*ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ਼ ਕਾਰਵਾਈ ਨੂੰ ਲੋਕਾਂ ਦਾ ਮਿਲਿਆ ਭਰਪੂਰ ਸਮਰਥਨ*

0
15

ਚੰਡੀਗੜ੍ਹ, 7 ਫਰਵਰੀ (ਸਾਰਾ ਯਹਾਂ/  ਮੁੱਖ ਸੰਪਾਦਕ)  : ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।
ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ ‘ਤੇ ਸੂਬੇ ਵਿੱਚ ਨਸ਼ਿਆਂ ਸਬੰਧੀ ਸੰਵੇਦਨਸ਼ੀਲ ਥਾਵਾਂ ‘ਤੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ (ਸੀ.ਏ.ਐਸ.ਓਜ਼.) ਚਲਾਈਆਂ ਜਾ ਰਹੀਆਂ ਹਨ। ਸਮਾਜ ਦੇ ਸਾਰੇ ਵਰਗਾਂ ਦੇ ਲੋਕ ਪੁਲਿਸ ਬਲ ਦੀ ਕਾਰਵਾਈ ਅਤੇ ਪੁਲਿਸ ਟੀਮਾਂ ਦੇ ਸਹਿਯੋਗ ਤੋਂ ਬਹੁਤ ਖੁਸ਼ ਹਨ।
ਪੰਚਾਇਤ ਨੇ ਨਸ਼ਾ ਮੁਕਤ ਐਲਾਨੇ ਪਿੰਡ ਖਰੌੜੀ (ਫ਼ਤਹਿਗੜ੍ਹ ਸਾਹਿਬ) ਦੇ ਸਰਪੰਚ ਹਰਪਿੰਦਰ ਸਿੰਘ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲੀਸ ਦਾ ਧੰਨਵਾਦ ਕੀਤਾ। ਉਨ੍ਹਾਂ ਪੰਚਾਇਤ ਦੀ ਤਰਫੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਇਸ ਜੰਗ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸੋਮਵਾਰ ਨੂੰ ਫ਼ਤਹਿਗੜ੍ਹ ਸਾਹਿਬ, ਤਰਨਤਾਰਨ, ਪਠਾਨਕੋਟ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਦਿਹਾਤੀ ਸਮੇਤ ਪੰਜ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਈਆਂ ਅਤੇ ਨਾਕਾਬੰਦੀਆਂ ਕੀਤੀਆਂ। ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੁਲਿਸ ਟੀਮਾਂ ਨੇ ਮੁੜ ਵਸੇਬਾ ਕੇਂਦਰਾਂ ਦਾ ਦੌਰਾ ਵੀ ਕੀਤਾ ਤਾਂ ਜੋ ਇਲਾਜ ਅਧੀਨ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਮੁੜ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਮੁੱਖ ਧਾਰਾ ਵਿੱਚ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਡੀਜੀਪੀ ਨੇ ਕਿਹਾ ਕਿ ਪੰਜ ਜ਼ਿਲ੍ਹਿਆਂ ਵਿੱਚ ਚਲਾਏ ਗਏ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਅਤੇ ਵੱਡਾ ਸਮਰਥਨ ਮਿਲਿਆ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਵਿਅਕਤੀ ਦੇ ਨਸ਼ਾ ਵੇਚਣ/ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਬਾਰੇ ਪਤਾ ਲੱਗਦਾ ਹੈ ਤਾਂ ਇਸ ਸਬੰਧੀ ਉਹ ਪੁਲਿਸ ਨਾਲ ਜਾਣਕਾਰੀ ਸਾਂਝੀ ਕਰਨ।
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖਿਆਲਾ ਵਿਖੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ ਅਤੇ ਇਲਾਜ ਅਧੀਨ ਨੌਜਵਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਵਿੱਚ ਸਨਮਾਨਜਨਕ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਪੁਲਿਸ ਨੇ ਉਹਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਅਤੇ ਕੁਝ ਸਮਾਂ ਉਨ੍ਹਾਂ ਨਾਲ ਖੇਡਾਂ ਖੇਡਣ ਦੇ ਨਾਲ ਹੀ ਉਨ੍ਹਾਂ ਨੂੰ ਮਠਿਆਈਆਂ ਤੇ ਫਲ ਵੀ ਭੇਟ ਕੀਤੇ।
ਹੁਸ਼ਿਆਰਪੁਰ ਪੁਲਿਸ ਨੇ ਪਿੰਡ ਭੁੰਗਰਨੀ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਉਣ ਸਬੰਧੀ ਕਾਰਵਾਈ ਕਰਦਿਆਂ ਐਨ.ਡੀ.ਪੀ.ਐਸ. ਐਕਟ ਤਹਿਤ ਦੋ ਐਫ.ਆਈ.ਆਰਜ਼. ਦਰਜ ਕੀਤੀਆਂ। ਪੁਲਿਸ ਟੀਮਾਂ ਨੇ ਨਸ਼ੇ ਦੇ ਆਦੀ 9 ਨੌਜਵਾਨਾਂ ਨੂੰ ਪ੍ਰੇਰਿਤ ਵੀ ਕੀਤਾ ਅਤੇ ਉਨ੍ਹਾਂ ਨੂੰ ਹੁਸ਼ਿਆਰਪੁਰ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਦਾਖਲ ਕਰਵਾਇਆ।
ਪੁਲਿਸ ਵੱਲੋਂ ਫ਼ਤਹਿਗੜ੍ਹ ਸਾਹਿਬ ‘ਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਈਆਂ ਗਈਆਂ ਅਤੇ ਸਖ਼ਤ ਨਾਕਾਬੰਦੀ ਕੀਤੀ ਗਈ, ਪੁਲਿਸ ਟੀਮਾਂ ਨੇ ਪਿੰਡ ਖੜੌਰੀ ਦਾ ਦੌਰਾ ਵੀ ਕੀਤਾ ਜਿੱਥੇ ਪੰਚਾਇਤ ਨੇ ਮਤਾ ਪਾਸ ਕਰਕੇ ਪਿੰਡ ਨੂੰ ਨਸ਼ਾ ਮੁਕਤ ਐਲਾਨਿਆ ਹੈ। ਦਿਲਚਸਪ ਗੱਲ ਇਹ ਹੈ ਕਿ ਇਸ ਮੌਕੇ ਸਮਾਜ ਦੇ ਹਰ ਵਰਗ ਦੇ ਲੋਕ ਹਾਜ਼ਰ ਸਨ ਅਤੇ ਉਹ ਸਾਰੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਸਨ। ਇਸੇ ਤਰ੍ਹਾਂ ਤਰਨਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਵੀ ਕਾਰਵਾਈਆਂ ਕੀਤੀਆਂ ਗਈਆਂ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਉਪਰੰਤ ਅੱਜ ਸਾਡੀ ਨਸ਼ਾ ਵਿਰੋਧੀ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ।

———-

LEAVE A REPLY

Please enter your comment!
Please enter your name here