*ਪੰਜਾਬ ਕਾਂਗਰਸ ਦੇ ਸੰਸਦਾਂ ਨੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੀ ਵਾਪਸੀ ਸਬੰਧੀ ਕੀਤੀ ਅਹਿਮ ਮੀਟਿੰਗ*

0
8

ਨਵੀਂ ਦਿੱਲੀ/ਚੰਡੀਗੜ੍ਹ  02,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਯੂਕਰੇਨ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਲਈ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਸੱਦੀ। ਪੰਜਾਬ ਦੇ ਸੰਸਦ ਮੈਂਬਰਾਂ ਨੇ ਯੂਕਰੇਨ ਵਿੱਚ ਫਸੇ ਬੱਚਿਆਂ ਦੀ ਸੁਰੱਖਿਅਤ ਵਾਪਸੀ ਲਈ ਮੀਟਿੰਗ ਕੀਤੀ। ਸੰਸਦ ਮੈਂਬਰਾਂ ਨੇ ਆਪਣਾ ਪੱਖ ਸਰਕਾਰ ਤੱਕ ਪਹੁੰਚਾਉਣ ਲਈ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਦੀ ਮੰਗ ਕੀਤੀ।

ਦੱਸ ਦਈਏ ਕਿ ਇਸ ਮੀਟਿੰਗ ‘ਚ ਪੰਜਾਬ ਦੇ ਸੰਸਦ ਮੈਂਬਰਾਂ ਗੁਰਜੀਤ ਔਜਲਾ, ਜਸਬੀਰ ਗਿੱਲ, ਮਨੀਸ਼ ਤਿਵਾੜੀ, ਅਮਰ ਸਿੰਘ, ਰਵਨੀਤ ਬਿੱਟੂ ਅਤੇ ਸੰਤੋਖ ਚੌਧਰੀ ਹਾਜ਼ਰ ਰਹੇ। ਮੀਟਿੰਗ ਤੋਂ ਬਾਅਦ ਕਾਂਗਰਸੀ ਸੰਸਦ ਮੈਂਬਰਾਂ ਨੇ ਕਿਹਾ ਕਿ ਯੂਕਰੇਨ ਯੁੱਧ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੀ ਵਾਪਸੀ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲੇ ਦੀ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਨੇ ਵੀ ਇਸ ਸਬੰਧੀ ਮੰਤਰਾਲੇ ਨਾਲ ਜਾਣਕਾਰੀ ਸਾਂਝੀ ਕੀਤੀ ਹੈ। ਭਾਰਤੀ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਉਥੋਂ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਸਰਕਾਰ ‘ਤੇ ਸਵਾਲ ਜਾਂ ਗੱਲਾਂ ਕਰਨ ਦਾ ਨਹੀਂ ਹੈ।

ਕਾਂਗਰਸ ਸੰਸਦ ਮਨੀਸ਼ ਤਿਵਾੜੀ ਨੇ ਕਿਹਾ ਕਿ ਅਸੀਂ ਮੋਦੀ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਭਾਰਤ ਸਰਕਾਰ ਯੂਕਰੇਨ ਦੀ ਪੂਰਬੀ ਸਰਹੱਦ ‘ਤੇ ਫਸੇ ਵਿਦਿਆਰਥੀਆਂ ਦੀ ਵਾਪਸੀ ਲਈ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਗੱਲ ਕਰੇ। ਇੱਕ ਵਿਦਿਆਰਥੀ ਦੀ ਮੌਤ ਦੁਖਦਾਈ ਹੈ, ਸਰਕਾਰ ਨੇ ਆਪਣੇ ਚਾਰ ਮੰਤਰੀ ਭੇਜੇ ਹਨ, ਉਮੀਦ ਹੈ ਕਿ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇਗਾ। ਉਧਰ ਇਸ ‘ਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕਿਹਾ ਕਿ ਸਰਕਾਰ ਇਸ ਮਾਮਲੇ ‘ਤੇ ਲੇਟ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸੂਬੇ ਦੇ 991 ਲੋਕ ਯੂਕਰੇਨ ਵਿੱਚ ਹਨ। ਜਿਨ੍ਹਾਂ ‘ਚ 500 ਤੋਂ ਵੱਧ ਵਿਦਿਆਰਥੀ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਵਿਦੇਸ਼ ਮੰਤਰਾਲੇ ਨੂੰ ਉੱਥੇ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਵੀ ਲਿਖਿਆ ਹੈ। ਚਰਨਜੀਤ ਸਿੰਘ ਚੰਨੀ ਨੇ ਆਪਣੇ ਪੱਤਰ ਵਿੱਚ ਲਿਖਿਆ, “ਪੰਜਾਬ ਸਰਕਾਰ ਉੱਥੇ ਮੌਜੂਦ ਭਾਰਤੀ ਮੂਲ ਦੇ ਵਿਦਿਆਰਥੀਆਂ ਅਤੇ ਹੋਰਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਅਸੀਂ ਉਨ੍ਹਾਂ ਦੀ ਵਾਪਸੀ ਲਈ ਕੇਂਦਰ ਸਰਕਾਰ ਦੇ ਦਖਲ ਦੀ ਮੰਗ ਕੀਤੀ ਹੈ।

ਹਾਲਾਂਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀ ਮਦਦ ਲਈ ਹੈਲਪਲਾਈਨ ਜਾਰੀ ਕੀਤੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ 500 ਤੋਂ ਵੱਧ ਵਿਦਿਆਰਥੀਆਂ ਦਾ ਪੂਰਾ ਡਾਟਾ ਇਕੱਠਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਨ੍ਹਾਂ ਵਿਦਿਆਰਥੀਆਂ ਦੀ ਸੂਚੀ ਕੇਂਦਰ ਸਰਕਾਰ ਨੂੰ ਮੁਹੱਈਆ ਕਰਵਾਈ ਗਈ ਹੈ।

LEAVE A REPLY

Please enter your comment!
Please enter your name here