*ਪੰਜਾਬ ਨੇ ਰਜਿਸਟ੍ਰੇਸ਼ਨ ਅਤੇ ਸਟੈਂਪ ਡਿਊਟੀ ਤੋਂ ਇਕ ਮਹੀਨੇ ਵਿੱਚ 352.62 ਕਰੋੜ ਰੁਪਏ ਜੁਟਾਏ*

0
24

ਚੰਡੀਗੜ੍ਹ, 25 ਮਈ (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਅਤੇ ਸਟੈਂਪ ਡਿਊਟੀ ਤੋਂ ਪਿਛਲੇ ਸਾਲ ਦੇ ਮੁਕਾਬਲੇ ਅਪ੍ਰੈਲ 2022 ਵਿੱਚ ਮਾਲੀਏ ਵਿੱਚ 30.45 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਵੇਰਵਿਆਂ ਸਹਿਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਵਿਭਾਗ ਨੇ 1 ਤੋਂ 30 ਅਪ੍ਰੈਲ, 2022 ਤੱਕ ਰਜਿਸਟ੍ਰੇਸ਼ਨ ਅਤੇ ਸਟੈਂਪ ਡਿਊਟੀ ਤੋਂ 352.62 ਕਰੋੜ ਰੁਪਏ ਤੋਂ ਵੱਧ ਰਾਸ਼ੀ ਜੁਟਾਈ ਹੈ ਜਦੋਂਕਿ ਪਿਛਲੇ ਸਾਲ ਇਸ ਮਹੀਨੇ ਦੌਰਾਨ 270.31 ਕਰੋੜ ਰੁਪਏ ਇਕੱਤਰ ਹੋਏ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਲੋਕ-ਪੱਖੀ ਨੀਤੀਆਂ ਸਦਕਾ ਇਹ ਵਾਧਾ ਦਰਜ ਕੀਤਾ ਗਿਆ ਹੈ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰ ਦੀ ਵਾਗਡੋਰ ਸੰਭਾਲਣ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਸਪੱਸ਼ਟ ਸੰਦੇਸ਼ ਇਸ ਸਰਕਾਰ ਦੇ ਮਾਲੀਏ ਵਿੱਚ ਵਾਧੇ ਦਾ ਆਧਾਰ ਬਣਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਲੀਏ ਵਿੱਚ ਹੋਏ ਵਾਧੇ ਦੀ ਵਰਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਕਈ ਸਮਾਜ ਭਲਾਈ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ, ਜੋ ਆਮ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਗੀਆਂ। ਉਨ੍ਹਾਂ ਮੁੜ ਭਰੋਸਾ ਦਿੱਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਜਾਂ ਹੋਰ ਕਿਸੇ ਕਿਸਮ ਦੀ ਕੁਤਾਹੀ ਲਈ ਕੋਈ ਥਾਂ ਨਹੀਂ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here