*ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ* 

0
26

ਚੰਡੀਗੜ੍ਹ, 12 ਮਈ: (ਸਾਰਾ ਯਹਾਂ/ਬਿਊਰੋ ਨਿਊਜ਼)

  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਇਸ ਸ਼ਿਕਾਇਤ ਵਿੱਚ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਨੋ ਡਿਊ ਸਰਟੀਫਿਕੇਸ਼ਨ (ਐਨ.ਡੀ.ਸੀ.) ਜਾਰੀ ਨਹੀਂ ਕੀਤਾ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕੀਤੀ ਹੈ।

ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਬਿਨੈ-ਪੱਤਰ ਜਮ੍ਹਾਂ ਕਰਨ ਦੇ 48 ਘੰਟਿਆਂ ਦੇ ਅੰਦਰ-ਅੰਦਰ ਲੁਧਿਆਣਾ ਦੇ ਮਿਉਂਸਪਲ ਕਮਿਸ਼ਨਰ ਵੱਲੋਂ ਐਨ.ਡੀ.ਸੀ. ਜਾਰੀ ਨਾ ਕੀਤੇ ਜਾਣ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਐਨ.ਡੀ.ਸੀ ਜਾਰੀ ਨਾ ਹੋਣ ਕਰਕੇ ਲੋਕ ਸਭਾ ਚੋਣਾਂ 2024 ਵਿੱਚ ਹਿੱਸਾ ਲੈਣ ਲਈ ਉਨ੍ਹਾਂ ਦੀ ਯੋਗਤਾ ਵਿੱਚ ਰੁਕਾਵਟ ਪਈ ਹੈ। 

ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਪ੍ਰਮੁੱਖ ਸਕੱਤਰ ਨੂੰ ਜਲਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਲਈ ਲਿਖਿਆ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।

NO COMMENTS