ਪੰਜਾਬ ‘ਚ ਰੇਲ ਆਵਾਜਾਈ ‘ਤੇ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

0
167

ਚੰਡੀਗੜ੍ਹ ,04 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ਦੀਆਂ 30 ਸੰਘਰਸਸ਼ੀਲ ਕਿਸਾਨ ਜਥੇਬੰਦੀਆਂ ਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਕਿਸਾਨ ਭਵਨ ਵਿੱਚ ਸਾਂਝੀ-ਮੀਟਿੰਗ ਹੋਈ। ਇਸ ਦੌਰਾਨ ਅਹਿਮ ਫੈਸਲਾ ਲਿਆ ਗਿਆ। ਕਿਸਾਨ ਜਥੇਬੰਦੀਆਂ ਨੇ 20 ਨਵੰਬਰ ਤੱਕ ਮਾਲ ਗੱਡੀਆਂ ਨੂੰ ਨਾ ਰੋਕਣ ਦਾ ਫੈਸਲਾ ਕੀਤਾ ਹੈ।

ਮੀਟਿੰਗ ਵਿੱਚ ਇਹ ਵੀ ਤੈਅ ਹੋਇਆ ਕਿ ਰੇਲਵੇ-ਸਟੇਸ਼ਨਾਂ, ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਲ ਰਹੇ ਧਰਨੇ ਜਾਰੀ ਰਹਿਣਗੇ। ਭਾਜਪਾ ਆਗੂਆਂ ਦਾ ਘਿਰਾਓ ਵੀ ਜਾਰੀ ਰਹੇਗਾ। ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਮੀਟਿੰਗ-ਦੌਰਾਨ ਅੱਜ 5 ਨਵੰਬਰ ਦੇ ਦੇਸ਼-ਪੱਧਰੀ ਚੱਕਾ-ਜਾਮ ਨੂੰ ਸੂਬੇ ਭਰ ‘ਚ ਸਫ਼ਲ ਬਣਾਉਣ ਅਤੇ 26-27 ਨਵੰਬਰ ਨੂੰ ਦਿੱਲੀ ਵਿਖੇ ਦੇਸ਼-ਪੱਧਰੀ ਇਕੱਠ ਲਈ ਵਿਉਂਤਬੰਦੀ ਕੀਤੀ ਗਈ ਹੈ।

ਮੀਟਿੰਗ ਦੌਰਾਨ ਭਾਜਪਾ ਦੇ ਪੰਜਾਬ ਕਿਸਾਨ ਸੈੱਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਵਾਲ਼ੇ ਤਰਲੋਚਨ ਸਿੰਘ ਗਿੱਲ ਨੇ ਪਹੁੰਚ ਕੇ ਕਿਸਾਨ-ਜਥੇਬੰਦੀਆਂ ਨਾਲ ਇੱਕਜੁੱਟਤਾ ਪ੍ਰਗਟਾਈ।

ਸਾਬਕਾ ਸੈਨਿਕਾਂ ਵੱਲੋਂ ਵੀ ਕਿਸਾਨ-ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਆਨਰੇਰੀ ਰਿਟਾਇਰਡ ਕਰਨਲ ਕੁਲਦੀਪ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੇ ਕਿਸਾਨ-ਜਥੇਬੰਦੀਆਂ ਦੀ ਮੀਟਿੰਗ ‘ਚ ਪਹੁੰਚ ਕੇ ਸੰਘਰਸ਼ ਦੇ ਸਮਰਥਨ ਦਾ ਐਲਾਨ ਕੀਤਾ।

ਦੱਸ ਦੇਈਏ ਕਿ ਕੇਂਦਰੀ ਰੇਲ ਮੰਤਰਾਲੇ ਵੱਲੋਂ ਕਿਸਾਨ ਅੰਦੋਲਨ ਨੂੰ ਵੇਖਦੇ ਹੋਏ ਅਗਲੇ ਹੁਕਮਾਂ ਤੱਕ ਪੰਜਾਬ ਲਈ ਮਾਲ ਗੱਡੀਆਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ। ਜਿਸ ਦੇ ਸਿੱਟੇ ਵਜੋਂ ਜੰਮੂ ਕਸ਼ਮੀਰ ਨੂੰ ਤੇਲ ਉਤਪਾਦ ਦੀ ਸਪਲਾਈ ਸੜਕ ਰਸਤੇ ਕਰ ਦਿੱਤੀ ਗਈ ਹੈ। ਉਧਰ ਪੰਜਾਬ ਵਿੱਚ ਵੀ ਮਾਲ ਗੱਡੀਆਂ ਬੰਦ ਹੋਣ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ।ਥਰਮਲ ਪਾਵਰ ਪਲਾਂਟਾਂ ਵਿੱਚ ਕੋਲੇ ਦੇ ਭੰਡਾਰ ਮੁੱਕ ਚੁੱਕੇ ਹਨ। ਖਾਦ ਦੀ ਸਪਲਾਈ ਨੂੰ ਲੈ ਕੇ ਵੀ ਕਿਸਾਨਾਂ ਦੇ ਫ਼ਿਕਰ ਵਧ ਗਏ ਹਨ।ਹੁਣ ਕਿਸਾਨ ਜਥੇਬੰਦੀਆਂ ਦੇ ਇਸ ਐਲਾਨ ਨਾਲ ਪੰਜਾਬ ਅੰਦਰ ਰੇਲ ਆਵਾਜਾਈ ਮੁੜ ਸ਼ੁਰੂ ਹੋ ਜਾਏਗੀ।

NO COMMENTS