
ਚੰਡੀਗੜ੍ਹ 21 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਮਿਲ ਸਕੀ। ਉਸ ਦੀ ਪਟੀਸ਼ਨ ‘ਤੇ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਉਸ ਕੋਲੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ ਹੈ ਤੇ ਨਾ ਹੀ ਉਸ ਨੇ ਕੋਈ ਜੁਰਮ ਕਬੂਲ ਕੀਤਾ ਹੈ।
ਸਿੰਗਲਾ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਗਈ ਹੈ ਜਿਸ ‘ਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ। ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।
ਹਾਈ ਕੋਰਟ ਵਿੱਚ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਰਿਕਾਰਡਿੰਗ ਵਿੱਚ ਜੋ ਆਵਾਜ਼ ਸਬੂਤ ਵਜੋਂ ਦੱਸੀ ਜਾ ਰਹੀ ਹੈ, ਉਹ ਸਪੱਸ਼ਟ ਨਹੀਂ ਹੈ। ਸਿੰਗਲਾ ਪਹਿਲਾਂ ਹੀ ਆਪਣੀ ਆਵਾਜ਼ ਦਾ ਨਮੂਨਾ ਦੇ ਚੁੱਕੇ ਹਨ। ਉਨ੍ਹਾਂ ਕੋਲੋਂ ਪੈਸੇ ਦੀ ਬਰਾਮਦਗੀ ਦਾ ਕੋਈ ਸਬੂਤ ਨਹੀਂ। ਹਾਲਾਂਕਿ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਵਿਵਾਦਪੂਰਨ ਹੈ। ਉਹ ਪੰਜਾਬ ਸਰਕਾਰ ਦੀ ਸਟੇਟਸ ਰਿਪੋਰਟ ਦੇਖ ਕੇ ਹੀ ਕੋਈ ਫੈਸਲਾ ਦੇਣਗੇ।
ਸੀਐਮ ਭਗਵੰਤ ਮਾਨ ਨੇ ਸਿਹਤ ਮੰਤਰੀ ਸਿੰਗਲਾ ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਸੀ। ਮਾਨ ਨੇ ਕਿਹਾ ਸੀ ਕਿ ਸਿੰਗਲਾ ਸਿਹਤ ਵਿਭਾਗ ਦੇ ਹਰ ਕੰਮ ਲਈ 1 ਫੀਸਦੀ ਕਮਿਸ਼ਨ ਮੰਗ ਰਹੇ ਹਨ। ਇਸ ਸਬੰਧੀ ਜਦੋਂ ਸਿੰਗਲਾ ਨੂੰ ਪੁੱਛਿਆ ਤਾਂ ਉਸ ਨੇ ਪੈਸੇ ਮੰਗਣ ਦੀ ਗੱਲ ਮੰਨ ਲਈ।
