*ਪੰਜਾਬ ‘ਚ ਕੇਂਦਰ ਸਰਕਾਰ ਦਾ ਨਵਾਂ ਪੈਂਤੜਾ, ‘ਆਪ’ ਦੀ ਸਰਕਾਰ ਬਣਨ ਮਗਰੋਂ ਰਾਜਪਾਲ ਦਾ ਐਕਸ਼ਨ ਮੋਡ, 6 ਜ਼ਿਲ੍ਹਿਆਂ ਦਾ ਕਰਨਗੇ ਦੌਰਾ*

0
140

 31,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਬੀਜੇਪੀ ਹੁਣ ਗਵਰਨਰ ਬਨਵਾਰੀ ਲਾਲ ਪੁਰੋਹਿਤ ਰਾਹੀਂ ਸਿਆਸੀ ਐਂਟਰੀ ਮਾਰਨ ਜਾ ਰਹੀ ਹੈ। ਇਸ ਨਾਲ ਪੰਜਾਬ ਤੇ ਕੇਂਦਰ ਸਰਕਾਰ ਵਿਚਾਲੇ ਤਣਾਅ ਹੋਰ ਵਧ ਸਕਦਾ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਰਾਜਪਾਲ ਅਪ੍ਰੈਲ ਮਹੀਨੇ ਵਿੱਚ 6 ਜ਼ਿਲ੍ਹਿਆਂ ਵਿੱਚ ਜਨ ਸੰਪਰਕ ਕਰਨਗੇ। ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਰਾਜਪਾਲ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਦਰਅਸਲ ਪੰਜਾਬ ਦੀ ਨਵੀਂ ‘ਆਪ’ ਸਰਕਾਰ ਐਕਸ਼ਨ ‘ਚ ਹੈ। ਨਿੱਤ ਨਵੇਂ ਫੈਸਲੇ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਮੀਡੀਆ ਦਾ ਧਿਆਨ ਆਪਣੇ ਵੱਲ ਖਿੱਚ ਰਹੇ ਹਨ। ਉੱਥੇ ਹੀ ਹੁਣ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ। ਉਹ ਅਪ੍ਰੈਲ ਵਿੱਚ 6 ਜ਼ਿਲ੍ਹਿਆਂ ਵਿੱਚ ਜਨ ਸੰਪਰਕ ਕਰਨਗੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ 6 ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ ਤੇ ਫਾਜ਼ਿਲਕਾ ਵਿੱਚ ਜਨ ਸੰਪਰਕ ਕਰਕੇ ਲੋਕਾਂ ਤੇ ਬੀਐਸਐਫ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ ਕਰਨਗੇ।

ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਰਾਜਪਾਲ ਦੀ ਇਸ ਫੇਰੀ ਕਾਰਨ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਇਲਜ਼ਾਮ ਲਾ ਰਹੀਆਂ ਹਨ ਕਿ ਕੇਂਦਰ ਸਰਕਾਰ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਹੈ। ਪਹਿਲਾਂ ਪੰਜਾਬ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੇ ਇੰਜਨੀਅਰਾਂ ਦੀ ਨੁਮਾਇੰਦਗੀ ਖੋਹੀ ਗਈ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਯੂਟੀ ਕੇਡਰ ਦੇ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਮੁਲਾਜ਼ਮਾਂ ਉੱਪਰ ਕੇਂਦਰੀ ਸੇਵਾ ਦੇ ਨਿਯਮ ਲਾਗੂ ਕਰ ਦਿੱਤੇ ਗਏ।

ਸਿਆਸੀ ਪਾਰਟੀਆਂ ਦੇ ਕਹਿਣਾ ਹੈ ਕਿ ਹੁਣ ਰਾਜਪਾਲ ਵੱਲੋਂ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿਸ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਸੰਵਿਧਾਨਕ ਹੱਕਾਂ ’ਤੇ ਕੈਂਚੀ ਚਲਾ ਰਹੀ ਹੈ। ਇਸ ਦੌਰੇ ਦਾ ਫੈਸਲਾ ਰਾਜਪਾਲ ਨੇ 26 ਮਾਰਚ ਨੂੰ ਹੀ ਲਿਆ ਸੀ ਤੇ ਦੌਰੇ ਦੀ ਤਰੀਕ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਰਾਜਪਾਲ ਨੇ ਡੀਜੀਪੀ ਵੀਕੇ ਭਾਵਰਾ ਤੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨਾਲ ਸਾਂਝੀ ਮੀਟਿੰਗ ਕੀਤੀ ਸੀ।

ਖਬਰਾਂ ਦੀ ਮੰਨੀਏ ਤਾਂ ਰਾਜਪਾਲ ਜ਼ਮੀਨੀ ਹਕੀਕਤ ਜਾਣਨ ਲਈ 6 ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਆਮ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣਨਗੇ ਤੇ ਉਹ ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ ਦੇ ਲੋਕਾਂ ਤੋਂ ਜਾਣਗੇ ਕਿ ਗ੍ਰਹਿ ਮੰਤਰਾਲੇ ਵੱਲੋਂ ਬੀਐਸਐਫ ਦਾ ਘੇਰਾ ਵਧਾ ਕੇ 50 ਕਿਲੋਮੀਟਰ ਕਰਨ ਤੋਂ ਬਾਅਦ ਇਨ੍ਹਾਂ ਪਿੰਡਾਂ ਨੂੰ ਕੀ ਫਾਇਦਾ ਹੋਇਆ ਹੈ ਤੇ ਕਿਹੜੀਆਂ ਸਮੱਸਿਆਵਾਂ ਵਧੀਆਂ ਹਨ। 

LEAVE A REPLY

Please enter your comment!
Please enter your name here