*ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ*

0
10

ਪਟਿਆਲਾ, 11 ਮਾਰਚ(ਸਾਰਾ ਯਹਾਂ/ਬਿਊਰੋ ਨਿਊਜ਼)


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।

ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਨੂੰ ਵਿਰਾਸਤ ਵਿੱਚ ਕਰਜ਼ੇ ਦੀ ਪੰਡ ਮਿਲੀ ਸੀ ਪਰ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਇਨ੍ਹਾਂ ਸੰਕਟਾਂ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰੇਗੀ, ਜਿਸ ਲਈ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋ ਸਾਲਾਂ ਦਾ ਬਜਟ ਸੂਬੇ ਵਿੱਚ ਮਾਲੀਆ ਵਿੱਚ ਵਾਧੇ ਸਮੇਤ ਚੰਗੀਆਂ ਗੱਲਾਂ ਨੂੰ ਦਰਸਾਉਂਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ।

ਮੁੱਖ ਮੰਤਰੀ ਨੇ ਕਿਹਾ, “ਇਤਿਹਾਸ ਵਿੱਚ ਪੰਜਾਬ ਪਹਿਲੀ ਵਾਰ ਇਸ ਤਰ੍ਹਾਂ ਦੇ ਖੁਸ਼ੀਆਂ ਵਾਲੇ ਸਮਾਗਮ ਦੇਖ ਰਿਹਾ ਹੈ। ਇਸ ਤੋਂ ਪਹਿਲਾਂ ਸਮਾਗਮਾਂ ਵਿੱਚ ਸਿਰਫ਼ ਇਕ-ਦੂਜੇ ਉਤੇ ਸਿਆਸੀ ਚਿੱਕੜ ਸੁੱਟਿਆ ਜਾਂਦਾ ਸੀ ਪਰ ਹੁਣ ਅਜਿਹੇ ਸਮਾਗਮਾਂ ਵਿੱਚ ਖੁਸ਼ੀ ਦੇ ਜਸ਼ਨ ਮਨਾਏ ਜਾ ਰਹੇ ਹਨ। ਪਹਿਲੀ ਵਾਰ ਵਪਾਰੀ ਸੂਬੇ ਨੂੰ ਸਫਲਤਾ ਦੇ ਮੁਕਾਮ ਉਤੇ ਲਿਜਾਣ ਲਈ ਫੈਸਲੇ ਲੈਣ ਦਾ ਅਟੁੱਟ ਅੰਗ ਬਣੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਨੇਕ ਨੀਅਤ ਸਦਕਾ ਅੱਜ ਨਵੇਂ ਸਕੂਲ ਖੁੱਲ੍ਹ ਰਹੇ ਹਨ, ਨਵੇਂ ਹਸਪਤਾਲ ਬਣ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, 43000 ਤੋਂ ਵੱਧ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੀਅਤ ਦੀ ਘਾਟ ਸੀ ਜਿਸ ਕਾਰਨ ਸੂਬਾ ਤਰੱਕੀ ਪੱਖੋਂ ਪੱਛੜ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਮੌਕਾਪ੍ਰਸਤ ਹਨ ਜੋ ਸਿਰਫ਼ ਆਪਣੇ ਸਵਾਰਥਾਂ ਲਈ ਦਲ ਬਦਲਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਇਕੋ-ਇਕ ਏਜੰਡਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਸਿਆਸਤ ਵਿੱਚ ਫਿੱਟ ਕਰਨਾ ਹੈ ਪਰ ਲੋਕਾਂ ਵੱਲੋਂ ਇਨ੍ਹਾਂ ਨੂੰ ਵਾਰ-ਵਾਰ ਨਕਾਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੀ ਸੱਤਾ ਦੀ ਭੁੱਖ ਕਦੇ ਨਹੀਂ ਮਿਟਦੀ ਅਤੇ ਇਸ ਲਈ ਇਹ ਲੀਡਰ ਬਹਾਨੇਬਾਜ਼ੀ ਘੜ ਕੇ ਉਨ੍ਹਾਂ ਨਾਲ ਲੜਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਕੋਲ ਨਾ ਤਾਂ ਲੋਕ ਸੇਵਾ ਕਰਨ ਦੀ ਦੂਰਅੰਦੇਸ਼ ਪਹੁੰਚ ਹੈ ਅਤੇ ਨਾ ਹੀ ਕੋਈ ਜਜ਼ਬਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਇੱਕੋ ਇੱਕ ਮਕਸਦ ਸੂਬੇ ਦੀ ਦੌਲਤ ਨੂੰ ਦੋਵੇਂ ਹੱਥੀਂ ਲੁੱਟਣਾ ਹੈ। ਉਨ੍ਹਾਂ ਕਿਹਾ ਕਿ ਉਦਯੋਗ ਨੂੰ ਬੁਨਿਆਦੀ ਢਾਂਚਾ ਚਾਹੀਦਾ ਹੈ ਅਤੇ ਅਸੀਂ ਨੌਜਵਾਨਾਂ ਲਈ ਨੌਕਰੀਆਂ ਅਤੇ ਸੂਬੇ ਦੀ ਤਰੱਕੀ ਲਈ ਟੈਕਸ ਚਾਹੁੰਦੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਲ ਸੂਬਾ ਸਰਕਾਰ ਦੀ ਉਦਯੋਗਿਕ ਨੀਤੀ ਦਾ ਆਧਾਰ ਹੈ, ਜਿਸ ਕਾਰਨ ਉਹ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ, “ਪੰਜਾਬੀ ਦੁਨੀਆਂ ਭਰ ਵਿੱਚ ਕਾਮਯਾਬ ਹਨ ਪਰ ਇਨ੍ਹਾਂ ਸਿਆਸਤਦਾਨਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਕਾਰਨ ਉਹ ਸੂਬੇ ਵਿੱਚ ਸਫਲਤਾ ਦੀਆਂ ਪੌੜੀਆਂ ਨਹੀਂ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਲਈ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਪੰਜਾਬ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਵਾਸੀਆਂ ਨੇ ਇਨ੍ਹਾਂ ਆਗੂਆਂ ਨੂੰ ਹਰਾ ਕੇ ਘਰ ਬਿਠਾ ਦਿੱਤਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਦੇ ਲੋਕ ਸਫਲ ਹੋਣ ਤੋਂ ਖੌਫ਼ ਖਾਂਦੇ ਸਨ ਕਿਉਂਕਿ ਸਿਆਸੀ ਲੀਡਰ ਉਨ੍ਹਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਇਨ੍ਹਾਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਵਿੱਚ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਵਿਅਕਤੀ ਨੂੰ ਜ਼ਿੰਦਗੀ ਵਿੱਚ ਕਾਮਯਾਬ ਹੋਣ ਦਾ ਮੌਕਾ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਿਆਸੀ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਸੱਤਾ ਵਿੱਚ ਰਹਿਣ ਦਾ ਰੱਬੀ ਹੱਕ ਹੈ ਜਿਸ ਕਰਕੇ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਦਾ ਸ਼ਾਸਨ ਸ਼ਾਨਦਾਰ ਢੰਗ ਨਾਲ ਕਿਉਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਪਰ ਹੁਣ ਲੋਕ ਇਨ੍ਹਾਂ ਦੇ ਭੰਡੀ ਪ੍ਰਚਾਰ ਵਿੱਚ ਨਹੀਂ ਆਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਬੇਰੁਜ਼ਗਾਰਾਂ ਦਾ ਨਵਾਂ ਵਰਗ ਹੈ, ਜਿਨ੍ਹਾਂ ਦੀ ਨਿਕੰਮੀ ਕਾਰਗੁਜ਼ਾਰੀ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਸਿਆਸੀ ਗੁੰਮਨਾਮੀ ਵੱਲ ਧੱਕ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ‘ਉੱਤਰ ਕਾਟੋ, ਮੈਂ ਚੜ੍ਹਾਂ’ ਵਾਂਗ ਵਾਰੀ ਬੰਨ੍ਹ ਕੇ ਹਰ ਪੰਜ ਸਾਲਾਂ ਬਾਅਦ ਸਰਕਾਰ ਬਣਾਉਣ ਵਾਲੀਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਦਾ ਬਜਟ ਅਗਾਂਹਵਧੂ ਅਤੇ ‘ਰੰਗਲੇ ਪੰਜਾਬ’ ਦੀ ਝਲਕ ਪੇਸ਼ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੋਕਾਂ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕਰਨਗੇ। ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਉਹ ਨੁਕਤਾਚੀਨੀ ਕਰਨ ਤੋਂ ਗੁਰੇਜ਼ ਕਰਨ ਅਤੇ ਉਨ੍ਹਾਂ ਨੂੰ ਪੰਜਾਬ ਦੀ ਭਲਾਈ ਲਈ ਕੰਮ ਕਰਨ ਦੇਣ।

ਮੁੱਖ ਮੰਤਰੀ ਨੇ ਕਿਹਾ, “ਰਾਜਨੀਤੀ ਵਿੱਚ ਬਦਲਾਅ ਲਿਆਉਣ ਅਤੇ ਆਮ ਆਦਮੀ ਨੂੰ ਸਿਆਸੀ ਪਾਰਟੀਆਂ ਦੇ ਏਜੰਡੇ ‘ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਮੈਂ ਹਮੇਸ਼ਾ ਹੀ ਕਿਸੇ ਵੀ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦਾ ਹਾਮੀ ਰਿਹਾ ਹਾਂ ਤਾਂ ਜੋ ਸਿਆਸੀ ਪਾਰਟੀਆਂ ਆਮ ਆਦਮੀ ਨਾਲ ਧੋਖਾ ਨਾ ਕਰ ਸਕਣ।”

ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਨੇ ਲੋਕਾਂ ਨੂੰ ਰਾਹਤ ਦੇਣ ਦੀ ਪੇਸ਼ਕਸ਼ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਕਟੌਤੀ ਇਸ ਦੀ ਜਿਉਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਨਿਰੰਤਰ ਵਾਧਾ ਕੀਤਾ ਪਰ ਹੁਣ ਉੱਚੀਆਂ ਕੀਮਤਾਂ ਵਿੱਚ ਨਿਗੂਣੀ ਕਟੌਤੀ ਕਰਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੀਆਂ ਨੌਟੰਕੀਆਂ ਦੇ ਝਾਂਸੇ ਵਿੱਚ ਨਾ ਆਉਣ ਕਿਉਂਕਿ ਇਹੋ ਜਿਹੇ ਆਗੂ ਅਜਿਹੀਆਂ ਕਾਰਵਾਈਆਂ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚੋਂ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸੂਬੇ ਵਿੱਚ 13-0 ਨਾਲ ਜਿਤਾ ‘ਆਪ’ ਦੇ ਹੱਥ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ 13 ਲੋਕ ਸਭਾ ਮੈਂਬਰ ਚੁਣੇ ਜਾਣ ‘ਤੇ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਹੁਲਾਰਾ ਦੇਣਗੇ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਈ-ਬੱਸ ਸੇਵਾ ਸ਼ਹਿਰ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਬੱਸਾਂ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਤੋਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਹੁਲਾਰਾ ਦੇ ਕੇ ਸ਼ਹਿਰ ਵਿੱਚ ਬੇਮਿਸਾਲ ਵਿਕਾਸ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਹੋਵੇਗਾ।

NO COMMENTS