ਫਗਵਾੜਾ 24 ਨਵੰਬਰ (ਸਾਰਾ ਯਹਾਂ/ਸ਼ਿਵ ਕੋੜਾ) ਸੁਲਤਾਨਪੁਰ ਲੋਧੀ ’ਚ ਭਾਰਤੀ ਜਨਤਾ ਯੁਵਾ ਮੋਰਚਾ ਦੇ ਮੰਡਲ ਪ੍ਰਧਾਨ ਹਨੀ ਕੁਮਾਰ ਦੇ ਕਤਲ ਨੂੰ ਲੈ ਕੇ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਜਿਲ੍ਹਾ ਕਪੂਰਥਲਾ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਆਸ਼ੂ ਪੁਰੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕਈ ਸਵਾਲ ਖੜੇ ਕੀਤੇ ਹਨ। ਹਨੀ ਕੁਮਾਰ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਮੌਕੇ ਉਹਨਾਂ ਨੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਸੰਨੀ ਬੈਂਸ ਜ਼ਿਲ੍ਹਾ ਪ੍ਰਧਾਨ ਭਾਜਯੁਮੋ ਦੀ ਮੋਜੂਦਗੀ ਵਿਚ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਉਹਨਾਂ ਮੰਡਲ ਪ੍ਰਧਾਨ ਹਨੀ ਕੁਮਾਰ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਨੀ ਕੁਮਾਰ ਦੇ ਸਰੇਆਮ ਕਤਲ ਦੀ ਸਖ਼ਤ ਨਿਖੇਧੀ ਕਰਦੀ ਹੈ। ਨਾਲ ਹੀ ਪੀੜ੍ਹਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਐਡਵੋਕੇਟ ਐਨ.ਕੇ. ਵਰਮਾ ਕਨਵੀਨਰ ਲੀਗਲ ਸੈੱਲ ਪੰਜਾਬ ਦੀ ਅਗਵਾਈ ‘ਚ ਪਰਿਵਾਰ ਨੂੰ ਇਨਸਾਫ ਲਈ ਹਰ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਆਸ਼ੂ ਪੁਰੀ ਨੇ ਕਿਹਾ ਕਿ ਪੰਜਾਬ ‘ਚ ਵਿਗੜਦੀ ਕਾਨੂੰਨ ਵਿਵਸਥਾ ਅਤੇ ਲਗਾਤਾਰ ਹੋ ਰਹੀਆਂ ਕਤਲ, ਚੋਰੀ, ਡਕੈਤੀ ਤੇ ਫਿਰੌਤੀ ਆਦਿ ਦੀਆਂ ਘਟਨਾਵਾਂ ਭਗਵੰਤ ਮਾਨ ਸਰਕਾਰ ਦੀ ਕਾਨੂੰਨ ਵਿਵਸਥਾ ’ਤੇ ਕਾਲਾ ਧੱਬਾ ਹੈ। ਭਗਵੰਤ ਮਾਨ ਸਰਕਾਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਵਿਚ ਪੂਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ। ਲੋਕ ਆਮ ਆਦਮੀ ਪਾਰਟੀ ਸਰਕਾਰ ਦਾ ਸੰਤਾਪ ਝੱਲਣ ਲਈ ਮਜਬੂਰ ਹਨ।