
27,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ) ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਅੰਦਰ 14000 ਤੋਂ ਵੱਧ ਅਣਅਧਿਕਾਰਤ ਕਲੋਨੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਭ ਪਿਛਲੀਆਂ ਸਰਕਾਰਾਂ ਦਾ ਕੀਤਾ-ਧਰਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਨਵੀਂ ਯੋਜਨਾਬੱਧ ਟਾਊਨਸ਼ਿਪ ਲਿਆਉਣ ਪ੍ਰਤੀ ਪਿਛਲੀਆਂ ਸਰਕਾਰਾਂ ਦੀ ਮਾੜੀ ਪਹੁੰਚ ਹੀ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਗ਼ੈਰਕਾਨੂੰਨੀ ਕਲੋਨੀਆਂ ਤੇ ਬੇਤਰਤੀਬੇ ਵਿਕਾਸ ਦਾ ਮੁੱਖ ਕਾਰਨ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਕਾਰਨ ਸੂਬੇ ਵਿੱਚ 14 ਹਜ਼ਾਰ ਤੋਂ ਵੀ ਵੱਧ ਅਣਅਧਿਕਾਰਤ ਕਲੋਨੀਆਂ ਵਧ ਗਈਆਂ। ਇਸ ਮੁੱਦੇ ਨਾਲ ਜਲਦੀ ਹੀ ਨਜਿੱਠ ਲਿਆ ਜਾਵੇਗਾ।
ਉਨ੍ਹਾਂ ਸ਼ਹਿਰੀ ਰਿਹਾਇਸ਼ੀ ਖੇਤਰਾਂ ’ਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ, ਸ਼ਹਿਰੀ ਵਿਕਾਸ ਯੋਜਨਾਬੱਧ ਢੰਗ ਨਾਲ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਲੋਕ ਸ਼ਹਿਰਾਂ ਦੀ ਹਾਲਤ ਵਿੱਚ ਜਬਰਦਸਤ ਸੁਧਾਰ ਦੇਖਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਯੂਐਨ ਪ੍ਰਤੀ ਵਚਨਬੱਧਤਾ ਨੂੰ ਪੂਰਾ ਕਰਦਿਆਂ, ਪੰਜਾਬ ਜਲਦੀ ਹੀ ਨਵਿਆਉਣਯੋਗ ਊਰਜਾ ਵਿੱਚ ਪਹਿਲੇ ਨੰਬਰ ’ਤੇ ਆ ਜਾਵੇਗਾ।
