ਚੰਡੀਗੜ੍ਹ, 20 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) :
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਸ਼ੁਰੂ ਕੀਤੀ ਗਈ ਕਿਫ਼ਾਇਤੀ ਵਾਲਵੋ ਬੱਸ ਸੇਵਾ ਦਾ ਹੁਣ ਤੱਕ 72,378 ਹਜ਼ਾਰ ਸਵਾਰੀਆਂ ਲਾਹਾ ਲੈ ਚੁੱਕੀਆਂ ਹਨ ਜਿਸ ਤੋਂ ਸੂਬਾ ਸਰਕਾਰ ਨੂੰ ਲਗਭਗ 13.89 ਕਰੋੜ ਰੁਪਏ ਦੀ ਆਮਦਨ ਹੋਈ ਹੈ।
ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 15 ਜੂਨ ਨੂੰ ਪੰਜਾਬ ਤੋਂ ਬੱਸ ਸੇਵਾ ਦਾ ਉਦਘਾਟਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸੀ। ਉਦੋਂ ਤੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ 25 ਵਾਲਵੋ ਬੱਸਾਂ ਰੋਜ਼ਾਨਾ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚੱਲ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ 15 ਜੂਨ ਤੋਂ 30 ਨਵੰਬਰ ਤੱਕ ਪੀ.ਆਰ.ਟੀ.ਸੀ. ਦੀਆਂ ਵਾਲਵੋ ਬੱਸਾਂ ਵਿੱਚ 24,302 ਸਵਾਰੀਆਂ ਨੇ ਸਫ਼ਰ ਦਾ ਅਨੰਦ ਲਿਆ ਜਦਕਿ ਪੰਜਾਬ ਰੋਡਵੇਜ਼/ਪਨਬੱਸ ਦੀਆਂ ਵਾਲਵੋ ਬੱਸਾਂ ਵਿੱਚ 48,076 ਯਾਤਰੀਆਂ ਨੇ ਸਫ਼ਰ ਕੀਤਾ। ਇਸ ਅਰਸੇ ਦੌਰਾਨ ਇਸ ਰੂਟ ‘ਤੇ ਸਰਕਾਰ ਨੇ 13.89 ਕਰੋੜ ਰੁਪਏ ਦੀ ਆਮਦਨ ਜੁਟਾਈ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਨੂੰ 2 ਕਰੋੜ 64 ਲੱਖ 26 ਹਜ਼ਾਰ 775 ਰੁਪਏ ਦੀ ਆਮਦਨ ਹੋਈ ਅਤੇ ਪੰਜਾਬ ਰੋਡਵੇਜ਼/ਪਨਬੱਸ ਨੇ 11 ਕਰੋੜ 24 ਲੱਖ 85 ਹਜ਼ਾਰ 155 ਰੁਪਏ ਕਮਾਏ।
ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਕੀਮਤਾਂ ‘ਤੇ ਆਰਾਮਦਾਇਕ ਅਤੇ ਆਲੀਸ਼ਾਨ ਯਾਤਰਾ ਦੀ ਸਹੂਲਤ ਮਿਲ ਰਹੀ ਹੈ। ਇਨ੍ਹਾਂ ਵਾਲਵੋ ਬੱਸਾਂ ਨੇ ਨਿੱਜੀ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਬਿਲਕੁਲ ਖ਼ਤਮ ਕਰ ਦਿੱਤੀ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਦਹਾਕਿਆਂ ਤੋਂ ਇਸ ਰੂਟ ‘ਤੇ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਹੀ ਆਪਣੀਆਂ ਬੱਸਾਂ ਚਲਾਈਆਂ ਜਾ ਰਹੀਆਂ ਸਨ, ਜੋ ਵੱਧ ਕਿਰਾਇਆ ਵਸੂਲ ਕੇ ਲੋਕਾਂ ਦਾ ਨਿਰੰਤਰ ਸ਼ੋਸ਼ਣ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਨੂੰ ਏਅਰਪੋਰਟ ਲਈ ਨਾ ਚਲਾਉਣ ਵਾਸਤੇ ਬੀਤੇ ਸਮੇਂ ਦੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਸਿੱਧੇ ਤੌਰ ਉਤੇ ਜ਼ਿੰਮੇਵਾਰ ਹਨ। ਇਨ੍ਹਾਂ ਨੇਤਾਵਾਂ ਦੇ ਸੌੜੇ ਹਿੱਤ ਹੀ ਇਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਦੇ ਰਹੇ। ਦੋਵਾਂ ਪਾਰਟੀਆਂ ਦੇ ਟਰਾਂਸਟਪੋਰਟ ਲੀਡਰ ਇਸ ਰੂਟ ਉਤੇ ਸਰਕਾਰੀ ਬੱਸਾਂ ਚੱਲਣ ਦੀ ਇਜਾਜ਼ਤ ਨਾ ਦੇ ਕੇ ਗ਼ੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾ ਰਹੇ ਸਨ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਕਾਰਜਭਾਰ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦਿੱਲੀ ਤੱਕ ਵਾਲਵੋ ਬੱਸ ਸੇਵਾ ਸ਼ੁਰੂ ਕੀਤੀ ਅਤੇ ਇਸ ਇਤਿਹਾਸਕ ਕਦਮ ਦਾ ਲਾਭ ਪੰਜਾਬ ਦੇ ਲੱਖਾਂ ਪਰਵਾਸੀ ਭਾਰਤੀਆਂ ਨੂੰ ਮਿਲ ਰਿਹਾ ਹੈ। ਇਸ ਦੇ ਨਾਲ-ਨਾਲ ਇਸ ਰੂਟ ‘ਤੇ ਪ੍ਰਾਈਵੇਟ ਟਰਾਂਸਪੋਰਟ ਦੀ ਅਜਾਰੇਦਾਰੀ ਵੀ ਖ਼ਤਮ ਹੋ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਮਾਫ਼ੀਆ ਨਾਲ ਕਰੜੇ ਹੱਥੀਂ ਸਿੱਝਿਆ ਜਾ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੋਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਆਪਣਾ ਹਰੇਕ ਕਦਮ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਤੋਂ ਹਰੇਕ ਤਰ੍ਹਾਂ ਦੇ ਮਾਫੀਆ ਦਾ ਖਾਤਮਾ ਕਰਨ ਲਈ ਚੁੱਕ ਰਹੀ ਹੈ।
ਟਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਏਅਰਪੋਰਟ ਲਈ ਜਾਣ ਦੇ ਚਾਹਵਾਨ ਸਫ਼ਰ ਕਰਨ ਤੋਂ ਤਿੰਨ ਮਹੀਨੇ ਪਹਿਲਾਂ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ ਜਦਕਿ ਬੱਸ ਅੱਡੇ ਦੇ ਕਾਊਂਟਰਾਂ ’ਤੇ ਛੇ ਮਹੀਨੇ ਪਹਿਲਾਂ ਟਿਕਟਾਂ ਬੁੱਕ ਕਰਵਾਈ ਜਾ ਸਕਦੀ ਹੈ।
——–