*ਪੰਜਾਬ ਦੇ ਮੁੱਖ ਮੰਤਰੀ ਦਾ ਕਹਿਣਾ ਕਿ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰ ਕੇ ਇਕ ਹੋਰ ਚੋਣ ਵਾਅਦਾ ਪੂਰਾ ਕੀਤਾ*

0
52

ਚੰਡੀਗੜ੍ਹ, 1 ਜੁਲਾਈ  (ਸਾਰਾ ਯਹਾਂ/ ਮੁੱਖ ਸੰਪਾਦਕ ) ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤਾ ਇਕ ਹੋਰ ਚੋਣ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜ ਦੇ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਮੁਹੱਈਆ ਕਰਨ ਦਾ ਐਲਾਨ ਕੀਤਾ।
ਇੱਥੇ ਸ਼ੁੱਕਰਵਾਰ ਨੂੰ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 300 ਯੂਨਿਟ ਤੱਕ ਮੁਫ਼ਤ ਬਿਜਲੀ ਮੁਹੱਈਆ ਕਰਨ ਦੀ ਗਰੰਟੀ ਦੀ ਸ਼ੁਰੂਆਤ ਅੱਜ 1 ਜੁਲਾਈ 2022 ਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਲੋਕਾਂ ਨੂੰ ਹੁਣ ਤੋਂ ਬਿਜਲੀ ਮੁਫ਼ਤ ਮਿਲੇਗੀ ਕਿਉਂਕਿ ਉਨ੍ਹਾਂ ਦੇ ਬਿਜਲੀ ਦੇ ਬਿੱਲ ਹੁਣ ਜ਼ੀਰੋ ਆਉਣਗੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੇ ਆਮ ਲੋਕਾਂ ਨੂੰ ਇਕ ਹੋਰ ਵੱਡੀ ਰਾਹਤ ਵਿੱਚ 31 ਦਸੰਬਰ 2021 ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਇਹ ਸੂਬੇ ਦੇ ਲੋਕਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਵੱਡੇ ਬਿਜਲੀ ਭਰਨ ਲਈ ਚੋਖੀ ਰਕਮ ਖਰਚਣੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਹੁਣ ਤੋਂ ਸਾਰੇ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਮਿਲੇਗੀ, ਜਿਸ ਨਾਲ ਆਮ ਆਦਮੀ ਦੀਆਂ ਦਿੱਕਤਾਂ ਘਟਣਗੀਆਂ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਦਿੱਤੀ ਹਰੇਕ ਗਰੰਟੀ ਨੂੰ ਪੂਰਾ ਕਰਨ ਲਈ ਤਤਪਰ ਹੈ।
ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਪਰ ਇਹ ਵਾਅਦੇ ਉਨ੍ਹਾਂ ਸਰਕਾਰਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕਦੇ ਪੂਰੇ ਨਹੀਂ ਕੀਤੇ। ਦੂਜੇ ਪਾਸੇ ਉਨ੍ਹਾਂ ਦੀ ਸਰਕਾਰ ਹਰੇਕ ਲੰਘਦੇ ਦਿਨ ਨਾਲ ਇਕ ਤੋਂ ਬਾਅਦ ਇਕ ਗਰੰਟੀ ਪੂਰੀ ਕਰ ਕੇ ਨਵੀਂ ਮਿਸਾਲ ਕਾਇਮ ਕਰ ਰਹੀ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਦ੍ਰਿੜ੍ਹ ਸੰਕਲਪ ਹੈ।———–

LEAVE A REPLY

Please enter your comment!
Please enter your name here