ਮਾਨਸਾ 29 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ)
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ਮੁਲਾਜ਼ਮਾਂ ਵਲੋਂ 5 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ ਮਾਨਸਾ ਇਕਾਈ ਦੇ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਸਰਕਾਰ ਬਣਾਉਣ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਨੇ ਸਮੁੱਚੇ ਸਰਕਾਰੀ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਾਓ ਅਸੀਂ ਤੁਰੰਤ ਪੁਰਾਣੀ ਪੈਨਸ਼ਨ ਲਾਗੂ ਕਰ ਦੇਵਾਂਗੇ, ਪਰ ਦੋ ਸਾਲ ਬੀਤ ਜਾਣ ‘ਤੇ ਵੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਪੰਜਾਬ ਵਿਧਾਨ ਸਭਾ ਦੇ ਬਜਟ ਸ਼ੈਸ਼ਨ ਦੌਰਾਨ 5 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।
ਸੀ.ਪੀ.ਐਫ ਕਰਮਚਾਰੀ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਜਨਰਲ ਸਕੱਤਰ ਲਕਸਵੀਰ ਸਿੰਘ ਟੋਡਰਪੁਰ ਨੇ ਕਿਹਾ ਕਿ ਵਾਰ-ਵਾਰ ਸਰਕਾਰ ਵਲੋਂ ਜਥੇਬੰਦੀ ਨਾਲ ਮੀਟਿੰਗਾਂ ਨੂੰ ਟਾਲਿਆ ਜਾ ਰਿਹਾ ਹੈ, ਜਿਸ ਕਾਰਨ ਜਥੇਬੰਦੀ ਵਲੋਂ ਉਕਤ ਘਿਰਾਓ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 5 ਮਾਰਚ ਨੂੰ ਮੋਹਾਲੀ ਵਾਈਪੀਐਸ ਚੌਂਕ ਵਿਖੇ ਮੁਲਾਜ਼ਮ ਸਵੇਰੇ 11 ਵਜੇ ਇਕੱਠੇ ਹੋ ਕੇ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ।ਯੂਨੀਅਨ ਆਗੂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਦੋਂ ਵੀ ਪੰਜਾਬ ਆਉਣਗੇ ਤਾਂ ਉਹਨਾਂ ਦਾ ਸਵਾਗਤ ਕਾਲੀਆ ਝੰਡੀਆਂ ਨਾਲ ਕੀਤਾ ਜਾਵੇਗਾ।