
ਲੁਧਿਆਣਾ, 25 ਅਕਤੂਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਆਮ ਆਦਮੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰੇਗੀ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।
ਇੱਥੇ ਰਾਮਗੜ੍ਹੀਆ ਕਾਲਜ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜਨੀਅਰਿੰਗ, ਨਿਰਮਾਣ ਸ਼ੈਲੀ ਅਤੇ ਤਕਨਾਲੋਜੀ ਦੇ ਮੋਢੀ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਦੌਰਾਨ ਉਨ੍ਹਾਂ ਨੇ ਇਸ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬੇ ਨੂੰ ਹੋਏ ਨੁਕਸਾਨ ਦੀ ਪੂਰਤੀ ਯਕੀਨੀ ਬਣਾਉਣ ਲਈ ਯਤਨਸ਼ੀਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵਿਸ਼ਵ ਭਰ ਵਿੱਚ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਵਿੱਚ ਜੋ ਵਿਕਾਸ ਹੋਇਆ ਹੈ, ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਸਦਕਾ ਹੀ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਯੁੱਗਾਂ ਤੋਂ ਸਾਰੇ ਬ੍ਰਹਿਮੰਡ ਦੇ ਰਚਨਾਕਾਰ ਭਗਵਾਨ ਵਿਸ਼ਵਕਰਮਾ ਨੂੰ ਸਾਰੀਆਂ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਵੱਲੋਂ ਵਰਤੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਉਪਕਰਨਾਂ ਦਾ ਸਵਾਮੀ ਮੰਨਿਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕਾਰੀਗਰਾਂ ਅਤੇ ਇਮਾਰਤਸਾਜ਼ਾਂ ਦੇ ਇਸ ਮਹਾਨ ਦੇਵਤੇ ਨੇ ਸਾਡੇ ਕਾਰੀਗਰਾਂ, ਕਿਰਤੀਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਸਖ਼ਤ ਮਿਹਨਤ ਕਰਨ ਦੇ ਨਾਲ-ਨਾਲ ਕਿਰਤ ਦੇ ਮਾਣ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਹੈ।

ਮਜ਼ਦੂਰਾਂ ਅਤੇ ਕਾਰੀਗਰਾਂ ਨੂੰ ਸੂਬੇ ਅਤੇ ਰਾਸ਼ਟਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਅਤੇ ਢੁਕਵੀਂ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਪੰਜਾਬ ਸਰਕਾਰ, ਰਾਜ ਭਰ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ‘ਤੇ ਜ਼ੋਰ ਦੇ ਰਹੀ ਹੈ ਤਾਂ ਜੋ ਉਹ ਸਵੈ-ਮਾਣ ਅਤੇ ਸਤਿਕਾਰ ਨਾਲ ਜੀਵਨ ਬਤੀਤ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਉੱਦਮਤਾ ਅਤੇ ਅਗਵਾਈ ਦੇ ਗੁਣਾਂ ਦੀ ਬਖ਼ਸ਼ਿਸ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਹੀ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ।
ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਫੁੱਟ ਪਾਊ ਤਾਕਤਾਂ ਦੇਸ਼ ਵਿੱਚ ਜਾਤ, ਧਰਮ, ਭਾਸ਼ਾ ਅਤੇ ਹੋਰ ਆਧਾਰਾਂ ’ਤੇ ਲੋਕਾਂ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਜਿਸ ਲਈ ਸਾਨੂੰ ਫ਼ਿਰਕੂ ਸਾਂਝ, ਭਾਈਚਾਰਾ ਅਤੇ ਮਿਲਵਰਤਣ ਵਰਗੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਭਗਵੰਤ ਮਾਨ ਨੇ ਕੇਂਦਰ ਵਿੱਚ ਸੱਤਾ ਸੰਭਾਲਣ ਵਾਲਿਆਂ ਵੱਲੋਂ ਰਾਜਾਂ ਦੇ ਅਧਿਕਾਰਾਂ ਨੂੰ ਹੜੱਪ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਪਹੁੰਚਾਏ ਜਾ ਰਹੇ ਨਾ ਪੂਰੇ ਜਾਣ ਵਾਲੇ ਨੁਕਸਾਨ ’ਤੇ ਵੀ ਦੁੱਖ ਪ੍ਰਗਟਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੀ ਮੂਲ ਭਾਵਨਾ ਦੇ ਵਿਰੁੱਧ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਰਾਸ਼ਟਰਪਤੀ ਭਵਨ ਵਿੱਚ ਮੁਗਲ ਗਾਰਡਨ ਦੀ ਉਦਾਹਰਨ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਵਿੱਚ ਵੱਖ-ਵੱਖ ਕਿਸਮ ਦੇ ਫੁੱਲ ਹਨ, ਜੋ ਹਰ ਕਿਸੇ ਦੀਆਂ ਅੱਖਾਂ ਨੂੰ ਠੰਢਕ ਪਹੁੰਚਾਉਂਦੇ ਹਨ, ਜਿਸ ਕਾਰਨ ਲੋਕ ਇਸ ਨੂੰ ਦੇਖਣ ਲਈ ਇਕੱਠੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵੱਖਰੇ ਵਿਚਾਰਾਂ ਅਤੇ ਨਜ਼ਰੀਏ ਵਾਲਾ ਲੋਕਤੰਤਰ ਹਮੇਸ਼ਾ ਸਫ਼ਲ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਵਿਰੋਧੀ ਧਿਰ ਤੇ ਮੁੱਖ ਬੈਂਚ ਦੋਵੇਂ ਮਹੱਤਵਪੂਰਨ ਹੁੰਦੇ ਹਨ ਅਤੇ ਲੋਕਤੰਤਰ ਵਿੱਚ ਹਰੇਕ ਦੇ ਵਿਚਾਰਾਂ ਨੂੰ ਅਹਿਮੀਅਤ ਮਿਲਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਭਗਵਾਨ ਵਿਸ਼ਵਕਰਮਾ ਨੇ ਇੱਟ ਨਾਲ ਇੱਟ ਜੋੜ ਕੇ ਸਮੁੱਚੇ ਬ੍ਰਹਿਮੰਡ ਦੀ ਰਚਨਾ ਕੀਤੀ ਹੈ, ਉਸੇ ਤਰ੍ਹਾਂ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਦੇਸ਼ ਦੇ ਬੁਨਿਆਦੀ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਕੇ ਆਪਣੇ ਰਾਸ਼ਟਰ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਨੂੰ ਸਾਰਿਆਂ ਨੂੰ ਹੱਥ ਮਿਲਾਉਣਾ ਹੋਵੇਗਾ ਅਤੇ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਦੇਸ਼ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ‘ਤੇ ਤੋਰਿਆ ਜਾਵੇ। ਭਗਵੰਤ ਮਾਨ ਨੇ ਇਸ ਨੇਕ ਕਾਰਜ ਅਤੇ ਦੇਸ਼ ਦੇ ਵਡੇਰੇ ਹਿੱਤਾਂ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਲੁਧਿਆਣਾ ਸ਼ਹਿਰ ਨਾਲ ਭਾਵਨਾਤਮਕ ਸਾਂਝ ਦੀ ਗੱਲ ਕਰਦਿਆਂ ਕਿਹਾ ਕਿ ਜੇ ਪਿੰਡ ਸਤੌਜ ਉਨ੍ਹਾਂ ਦੀ ਜਨਮ ਭੂਮੀ ਹੈ ਤਾਂ ਲੁਧਿਆਣਾ ਕਰਮ ਭੂਮੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਹਿਲਾਂ ਹੀ ਸਖ਼ਤ ਯਤਨ ਕਰ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।
