ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ

0
56

ਚੰਡੀਗੜ੍ਹ, 30 ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ “ਘਰ-ਘਰ ਰੋਜ਼ਗਾਰ” ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਵਿੱਢੀ ਗਈ ਹੈ, ਜਿਸ ਅਧੀਨ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਰਾਹੀਂ ਵੱਖ ਵੱਖ ਵਿਭਾਗਾਂ ਵਿੱਚ 2,280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇਹ ਜਾਣਕਾਰੀ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਬੋਰਡ ਨੇ ਭਰਤੀ ਮੁਹਿੰਮ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਇਸ਼ਤਿਹਾਰ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ।
ਮੁੱਖ ਸਕੱਤਰ ਨੇ ਕਿਹਾ ਕਿ ਪੀ.ਐਸ.ਐਸ.ਐਸ.ਬੀ. ਨਿਰਪੱਖ ਅਤੇ ਪਾਰਦਰਸ਼ੀ ਭਰਤੀ ਮੁਹਿੰਮ ਨੂੰ ਯਕੀਨੀ ਬਣਾਏਗਾ ਅਤੇ ਬੋਰਡ ਵੱਲੋਂ ਵੀਡੀਓਗ੍ਰਾਫੀ, ਜੈਮਰ ਅਤੇ ਬਾਇਓਮੈਟ੍ਰਿਕ ਤਕਨਾਲੋਜੀ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਮੈਰਿਟ-ਆਧਾਰਤ ਚੋਣ ਨੂੰ ਯਕੀਨੀ ਬਣਾਉਂਦਿਆਂ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਜੇਲ੍ਹਾਂ ਵਿਭਾਗ ਵਿੱਚ ਵਾਰਡਨ ਅਤੇ ਮੈਟਰਨ ਦੀਆਂ 847 ਅਸਾਮੀਆਂ, ਲੋਕਾਂ ਲਈ ਤੇਜ਼ੀ ਨਾਲ ਇਨਸਾਫ਼ ਯਕੀਨੀ ਬਣਾਉਣ ਲਈ ਵੱਖ ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ 199 ਅਸਾਮੀਆਂ, ਸਿੱਖਿਆ ਵਿਭਾਗ ਵਿੱਚ 807 ਲਾਇਬ੍ਰੇਰੀਅਨ, ਉਦਯੋਗ ਅਤੇ ਵਣਜ ਵਿਭਾਗ ਵਿਚ 56 ਸੀਨੀਅਰ ਉਦਯੋਗਿਕ ਵਿਕਾਸ ਅਫਸਰ, 61 ਬਲਾਕ ਪੱਧਰੀ ਐਕਸਟੈਂਸ਼ਨ ਅਫ਼ਸਰ, 51 ਆਬਕਾਰੀ ਅਤੇ ਕਰ ਨਿਰੀਖਕ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਵਿੱਚ 120 ਤਕਨੀਕੀ ਸਹਾਇਕ, ਸਮਾਜਿਕ ਸੁਰੱਖਿਆ ਵਿਭਾਗ ਵਿਚ 112 ਸੁਪਰਵਾਈਜ਼ਰ ਅਤੇ 27 ਮੱਛੀ ਪਾਲਣ ਅਧਿਕਾਰੀਆਂ ਦੀਆਂ ਅਸਾਮੀਆਂ ਭਰਨ ਲਈ ਭਰਤੀ ਮੁਹਿੰਮ ਚਲਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗਣ ਲਈ ਬੋਰਡ ਵੱਲੋਂ ਜਲਦ ਹੀ ਇਸ਼ਤਿਹਾਰ ਜਾਰੀ ਕੀਤੇ ਜਾਣਗੇ।

————-

NO COMMENTS