
ਚੰਡੀਗੜ੍ਹ, 12 ਸਤੰਬਰ (ਸਾਰਾ ਯਹਾਂ/ਹਿਤੇਸ਼ ਸ਼ਰਮਾ):
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ।
ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਅੱਜ ਤੋਂ ਉਹ ਸਰਕਾਰ ਦੀ ਉਸ ਟੀਮ ਦਾ ਹਿੱਸਾ ਬਣ ਗਏ ਹਨ ਜੋ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੋਲ ਮੈਰਿਟ ਅਤੇ ਪਾਰਦਰਸ਼ਤੀ ਤਰੀਕੇ ਨਾਲ ਇਹ ਭਰਤੀ ਮੁਹਿੰਮ ਚਲਾ ਰਹੀ ਹੈ ਅਤੇ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰੀ-ਮੋਰੀ ਲਈ ਕੋਈ ਥਾਂ ਨਹੀਂ।

ਮੁੱਖ ਮੰਤਰੀ ਨੇ ਕਿਹਾ ਕਿ ਮਿਊਂਸਪਲ ਭਵਨ ਦਾ ਇਹ ਆਡੀਟੋਰੀਅਮ ਅਜਿਹੇ ਅਨੇਕਾਂ ਸਮਾਗਮਾਂ ਦਾ ਗਵਾਹ ਹੈ ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਝਲਕਦੀ ਹੈ ਜੋ ਨੌਜਵਾਨਾਂ ਦੇ ਹਿੱਤ ਸੁਰੱਖਿਅਤ ਕਰਨ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਹ ਸਾਰੀਆਂ ਅਸਾਮੀਆਂ ਮੈਰਿਟ ਦੇ ਆਧਾਰ ਉਤੇ ਭਰੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਨਹੀਂ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ‘ਕਪਤਾਨਾਂ’ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬੇ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਏਨਾ ਲੀਡਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਕਦੇ ਵੀ ਧਿਆਨ ਹੀ ਨਹੀਂ ਦਿੱਤਾ ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਹੋਰ ਮੁਲਕਾਂ ਵੱਲ ਰੁਖ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇ ਕੇ ਇਸ ਨਾਕਾਰਤਮਕ ਰੁਝਾਨ ਨੂੰ ਠੱਲ੍ਹ ਪਾਈ ਹੈ।
ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਹੋਣ ਦੀ ਬਿਆਨਬਾਜ਼ੀ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਤੋੜਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਇਸ ਵਿਆਪਕ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ, “ਜਿਵੇਂ ਹਵਾਈ ਅੱਡਿਆਂ ‘ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਆਪਣੀਆਂ ਮਨਚਾਹੀਆਂ ਮੰਜ਼ਿਲਾਂ ਹਾਸਲ ਕਰ ਸਕਣ।”
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ ਅੱਠ ਸਿਖਲਾਈ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ ‘ਤੇ ਸੇਵਾ ਨਿਭਾਉਣ ਲਈ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਬੁੱਧਵਾਰ ਨੂੰ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਾਪਤ ਕੀਤਾ ਗਿਆ ਪਹਿਲਾ ਅਜਿਹਾ ਹਾਈ-ਟੈਕ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਰੋਲ ਮਾਡਲ ਬਣ ਕੇ ਉਭਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਚੰਗਾ ਅਧਿਆਪਕ ਭਵਿੱਖ ਲਈ ਹੋਣਹਾਰ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੁੰਦਾ ਹੈ ਜਿਸ ਕਰਕੇ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਹੋਰ ਥਾਵਾਂ ‘ਤੇ ਸਿਖਲਾਈ ਲਈ ਭੇਜਣ ਨੂੰ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ/ਅਧਿਆਪਕਾਂ ਦੇ ਵਫ਼ਦ ਸਿੰਗਾਪੁਰ, ਅਹਿਮਦਾਬਾਦ ਅਤੇ ਹੋਰਾਂ ਵਿਖੇ ਸਿਖਲਾਈ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਮੁਹਾਰਤ ਨੂੰ ਵਧਾਉਣ ਲਈ ਭੇਜੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਉਹ ਕਾਨਵੈਂਟ ਸਕੂਲਾਂ ਵਿੱਚ ਆਪਣੇ ਹਾਣੀਆਂ ਦਾ ਮੁਕਾਬਲਾ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਨੇ ਸੂਬਾ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95% ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਸਾਬਤ ਹੋ ਰਹੇ ਹਨ ਕਿਉਂਕਿ ਹੁਣ ਤੱਕ 50 ਲੱਖ ਤੋਂ ਵੱਧ ਮਰੀਜ਼ਾਂ ਨੂੰ ਮੁਫਤ ਦਵਾਈਆਂ, ਜਾਂਚ ਅਤੇ ਕਲੀਨਿਕਲ ਟੈਸਟਾਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਤੋਂ ਇਲਾਵਾ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਸਮੇਤ ਹੋਰ ਵੀ ਹਾਜ਼ਰ ਸਨ।
