*ਪੰਜਾਬ ਦਾ ਨੌਵਾਂ ਟੋਲ ਪਲਾਜ਼ਾ ਬੰਦ, ਇਹ ਬੰਦ ਹੋਣ ਵਾਲਾ ਆਖ਼ਰੀ ਟੋਲ ਪਲਾਜ਼ਾ ਨਹੀਂ : ਸੀਐਮ ਭਗਵੰਤ ਮਾਨ*

0
51

(ਸਾਰਾ ਯਹਾਂ/ਬਿਊਰੋ ਨਿਊਜ਼ )  : ਪੰਜਾਬ ਭਰ ਵਿੱਚ ਟੋਲ ਪਲਾਜ਼ੇ ਬੰਦ ਕਰਵਾਉਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਥੇ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਉਂਦਿਆਂ ਆਖਿਆ ਕਿ ਜਨਤਕ ਹਿੱਤ ਵਿੱਚ ਇਹ ਟੋਲ ਪਲਾਜ਼ਾ ਬੰਦ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ। 

ਸਮਾਣਾ-ਪਾਤੜਾਂ ਸੜਕ ਉਤੇ ਟੋਲ ਪਲਾਜ਼ਾ ਬੰਦ ਕਰਵਾਉਣ ਮਗਰੋਂ ਮੁੱਖ ਮੰਤਰੀ ਨੇ ਆਖਿਆ ਕਿ ਇਹ ਟੋਲ ਪਲਾਜ਼ੇ ਅਸਲ ਵਿੱਚ ਆਮ ਲੋਕਾਂ ਦੀ ਖੁੱਲ੍ਹੀ ਲੁੱਟ ਕਰਨ ਵਾਲੀਆਂ ਦੁਕਾਨਾਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੋਲ ਵਾਲਿਆਂ ਨੇ ਆਪਣੇ ਸਮਝੌਤਿਆਂ ਦੀਆਂ ਸਾਰੀਆਂ ਸ਼ਰਤਾਂ ਛਿੱਕੇ ਟੰਗ ਕੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਨਤਕ ਹਿੱਤ ਵਿੱਚ ਇਨ੍ਹਾਂ ਟੋਲ ਪਲਾਜ਼ਾ ਕੰਪਨੀਆਂ ਵਿਰੁੱਧ ਕੋਈ ਕਾਰਵਾਈ ਕਰਨ ਦੀ ਬਜਾਏ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਬੇਨਿਯਮੀਆਂ ਬਾਰੇ ਆਪਣੀਆਂ ਅੱਖਾਂ ਬੰਦ ਕਰ ਲਈਆਂ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਲੋਕਾਂ ਨੇ ਸਰਕਾਰਾਂ ਨੂੰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਚੁਣਿਆ ਪਰ ਸੱਤਾ ਦੇ ਭੁੱਖੇ ਸਿਆਸਤਦਾਨਾਂ ਨੇ ਆਪਣੇ ਸਵਾਰਥਾਂ ਲਈ ਅਜਿਹੇ ਡਿਫਾਲਟਰਾਂ ਦੀ ਢਾਲ ਬਣ ਕੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੀਆਂ ਆਪਹੁਦਰੀਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਆਮ ਲੋਕਾਂ ਦੀ ਪਰਵਾਹ ਨਾ ਕਰਦਿਆਂ ਗ਼ੈਰ ਕਾਨੂੰਨੀ ਢੰਗ ਨਾਲ ਪੈਸਾ ਬਣਾਉਣ ਦੀ ਇਜਾਜ਼ਤ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਬੰਦ ਹੋਏ ਟੋਲ ਪਲਾਜ਼ਿਆਂ ਵਿੱਚੋਂ ਇਕ ਉਤੇ ਵੀ ਸਮਝੌਤੇ ਦੇ ਬਾਵਜੂਦ ਐਂਬੂਲੈਂਸ ਤੇ ਰਿਕਵਰੀ ਵੈਨ ਦਾ ਪ੍ਰਬੰਧ ਨਹੀਂ ਦਿਸਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਟੋਲ ਪਲਾਜ਼ੇ ਦਾ ਸਮਝੌਤਾ 1 ਸਤੰਬਰ 2005 ਨੂੰ ਕੈਪਟਨ ਸਰਕਾਰ ਸਮੇਂ ਹੋਇਆ ਸੀ ਅਤੇ ਇਹ ਟੋਲ ਸਾਢੇ ਸੋਲਾਂ ਸਾਲ ਲਈ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕਈ ਊਣਤਾਈਆਂ ਕਾਰਨ ਕੰਪਨੀ ਉਤੇ 1.48 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਊਣਤਾਈਆਂ ਕਾਰਨ ਇਸ ਟੋਲ ਨੂੰ 24 ਜੂਨ 2013 ਨੂੰ ਬੰਦ ਕੀਤਾ ਜਾ ਸਕਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੋਇਆ ਅਤੇ ਇਸ ਸੜਕ ਦੀ ਦੂਜੀ ਮੁਰੰਮਤ ਨਾ ਕਰਨ ਕਾਰਨ ਇਹ ਟੋਲ 16 ਅਕਤੂਬਰ 2018 ਨੂੰ ਬੰਦ ਕੀਤਾ ਜਾ ਸਕਦਾ ਸੀ ਪਰ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਸੀ।

LEAVE A REPLY

Please enter your comment!
Please enter your name here