ਚੰਡੀਗੜ੍ਹ 16,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਕੱਲ੍ਹ ਯਾਨੀ ਐਤਵਾਰ ਨੂੰ ਪੰਜਾਬ ਭਵਨ ਵਿਖੇ 2 ਵਜੇ ਬੈਠਕ ਕਰਨਗੇ।
ਪੰਜਾਬ ਦੀਆਂ 23 ਕਿਸਾਨ ਜੱਥੇਬੰਦੀਆਂ ਦੀ ਕਣਕ ਦੀ ਖਰੀਦ ਨੂੰ ਲੈ ਕੇ FCI ਦੀਆਂ ਗਾਇਡਲਾਈਨਜ਼ ਤੇ ਸਮਾਰਟ ਮੀਟਰਾਂ ਨੂੰ ਲੈ ਕੇ ਚਰਚਾ ਹੋ ਸਕਦੀ ਹੈ।ਇਸ ਦੌਰਾਨ ਕਿਸਾਨਾਂ ਦਾ ਕਰਜ ਮੁਆਫ਼ੀ ਦਾ ਮੁੱਦਾ ਵੀ ਵਿਚਾਰਿਆ ਜਾ ਸਕਦਾ ਹੈ।ਇਹ ਕਿਸਾਨ ਜੱਥੇਬੰਦੀਆਂ ਉਹ ਹਨ ਜਿਨ੍ਹਾਂ ਨੇ ਚੋਣਾਂ ਵਿੱਚ ਹਿੱਸਾ ਨਹੀਂ ਲਿਆ ਸੀ।
ਅੱਜ ਕਿਸਾਨਾਂ ਨੇ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ SSP ਦਫ਼ਤਰ ਅੱਗੇ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਢਿੱਲੀ ਕਾਰਗੁਜਾਰੀ ਦੇ ਖਿਲਾਫ਼ ਧਰਨਾ ਦਿੱਤਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਨਸ਼ੇ ਦੇ ਮੁੱਦੇ ‘ਤੇ ਸਰਕਾਰ ਨੂੰ ਪਿਛਲੇ ਦਿਨਾਂ ‘ਚ ਅਲਟੀਮੇਟਮ ਦਿੱਤਾ ਸੀ ਕਿ ਨਸ਼ਿਆਂ ਦੇ ਮਾਮਲੇ ‘ਚ ਸਰਕਾਰ ਠੋਸ ਕਾਰਵਾਈ ਕਰੇ, ਕਿਉਂਕਿ ਨਸ਼ੇ ਖ਼ਤਮ ਕਰਨ ‘ਤੇ ਸਰਕਾਰ ਦਾ ਕੋਈ ਪੈਸਾ ਨਹੀਂ ਲੱਗਣਾ। ਪਰ ਮੀਡੀਆ ਰਿਪੋਰਟਾਂ ਮੁਤਾਬਕ ਹਾਲੇ ਵੀ ਰੋਜ਼ਾਨਾ ਨਸ਼ੇ ਦੀ ਓਵਰਡੋਜ ਕਰਕੇ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ।
ਅੱਜ ਸੂਬੇ ‘ਚ ਆਮ ਆਦਮੀ ਪਾਰਟੀ ਸਰਕਾਰ ਗਠਿਤ ਹੋਣ ਦੇ ਇਕ ਮਹੀਨੇ ‘ਤੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਧਰਨੇ ਬਾਬਤ ਏਬੀਪੀ ਸਾਂਝਾ ਨਾਲ ਗੱਲਬਾਤ ਦੌਰਾਨ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਇਕ ਮਹੱਤਵਪੂਰਣ ਸਰਹੱਦੀ ਜ਼ਿਲ੍ਹਾ ਹੈ ਜਿੱਥੇ ਸਰਕਾਰ ਵੱਲੋਂ ਪਿਛਲੇ ਹਫ਼ਤੇ ਤੋਂ ਹਾਲੇ ਤੱਕ SSP ਦੀ ਨਿਯੁਕਤੀ ਹੀ ਨਹੀਂ ਕੀਤੀ ਗਈ। ਜਿਸ ਤੋਂ ਸਰਕਾਰ ਦੀ ਗੰਭੀਰਤਾ ਦਾ ਪਤਾ ਲੱਗਦਾ ਹੈ।ਜਦਕਿ ਪਿੰਡਾਂ ਦੇ ਹਾਲਾਤ ਇਹ ਹਨ ਕਿ ਹਾਲੇ ਵੀ ਨੌਜਵਾਨ ਆਪਣੀ ਜ਼ਿੰਦਗੀ ਨਸ਼ਿਆਂ ‘ਚ ਖ਼ਰਾਬ ਕਰ ਰਹੇ ਹਨ।
ਪੰਧੇਰ ਨੇ ਕਿਹਾ ਕਿ ਸਰਕਾਰ ਨਾਲ ਅਸੀਂ ਗੱਲਬਾਤ ਤੋਂ ਕਦੇ ਵੀ ਨਹੀਂ ਭੱਜੇ ਪਰ ਸਰਕਾਰ ਨੇ ਸਾਨੂੰ ਗੱਲਬਾਤ ਲਈ ਨਹੀਂ ਬੁਲਾਇਆ ਜਿਸ ਕਰਕੇ ਸਾਡੇ ਕੋਲ ਧਰਨੇ ਤੋਂ ਇਲਾਵਾ ਕੋਈ ਹੋਰ ਬਦਲ ਨਹੀਂ। ਪੰਧੇਰ ਨੇ ਕਣਕ ਦੇ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਲਈ ਮੁਆਵਜੇ ਦੀ ਮੰਗ ਕੀਤੀ ਤੇ ਨਾਲ ਹੀ ਐਲਾਨ ਕੀਤਾ ਕਿ ਦਾਣਾ ਛੋਟਾ ਹੋਣ ਕਰਕੇ ਮੰਡੀਆਂ ‘ਚ ਜੇਕਰ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਬਹਾਲ ਨਾ ਹੋਈ ਤਾਂ 25 ਅਪ੍ਰੈਲ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।