
ਚੰਡੀਗੜ੍ਹ, 4 ਅਗਸਤ (ਸਾਰਾ ਯਹਾਂ/ ਮੁੱਖ ਸੰਪਾਦਕ ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਰਾਜ ਸਭਾ ਵਿੱਚ ਕੇਂਦਰੀ ਮੰਤਰੀ ਵੱਲੋਂ ਇਹ ਗੱਲ ਆਖੀ ਗਈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ।
ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਸਾਡਾ ਹੱਕ ਹੈ। ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’’
ਉਚੇਰੀ ਸਿੱਖਿਆ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਪਾਸ ਕੀਤਾ ਸੀ। ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪਾਰਲੀਮੈਂਟ ਦੇ ਉਪਰਲੇ ਸਦਨ ਵਿੱਚ ਇਹ ਮਾਮਲਾ ਉਠਾਇਆ ਜਿਸ ਉੱਤੇ ਕੇਂਦਰੀ ਮੰਤਰੀ ਨੇ ਜਵਾਬ ਦਿੱਤਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ ਹੈ। ਇਹ ਸੂਬਾ ਸਰਕਾਰ ਦੀ ਇਸ ਮਾਮਲੇ ਵਿੱਚ ਵੱਡੀ ਜਿੱਤ ਹੈ।—————
