*ਪੰਜਾਬ ਨੂੰ ਸਿਹਤ, ਸਿੱਖਿਆ ਅਤੇ ਵਿਕਾਸ ਪੱਖੋਂ ਦੇਸ਼ ਦਾ ਬਿਹਤਰੀਨ ਸੂਬਾ ਬਣਾਉਣਾ ਰਾਜ ਸਰਕਾਰ ਦਾ ਮੁੱਖ ਟੀਚਾ-ਬਲਜੀਤ ਕੌਰ*

0
28

ਮਾਨਸਾ, 19 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ): ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ, ਸਿੱਖਿਆ ਅਤੇ ਨੌਜਵਾਨ ਪੀੜ੍ਹੀ ਨੂੰ ਵੱਧ ਤੋ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਤੇ ਨਿਆਂ ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਬਲਜੀਤ ਕੌਰ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜ਼ਾ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਕੀਤਾ।
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ-ਪ੍ਰੇਸ਼ਾਨੀ ਤੋਂ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਨੂੰ ਸਿਹਤ ਅਤੇ ਸਿੱਖਿਆ ਵਰਗੇ ਬੁਨਿਆਦੀ ਖੇਤਰਾਂ ’ਚ ਦੇਸ਼ ਦਾ ਬਿਹਤਰੀਨ ਖਿੱਤਾ ਬਣਾਉਣਾ ਹੈ ਜਿਸ ਲਈ ਸਕੂਲਾਂ ਅਤੇ ਹਸਪਤਾਲਾਂ ਦੀ ਦਸ਼ਾ ਸੁਧਾਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਮੁਕੰਮਲ ਹੋਣ ਵਾਲੇ ਪ੍ਰੋਜੈਕਟਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਲੋਕ ਭਲਾਈ ਸਕੀਮਾਂ ਲਈ ਲਗਾਏ ਜਾ ਰਹੇ ਕੈਂਪਾਂ ਬਾਰੇ ਸਬੰਧਤ ਹਲਕੇ ਦੇ ਵਿਧਾਇਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰੇਕ ਹਲਕੇ ਦੇ ਵਿਕਾਸ ਕੰਮਾਂ ਲਈ ਸਰਕਾਰ ਵੱਲੋਂ ਮਿਲਣ ਵਾਲੀ ਗ੍ਰਾਂਟ ਨੂੰ ਪਾਰਦਰਸ਼ੀ ਅਤੇ ਯੌਜਨਾਬੱਧ ਤਰੀਕੇ ਨਾਲ ਵਰਤਿਆ ਜਾਵੇ। ਮੀਟਿੰਗ ਦੌਰਾਨ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਬੁਢਲਾਡਾ ਸ੍ਰੀ ਬੁੱਧ ਰਾਮ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਹਲਕੇ ਨਾਲ ਸਬੰਧਤ ਭਲਾਈ ਯੌਜਨਾਵਾਂ ਅਤੇ ਵਿਕਾਸ ਕੰਮਾਂ ਬਾਰੇ ਕੈਬਨਿਟ ਮੰਤਰੀ ਜਾਣੂ ਕਰਵਾਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਸਾ ਸ਼ਹਿਰ ਅੰਦਰ ਸੀਵਰੇਜ਼ ਦੀ ਸਮੱਸਿਆ ਨੂੰ ਨਜਿੱਠਣ ਲਈ ਕੰਮ ਪ੍ਰਕਿਰਿਆ ਅਧੀਨ ਹੈ, ਜਿਸਦਾ ਬਹੁਤ ਜਲਦ ਹਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋੜਵੰਦ ਪਰਿਵਾਰਾਂ ਨੂੰ ਲੜਕੀ ਦੇ ਵਿਆਹ ’ਤੇ ਮਿਲਣ ਵਾਲੀ ਬਕਾਇਆ ਸ਼ਗਨ ਸਕੀਮ ਦੀ ਰਾਸ਼ੀ ਜਲਦ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਗਲਤ ਪਾਏ ਜਾਣ ਵਾਲੇ ਰਾਸ਼ਨ ਕਾਰਡ ਧਾਰਕਾਂ ਦੀ ਕਟੌਤੀ ਕਰਕੇ ਯੌਗ ਅਤੇ ਲੋੜਵੰਦ ਪਰਿਵਾਰਾਂ ਨੂੰ ਹੀ ਸਰਕਾਰ ਦੀ ਆਟਾ ਦਾਲ ਸਕੀਮ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅੰਦਰ ਭ੍ਰਿਸ਼ਟਾਚਾਰ ਨੂੰ ਜੜ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਸਰਕਾਰੀ ਵਿਭਾਗ ਵਿਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਸਹਿਣ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਯੋਗ ਅਤੇ ਲੋੜਵੰਦ ਲੋਕਾਂ ਤੱਕ ਲਾਭ ਪੁਜਦਾ ਕਰਵਾਉਣ ਅਤੇ ਵਿਕਾਸ ਕੰਮਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ, ਐਸ.ਡੀ.ਐਮ. ਮਾਨਸਾ ਸ੍ਰੀ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here