*ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਕੋਲਾ ਮੰਤਰੀ ਅਤੇ ਕੇਂਦਰੀ ਬਿਜਲੀ ਮੰਤਰੀ ਨਾਲ ਨਵੀਂ ਦਿੱਲੀ ਵਿਖੇ ਕੀਤੀ ਗਈ ਮੁਲਾਕਾਤ*

0
45

ਨਵੀਂ ਦਿੱਲੀ/ਚੰਡੀਗੜ੍ਹ ਅਪ੍ਰੈਲ 6 .(ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਦੇ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਵੱਲੋਂ ਅੱਜ ਕੇਂਦਰੀ ਕੋਲਾ ਤੇ ਖਣਜ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨਾਲ ਇੱਥੇ ਸੰਸਦ ਭਵਨ ਵਿਖੇ ਅਤੇ ਕੇਂਦਰੀ ਬਿਜਲੀ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਸ਼੍ਰੀ ਆਰ.ਕੇ. ਸਿੰਘ ਨਾਲ ਅੱਜ ਇੱਥੇ ਮੀਟਿੰਗ ਕਰਕੇ ਪੰਜਾਬ ਦੇ ਬਿਜਲੀ ਨਾਲ ਸਬੰਧਤ ਮੁਦਿਆਂ ਅਤੇ ਚੱਲ ਰਹੇ ਕੋਲਾ ਸੰਕਟ ਨਾਲ ਜੁੜੇ ਸੂਬੇ ਦੇ ਸਰੋਕਾਰਾਂ ਬਾਰੇ ਗੱਲਬਾਤ ਕੀਤੀ।

      ਆਪਣੀ ਇਸ ਪਲੇਠੀ ਮੀਟਿੰਗ ਦੌਰਾਨ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਬਿਜਲੀ ਦੀ ਮੰਗ ਜਿਆਦਾ ਵੱਧ ਜਾਂਦੀ ਹੈ ਅਤੇ ਸੂਬੇ ਨੂੰ ਸਰਕਾਰ ਦੀ ਮਾਲਕੀ ਵਾਲੇ ਥਰਮਲ ਪਾਵਰ ਸਟੇਸ਼ਨਾਂ ਦੇ ਸਾਰੇ ਯੂਨਿਟ ਚਲਾਉਣੇ ਪੈਂਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵੱਧ ਕੇ 15000 ਮੈਗਾਵਾਟ ਹੋਣ ਦੀ ਸੰਭਾਵਨਾ ਹੈ।ਕੈਬਨਿਟ ਮੰਤਰੀ ਵੱਲੋਂ ਕੋਲੇ ਸਬੰਧੀ ਸਬ ਗਰੁੱਪ ਕਮੇਟੀ ਵੱਲੋਂ ਸੂਬੇ ਦੇ ਆਪਣੇ ਪਲਾਂਟਾਂ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਕੀਤੀ ਕੋਲੇ ਦੀ ਵੰਡ ਦੇ ਮੁਕਾਬਲੇ ਕੋਲੇ ਦੇ ਘੱਟ ਰੇਕਾਂ ਦੀ ਸਪਲਾਈ ਹੋਣ ਦਾ ਮੁੱਦਾ ਵੀ ਚੁੱਕਿਆ ਗਿਆ।ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਲੱਚਕਤਾ ਨੀਤੀ ਤਹਿਤ  20 ਲੱਖ ਮੀਟ੍ਰਿਕ ਟਨ ਵਾਧੂ ਕੋਲਾ ਸਰਕਾਰੀ ਖੇਤਰ ਦੇ ਪਲਾਂਟਾਂ ਲਈ ਅਲਾਟ ਕਰਨ ਅਤੇ  ਇਸ ਤੋਂ ਇਲਾਵਾ 30 ਲੱਖ ਮੀਟ੍ਰਿਕ ਟਨ ਵਾਧੂ ਕੋਲਾ ਅਲਾਟ ਕਰਨ ਦੀ ਮੰਗ ਕੀਤੀ ਜਿਸਨੂੰ ਪੀ.ਐੱਸ.ਪੀ.ਸੀ.ਐੱਲ ਰਾਹੀਂ ਪ੍ਰਾਈਵੇਟ ਪਲਾਂਟਾਂ ਨਾਭਾ ਪਾਵਰ ਲਿਮਿਟਡ ਅਤੇ ਤਲਵੰਡੀ ਸਾਬੋ ਪਾਵਰ ਲਿਮਿਟਡ ਨੂੰ ਟ੍ਰਾਂਸਫਰ ਕੀਤਾ ਜਾਵੇਗਾ।

      ਹਰਭਜਨ ਸਿੰਘ ਨੇ ਪੰਜਾਬ ਦੇ ਬਿਜਲੀ ਸਬੰਧੀ ਮੁੱਦਿਆਂ ‘ਤੇ ਚਰਚਾ ਕਰਨ ਲਈ ਦਿੱਲੀ ਵਿਖੇ ਕੇਂਦਰੀ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ.ਸਿੰਘ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਨੂੰ ਦੱਸਿਆ ਕਿ ਦੇਸ਼ ਵਿਆਪੀ ਕੋਲਾ ਸੰਕਟ ਕਾਰਨ ਪੰਜਾਬ ਦੇ ਪਾਵਰ ਪਲਾਂਟਾਂ ਨੂੰ ਆਗਾਮੀ ਝੋਨੇ ਦੇ ਸੀਜ਼ਨ-2022 ਦੌਰਾਨ ਕੋਲੇ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਕੇਂਦਰੀ ਸੈਕਟਰ ਦੇ ਜਨਰੇਟਿੰਗ ਸਟੇਸ਼ਨਾਂ ਤੋਂ ਪੰਜਾਬ ਰਾਜ ਨੂੰ ਤੁਰੰਤ 1500 ਮੈਗਾਵਾਟ ਬਿਜਲੀ ਅਲਾਟ ਕਰਨ ਤਾਂ ਜੋ ਖੇਤੀਬਾੜੀ ਸੈਕਟਰ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਪੰਜਾਬ ਦੇ ਹੋਰ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਸਕੇ। ਕੇਂਦਰੀ ਬਿਜਲੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਦੀ ਘੋਖ ਕਰਨਗੇ ਅਤੇ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਬਿਜਲੀ ਮੁਹੱਈਆ ਕਰਵਾਉਣਗੇ।

      ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੁੱਦਾ ਵੀ ਉਠਾਇਆ ਗਿਆ।

—————-

LEAVE A REPLY

Please enter your comment!
Please enter your name here