*ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਬਿਨਾਂ ਪ੍ਰੀਖਿਆਵਾਂ ਤੋਂ ਅਗਲੀ ਕਲਾਸਾਂ ‘ਚ ਪ੍ਰਮੋਟ ਹੋਣਗੇ-ਮੁੱਖ ਮੰਤਰੀ ਦਾ ਐਲਾਨ*

0
320

ਚੰਡੀਗੜ੍ਹ, 15 ਅਪ੍ਰੈਲ ( ਸਾਰਾ ਯਹਾਂ /ਮੁੱਖ ਸੰਪਾਦਕ) : ਕੋਵਿਡ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰੀਖਿਆਵਾਂ ਦੇ ਅਗਲੀਆਂ ਕਲਾਸਾਂ ਵਿੱਚ ਪ੍ਰਮੋਟ ਕਰਨ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ, ਜੋ ਪਹਿਲਾਂ ਹੀ ਮੁਲਤਵੀ ਹੋ ਚੁੱਕੀਆਂ ਹਨ, ਬਾਰੇ ਫੈਸਲਾ ਬਾਅਦ ਵਿਚ ਉਭਰ ਰਹੀ ਸਥਿਤੀ ਦੇ ਆਧਾਰ ਉਤੇ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਇਹ ਫੈਸਲੇ ਸਿਖਰਲੇ ਅਧਿਕਾਰੀਆਂ ਅਤੇ ਮੈਡੀਕਲ ਮਾਹਿਰਾਂ ਨਾਲ ਕੋਵਿਡ ਦਾ ਜਾਇਜ਼ਾ ਲੈਣ ਲਈ ਹੋਈ ਵਰਚੂਅਲ ਮੀਟਿੰਗ ਦੌਰਾਨ ਲਏ।
ਮੁੱਖ ਮੰਤਰੀ ਨੇ ਕਿਹਾ ਕਿ 30 ਅਪ੍ਰੈਲ ਤੱਕ ਸੂਬਾ ਸਰਕਾਰ ਨੇ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਸੀ, ਜਿਸ ਸਦਕਾ 11-20 ਸਾਲ ਉਮਰ ਵਰਗ ਵਿੱਚ ਪਾਜ਼ੇਟੀਵਿਟੀ ਦੀ ਦਰ ਹੇਠਾਂ ਲਿਆਉਣ ਦੇ ਨਾਲ-ਨਾਲ ਇਹ ਰਾਹਤ ਪ੍ਰੀਖਿਆਵਾਂ ਲਈ ਜਾਣ ਵਾਲੇ ਸਕੂਲੀ ਵਿਦਿਆਰਥੀਆਂ ਨੂੰ ਵੀ ਦੇਣ ਦੀ ਲੋੜ ਸੀ।
ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਹੁਕਮ ਦਿੱਤੇ ਕਿ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਲਈ ਪੰਜ ਵਿਸ਼ਿਆਂ ਵਿੱਚੋ 4 ਵਿਸ਼ਿਆਂ ਲਈ ਇਮਤਿਹਾਨ ਪਹਿਲਾਂ ਦੀ ਹੋ ਚੁੱਕੇ ਹਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਪੰਜਵੇਂ ਵਿਸ਼ੇ ਨੂੰ ਅਣਡਿੱਠ ਕਰਕੇ ਚਾਰ ਵਿਸ਼ਿਆਂ ਵਿੱਚ ਵਿਦਿਆਰਥੀਆਂ ਵੱਲੋਂ ਹਾਸਲ ਕੀਤੇ ਅੰਕਾਂ ਦੇ ਆਧਾਰ ਉਤੇ ਨਤੀਜੇ ਐਲਾਨ ਸਕਦਾ ਹੈ। ਇਸੇ ਤਰ੍ਹਾਂ ਅੱਠਵੀਂ ਅਤੇ ਦਸਵੀਂ ਜਮਾਤ ਲਈ ਪ੍ਰੀ-ਬੋਰਡ ਪ੍ਰੀਖਿਆਵਾਂ ਜਾਂ ਸਬੰਧਤ ਸਕੂਲਾਂ ਵੱਲੋਂ ਆਪਣੇ ਤੌਰ ਉਤੇ ਲਏ ਗਏ ਇਮਤਿਹਾਨਾਂ ਦੇ ਆਧਾਰ ਨਤੀਜਾ ਐਲਾਨਿਆ ਜਾ ਸਕਦਾ ਹੈ।
ਮੁੱਖ ਮੰਤਰੀ, ਜਿਨ੍ਹਾਂ ਨੇ ਇਸ ਸਬੰਧ ਵਿੱਚ ਕੇਂਦਰੀ ਸਿੱਖਿਆ ਮੰਤਰੀ ਨੂੰ ਇਸੇ ਹਫ਼ਤੇ ਪੱਤਰ ਲਿਖਿਆ ਸੀ, ਨੇ ਮਹਾਂਮਾਰੀ ਦੇ ਮੱਦੇਨਜ਼ਰ ਸੀ.ਬੀ.ਐਸ.ਈ. ਦੀਆਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਅਤੇ ਸੀ.ਬੀ.ਐਸ.ਈ. ਦੀਆਂ ਦਸਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਬਾਰੇ ਕੇਂਦਰ ਦੇ ਫੈਸਲੇ ਉਤੇ ਤਸੱਲੀ ਜ਼ਾਹਰ ਕੀਤੀ।
ਮੀਟਿੰਗ ਵਿੱਚ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਸਕੱਤਰ ਵਿਨੀ ਮਹਾਜਨ, ਡੀ.ਜੀ.ਪੀ. ਦਿਨਕਰ ਗੁਪਤਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here