
ਚੰਡੀਗੜ੍ਹ 03 ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਕਾਂਗਰਸੀ ਦੇ ਸਾਬਕਾ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਇਸ਼ਾਰਾ ਕੀਤਾ ਹੈ ਕਿ ਪੰਜਾਬ ਵਿੱਚ ਰਾਸ਼ਟਰਪਤੀ ਸਾਸ਼ਨ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਤਾਜ਼ਾ ਟਵੀਟ ਵਿੱਚ ਨਵਜੋਤ ਸਿੱਧੂ ਨੇ ਕਿਹਾ ਹੈ ਕਿ ਸਰਕਾਰ ਰਿਲਾਇੰਸ ਦੇ ਵਪਾਰਕ ਹਿੱਤ ਬਚਾਉਣ ਤੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਉਣ ਦਾ ਬਹਾਨਾ ਲੱਭ ਰਹੀ ਹੈ।
ਉਨ੍ਹਾਂ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਠੀਕ ਹੈ ਪਰ ਦਿੱਲੀ ਦੇ ਬਾਰਡਰਾਂ ‘ਤੇ ਅੰਦੋਲਨਕਾਰੀ ਕਿਸਾਨਾਂ ਦੀ ਜਾ ਰਹੀ ਜਾਨ ਸਰਕਾਰ ਦੀ ਮੁੱਖ ਚਿੰਤਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ ਤੇ ਉਨ੍ਹਾਂ ਦੀ ਜਮਹੂਰੀ ਆਵਾਜ਼ ਨੂੰ ਦੇਸ਼ ਵਿਰੋਧੀ ਗਰਦਾਨ ਕੇ ਕਾਰਪੋਰੇਟਾਂ ਦੇ ਹਿਤਾਂ ਦੀ ਰਾਖੀ ਲਈ ਸੂਬੇ ਵਿਚ ਰਾਸ਼ਟਰਪਤੀ ਰਾਜ ਵੱਲ ਵਧ ਰਹੀ ਹੈ।
ਦੱਸ ਦਈਏ ਕਿ ਕਿਸਾਨਾਂ ਨੂੰ ਦਿੱਲੀ ਦੇ ਬਾਰਡਰ ‘ਤੇ ਸੰਘਰਸ਼ ਕਰਦਿਆਂ ਸਵਾ ਮਹੀਨੇ ਤੋਂ ਜ਼ਿਆਦਾ ਸਮਾਂ ਬੀਤ ਚੁੱਕਿਆ ਹੈ। ਕੜਾਕੇ ਦੀ ਸਰਦੀ ਵਿੱਚ ਜਾਰੀ ਮੋਰਚੇ ਦੌਰਾਨ 50 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿੱਚ ਬੀਜੇਪੀ ਲੀਡਰਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਅਜਿਹੇ ਵਿੱਚ ਬੀਜੇਪੀ ਨੇ ਰਾਜਪਾਲ ਕੋਲ ਪਹੁੰਚ ਕਰਕੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਦੀ ਹਾਲਤ ਬੇਹੱਦ ਖਰਾਬ ਹੈ।
