
ਚੰਡੀਗੜ੍ਹ, 11 ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਈ.ਡਬਲਿਊ.ਐਸ. ਹਾਊਸਿੰਗ ਪਾਲਿਸੀ ਤਹਿਤ ਸੂਬੇ ਭਰ ਵਿੱਚ ਪੜਾਅਵਾਰ 25,000 ਮਕਾਨਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਪਹਿਲੇ ਪੜਾਅ ਤਹਿਤ ਤਕਰੀਬਨ 15000 ਮਕਾਨ ਉਸਾਰੇ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਦਿੱਤੀ।
ਐਸ.ਏ.ਐਸ. ਨਗਰ (ਮੋਹਾਲੀ) ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਥਾਵਾਂ ‘ਤੇ ਇਨ੍ਹਾਂ ਮਕਾਨਾਂ ਦਾ ਨਿਰਮਾਣ ਕੀਤਾ ਜਾਣਾ ਹੈ, ਉਨ੍ਹਾਂ ਦੀ ਸ਼ਨਾਖ਼ਤ ਸਾਰੀਆਂ ਵਿਸ਼ੇਸ਼ ਸ਼ਹਿਰੀ ਵਿਕਾਸ ਅਥਾਰਟੀਆਂ (ਗਮਾਡਾ, ਗਲਾਡਾ, ਪੀ.ਡੀ.ਏ, ਬੀ.ਡੀ.ਏ, ਜੇ.ਡੀ.ਏ ਅਤੇ ਏ.ਡੀ.ਏ) ਨੇ ਕਰ ਲਈ ਹੈ ਅਤੇ ਇਸ ਸਬੰਧੀ ਟੈਂਡਰ ਜਾਰੀ ਕਰਨ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ 14 ਹਜ਼ਾਰ ਤੋਂ ਵੱਧ ਅਣ-ਅਧਿਕਾਰਤ ਕਾਲੋਨੀਆਂ ਬਣ ਗਈਆਂ ਹਨ ਅਤੇ ਈ.ਡਬਲਿਊ.ਐਸ. ਹਾਊਸਿੰਗ ਨੂੰ ਅਣਗੌਲਿਆ ਕੀਤਾ ਗਿਆ ਹੈ।
