*ਪੰਜਾਬ ਦੇ ਮੁੱਖ ਮੰਤਰੀ ਨੇ ਖਰੜ ਅਤੇ ਮੋਰਿੰਡਾ ਵਿੱਚ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ*

0
5

ਖਰੜ/ਮੋਰਿੰਡਾ, 13 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖਰੜ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਮੋਰਿੰਡਾ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ 10 ਕਰੋੜ ਰੁਪਏ ਵਾਧੂ ਦੇਣ ਦਾ ਐਲਾਨ ਵੀ ਕੀਤਾ।

ਖਰੜ ਦੇ ਪਿੰਡ ਤ੍ਰਿਪੜੀ ਵਿਖੇ 20 ਕਰੋੜ ਰੁਪਏ ਦੀ ਸਾਂਝੀ ਲਾਗਤ ਨਾਲ ਇੱਕ ਆਈ.ਟੀ.ਆਈ., ਇੱਕ ਆਡੀਟੋਰੀਅਮ ਸਮੇਤ ਇੱਕ ਇਨਡੋਰ ਸਪੋਰਟਸ ਹਾਲ ਅਤੇ ਇੱਕ ਫੁੱਟਬਾਲ ਮੈਦਾਨ ਦਾ ਨੀਂਹ ਪੱਥਰ ਰੱਖਣ ਮੌਕੇ ਮੁੱਖ ਮੰਤਰੀ ਨੇ ਪਿੰਡ ਤ੍ਰਿਪੜੀ ਵੱਲੋਂ 8 ਏਕੜ ਜ਼ਮੀਨ ਦਾਨ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇੱਥੇ ਸਥਾਪਤ ਕੀਤੀ ਜਾਣ ਆਈ.ਟੀ.ਆਈ. ਇਸ ਖੇਤਰ ਦੇ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਦਾ ਮੌਕਾ ਪ੍ਰਦਾਨ ਕਰਨ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ। ਇਸ ਦੇ ਨਾਲ ਹੀ ਇਨਡੋਰ ਸਪੋਰਟਸ ਹਾਲ ਵਿੱਚ ਜਿਮਨਾਸਟਿਕ, ਬਾਸਕਟਬਾਲ, ਵਾਲੀਬਾਲ ਅਤੇ ਹੋਰ ਖੇਡ ਸਹੂਲਤਾਂ ਸ਼ਾਮਲ ਹੋਣਗੀਆਂ ਜਿਸ ਨਾਲ ਖੇਡ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ। ਚੰਨੀ ਨੇ ਕਿਹਾ ਕਿ ਆਈ.ਟੀ.ਆਈ. ਦੀ ਇਮਾਰਤ ਜਨਵਰੀ, 2022 ਦੇ ਅੰਤ ਤੱਕ ਮੁਕੰਮਲ ਹੋ ਜਾਵੇਗੀ, ਜਦੋਂ ਕਿ ਇਨਡੋਰ ਸਪੋਰਟਸ ਹਾਲ ਅਗਸਤ 2022 ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਫੁੱਟਬਾਲ ਦਾ ਮੈਦਾਨ ਅਪ੍ਰੈਲ, 2022 ਤੱਕ ਮੁਕੰਮਲ ਹੋ ਜਾਵੇਗਾ।
ਇਸੇ ਤਰ੍ਹਾਂ ਮੋਰਿੰਡਾ ਵਿਖੇ ਮੁੱਖ ਮੰਤਰੀ ਨੇ 5 ਕਰੋੜ ਦੀ ਲਾਗਤ ਵਾਲੀ 2 ਏਕੜ ਰਕਬੇ ਵਿੱਚ ਫੈਲੀ ਐਸ.ਡੀ.ਐਮ ਦਫ਼ਤਰ ਦੀ ਨਵੀਂ ਇਮਾਰਤ ਤੋਂ ਇਲਾਵਾ 74.32 ਕਰੋੜ ਰੁਪਏ ਦੀ ਲਾਗਤ ਵਾਲੇ 100 ਫੀਸਦੀ ਵਾਟਰ ਸਪਲਾਈ, ਸੀਵਰੇਜ, ਨਹਿਰੀ ਪਾਣੀ ਦੀ ਸਪਲਾਈ ਅਤੇ ਹੋਰ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਜਲ ਸਪਲਾਈ ਪ੍ਰੋਜੈਕਟ ਕਜੌਲੀ ਵਾਟਰ ਵਰਕਸ ਤੋਂ ਮੋਰਿੰਡਾ ਅਤੇ ਖਰੜ ਕਸਬਿਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਏਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ ਵੱਲੋਂ ਉਨ੍ਹਾਂ ਦੇ ਚਾਰ ਕੈਬਨਿਟ ਮੰਤਰੀਆਂ ਦੇ `ਆਪ` ਵਿੱਚ ਸ਼ਾਮਲ ਹੋਣ ਦੀਆਂ ਝੂਠੀਆਂ ਅਫਵਾਹਾਂ ਫੈਲਾਉਣ `ਤੇ ਵਰ੍ਹਦਿਆਂ ਪਾਰਟੀ ਨੂੰ ਬੇਲੋੜਾ ਪ੍ਰਚਾਰ ਕਰਨ ਲਈ ਝੂਠ ਬੋਲਣ ਤੋਂ ਗੁਰੇਜ਼ ਕਰਨ ਦੀ ਚੇਤਾਵਨੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਆਪ ਸਿਰਫ ਗੁੰਮਰਾਹਕੁੰਨ ਅਤੇ ਝੂਠੀਆਂ ਗੱਲਾਂ ਨਾਲ ਲੋਕਾਂ ਨੂੰ ਭਟਕਾਉਣਾ ਚਾਹੁੰਦੀ ਹੈ ਪਰ ਇਹ ਚਾਲਾਂ ਉਹਨਾਂ `ਤੇ ਹੀ ਉਲਟੀਆਂ ਪੈਣਗੀਆਂ”।


ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਸ੍ਰੀ ਚਮਕੌਰ ਸਾਹਿਬ, ਰੂਪਨਗਰ ਅਤੇ ਮੋਰਿੰਡਾ ਬਲਾਕਾਂ ਦੇ 140 ਯੂਥ ਕਲੱਬਾਂ/ਵੈਲਫੇਅਰ ਸੁਸਾਇਟੀਆਂ ਨੂੰ 6.85 ਕਰੋੜ ਰੁਪਏ ਦੇ ਚੈੱਕ ਵੀ ਸੌਂਪੇ। ਇਨ੍ਹਾਂ ਵਿੱਚੋਂ 68 ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਹਨ ਜਦਕਿ 72 ਸ਼ਹਿਰੀ ਖੇਤਰਾਂ ਵਿੱਚ ਕੰਮ ਕਰ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਈਸ਼ਾ ਕਾਲੀਆ, ਐਸਐਸਪੀ ਨਵਜੋਤ ਸਿੰਘ ਮਾਹਲ, ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਅਤੇ ਐਸਐਸਪੀ ਵਿਵੇਕ ਸ਼ੀਲ ਸੋਨੀ ਸ਼ਾਮਲ ਸਨ।
——–

NO COMMENTS