
ਚੰਡੀਗੜ੍ਹ 30,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਨੂੰ ਝਟਕਾ ਦਿੰਦੇ ਹੋਏ ਪਾਰਟੀ ਦੇ ਇੱਕ ਸੀਨੀਅਰ ਲੀਡਰ ਨੇ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂਲਈ ਕਾਂਗਰਸ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕਰੇਗੀ। ਦਰਅਸਲ, ਪੰਜਾਬ ਕਾਂਗਰਸ ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਪਾਰਟੀ “ਸਾਂਝੀ ਅਗਵਾਈ” ਵਿੱਚ ਚੋਣਾਂ ਲੜੇਗੀ।
ਇਸ ਦਾ ਉਦੇਸ਼ ਸੂਬੇ ਵਿੱਚ ਜਾਤੀ ਸਮੀਕਰਨਾਂ ਨੂੰ ਸੰਤੁਲਿਤ ਕਰਨਾ ਤੇ ਪਾਰਟੀ ਅੰਦਰਲੀ ਲੜਾਈ ਨੂੰ ਰੋਕਣਾ ਹੈ। ਪੰਜਾਬ ਵਿੱਚ ਪਾਰਟੀ ਦੇ ਪ੍ਰਮੁੱਖ ਚਿਹਰੇ ਵੱਖ-ਵੱਖ ਭਾਈਚਾਰਿਆਂ ਤੋਂ ਆਉਂਦੇ ਹਨ, ਜਿਨ੍ਹਾਂ ਦਾ ਉਦੇਸ਼ ਸਾਰੇ ਸਮੂਹਾਂ ਦੇ ਵੋਟ ਬੈਂਕ ਇੱਕਜੁੱਟ ਕਰਨਾ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਲਿਤ ਭਾਈਚਾਰੇ ਤੋਂ ਆਉਂਦੇ ਹਨ, ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਜੱਟ ਸਿੱਖ ਹਨ, ਚੋਣ ਪ੍ਰਚਾਰ ਕਮੇਟੀ ਦੇ ਮੁਖੀ ਸੁਨੀਲ ਜਾਖੜ ਹਿੰਦੂ ਜਾਟ ਹਨ ਤੇ ਦੋ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜੱਟ ਸਿੱਖ ਹਨ ਤੇ ਓਪੀ ਸੋਨੀ ਹਿੰਦੂ ਭਾਈਚਾਰੇ ਤੋਂ ਆਉਂਦੇ ਹਨ। ਸਭ ਤੋਂ ਪੁਰਾਣੀ ਪਾਰਟੀ ਸਾਰੀਆਂ ਜਾਤਾਂ ਤੇ ਭਾਈਚਾਰਿਆਂ ਵਿਚਕਾਰ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕਰਦੀ ਨਜ਼ਰ ਆ ਰਹੀ ਹੈ।
ਇਸ ਸਾਲ ਦੇ ਸ਼ੁਰੂ ‘ਚ ਪੰਜਾਬ ਕਾਂਗਰਸ ਦੇ ਆਗੂਆਂ ਦੇ ਖੁੱਲ੍ਹੇ ਵਿਰੋਧ ਕਾਰਨ ਪਾਰਟੀ ਟੁੱਟਣ ਦੇ ਕੰਢੇ ‘ਤੇ ਸੀ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪਾਰਟੀ ਅੰਦਰਲਾ ਕਲੇਸ਼ ਖ਼ਤਮ ਹੋ ਗਿਆ ਤੇ ਸੂਬੇ ਨੂੰ ਪਹਿਲਾ ਦਲਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਿਲਿਆ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਸਮੇਂ-ਸਮੇਂ ‘ਤੇ ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਨਜ਼ਰ ਆ ਰਹੇ ਹਨ। ਉਹ ਅਕਸਰ ਜਨਤਕ ਤੌਰ ‘ਤੇ ਆਪਣੀ ਪਾਰਟੀ ਤੇ ਸਰਕਾਰ ਵਿਰੁੱਧ ਖੁੱਲ੍ਹ ਕੇ ਬੋਲਦੇ ਨਜ਼ਰ ਆਉਂਦੇ ਹਨ।
ਇਸ ਦੇ ਨਾਲ ਹੀ ਬੁੱਧਵਾਰ ਸਵੇਰੇ ਹੀ ਸਿੱਧੂ ਨੇ ਮੰਗ ਕੀਤੀ ਸੀ ਕਿ ਕਾਂਗਰਸ ਆਉਣ ਵਾਲੀਆਂ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰੇ। ਇੱਕ ਇੰਟਰਵਿਊ ਵਿੱਚ ਉਨ੍ਹਾਂ ਨੇ ਤੰਨਜ ਕਰਦਿਆਂ ਕਿਹਾ, “ਲਾੜੇ ਤੋਂ ਬਿਨਾਂ ਬਰਾਤ ਕੀ ਹੈ।”
