟਾਈ ਕਰਵਾਈ ਜਾਵੇਗੀ ਅਤੇ ਪੈਸੇ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਏ ਜਾਣਗੇ।
ਇਕ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਥਾਵਾਂ ‘ਤੇ ਕਰੀਬ 13 ਹਜ਼ਾਰ ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਕੇਸਾਂ ਦੇ ਨਿਪਟਾਰੇ ਸਬੰਧੀ ਵਕਾਲਤ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਸੂਬੇ ਦੀਆਂ ਹੋਰ ਜ਼ਮੀਨਾਂ ਨੂੰ ਵੀ ਜਲਦੀ ਹੀ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਕੰਮ ਕਰ ਰਹੇ ਵਿਭਾਗ ਦੇ ਸ਼ਾਮਲਾਟ ਸੈੱਲ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਧਾਇਕ ਦਸੂਹਾ ਸ. ਕਰਮਬੀਰ ਸਿੰਘ ਘੁੰਮਣ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ. ਜਗਵਿੰਦਰਜੀਤ ਸਿੰਘ ਸੰਧੂ, ਡਿਵੀਜ਼ਨਲ ਡਿਪਟੀ ਡਾਇਰੈਕਟਰ ਜਲੰਧਰ ਸ. ਅਮਰਦੀਪ ਸਿੰਘ ਗੁਜਰਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਬਲਰਾਜ ਸਿੰਘ, ਡੀ.ਡੀ.ਪੀ.ਓ ਸ. ਭੁਪਿੰਦਰ ਸਿੰਘ ਮੁਲਤਾਨੀ, ਬੀ.ਡੀ.ਪੀ.ਓ ਤਲਵਾੜਾ ਸ. ਸੁਖਪ੍ਰੀਤਪਾਲ ਸਿੰਘ ਵੀ ਹਾਜ਼ਰ ਸਨ।
