
ਚੰਡੀਗੜ੍ਹ, 5 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ।
ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਨਿਵੇਸ਼ ਪ੍ਰੋਤਸਾਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬੇ ਨੇ ਪਿਛਲੇ 9 ਮਹੀਨਿਆਂ ਵਿੱਚ ਟੈਕਸਟਾਈਲ, ਟੈਕਨੀਕਲ ਟੈਕਸਟਾਈਲ, ਲਿਬਾਸ ਅਤੇ ਮੇਕਅੱਪ ਖੇਤਰ ਵਿੱਚ 3200 ਕਰੋੜ ਤੋਂ ਵੱਧ ਦਾ ਨਿਵੇਸ਼ ਸਫ਼ਲਤਾਪੂਰਵਕ ਸੁਰੱਖਿਅਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਿਵੇਸ਼ ਕਰਨ ਵਾਲੀਆਂ ਕੰਪ\ਨੀਆਂ ਵਿੱਚ ਸਨਾਤਨ ਪੋਲੀਕੋਟ, ਨਾਹਰ ਸਪਿਨਿੰਗ ਮਿੱਲਜ਼ ਅਤੇ ਹੋਰ ਕਈ ਪ੍ਰਮੁੱਖ ਕੰਪਨੀਆਂ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਟੈਕਸਟਾਈਲ ਸੈਕਟਰ ਵਿੱਚ 3200 ਕਰੋੜ ਰੁਪਏ ਦੇ ਨਿਵੇਸ਼ ਨਾਲ ਕੱਪੜਾ ਉਦਯੋਗ ਵਿੱਚ 13,000 ਤੋਂ ਵੱਧ ਹੁਨਰਮੰਦ ਕਾਮਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦੇ ਕੇ ਕਿਹਾ ਕਿ ਇਹ ਨਿਵੇਸ਼ ਰਾਜ ਸਰਕਾਰ ਦੁਆਰਾ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਉਜਾਗਰ ਕਰਦਾ ਹੈ ਜੋ ਕਿ ਰਾਜ ਵਿੱਚ ਇੱਕ ਉਦਯੋਗਿਕ ਵਾਤਾਵਰਣ ਦੀ ਸਿਰਜਣਾ ‘ਤੇ ਕੇਂਦ੍ਰਿਤ ਹੈ ਅਤੇ ਕਾਰੋਬਾਰ ਲਈ ਅਨੁਕੂਲ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ, ਸੜਕਾਂ, ਰੇਲਵੇ ਅਤੇ ਹਵਾਈ ਮਾਰਗਾਂ ਦੇ ਮਾਮਲੇ ਵਿੱਚ ਪੰਜਾਬ ਦੀ ਵਧੀਆ ਕਨੈਕਟੀਵਿਟੀ, ਬਿਨਾਂ ਕਿਸੇ ਨਿਵਾਸ ਪਾਬੰਦੀਆਂ ਦੇ ਮਜ਼ਦੂਰਾਂ ਨਾਲ ਚੰਗੇ ਸਬੰਧ ਅਤੇ ਨਿਰਵਿਘਨ ਬਿਜਲੀ ਸਪਲਾਈ ਆਦਿ ਸੂਬੇ ਵਿੱਚ ਕਾਰੋਬਾਰ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਦੇ ਹਨ।————
