ਮਾਨਸਾ, 05 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ ) : ਲੰਘੀ 29 ਮਈ ਨੂੰ ਉੱਘੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦਾ ਮਾਨਸਾ ਜ਼ਿਲੇ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਸਬੰਧੀ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨਾਲ ਅਫਸੋਸ ਕਰਨ ਲਈ ਉਨਾਂ ਦੇ ਪਿੰਡ ਮੂਸਾ ਵਿਖੇ ਪੁੱਜੇ।
ਇਸ ਮੌਕੇ ਸਿੱਧੂ ਮੂਸੇ ਵਾਲਾ ਦੇ ਪਰਿਵਾਰ, ਪਿੰਡ ਵਾਸੀਆਂ ਅਤੇ ਪ੍ਰਸੰਸ਼ਕਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਦਾਰ ਸੰਧਵਾਂ ਨੇ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਨੇ ਛੋਟੀ ਉਮਰੇ ਵੱਡਾ ਨਾਮ ਕਮਾਕੇ ਆਪਣੇ ਪਿੰਡ ਅਤੇ ਮਾਪਿਆਂ ਦਾ ਨਾਮ ਦੇਸ਼ ਦੁਨੀਆ ’ਚ ਰੋਸ਼ਣ ਕੀਤਾ, ਪਰ ਭਰ ਜੋਬਨ ਰੁੱਤੇ ਇਸ ਤਰਾਂ ਤੁਰ ਜਾਣ ਨਾਲ ਦੇਸ ਦੁਨੀਆਂ ’ਚ ਵਸਦੇ ਸਮੂਹ ਪੰਜਾਬੀਆਂ ਤੋਂ ਇਲਾਵਾ ਹੋਰ ਸੂਬਿਆਂ ਅਤੇ ਦੇਸ਼ਾਂ ’ਚ ਵੀ ਸੋਗ ਦੀ ਲਹਿਰ ਹੈ।
ਸਪੀਕਰ ਸ਼੍ਰੀ ਸੰਧਵਾਂ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸ਼ੁੱਭਦੀਪ ਸਿੰਘ ਦੇ ਕਾਤਲਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਨੇ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਨੂੰ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਕੀਤੇ ਹੋਏ ਹਨ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਉਨਾਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ।
ਉਨਾਂ ਕਿਹਾ ਕਿ ਮੌਜੂਦਾ ਸਮਾਂ ਕਿਸੇ ਗੱਭਰੂ ਦੀ ਮੌਤ ’ਤੇ ਸਿਆਸੀ ਰੋਟੀਆਂ ਸੇਕਣ ਦਾ ਨਹੀਂ ਹੈ, ਸਗੋਂ ਸਿਰ ਜੋੜ ਕੇ ਬੈਠਣ ਅਤੇ ਵਿਚਾਰ ਕਰਨ ਦਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਸਹੀ ਦਿਸ਼ਾ ਵੱਲ ਕਿਸ ਤਰਾਂ ਵਧਾਇਆ ਜਾਵੇ, ਤਾਂ ਜੋ ਭਵਿੱਖ ’ਚ ਇਸ ਤਰਾਂ ਦੀਆਂ ਅਤਿ ਮੰਦਭਾਗੀਆਂ ਘਟਨਾਵਾਂ ਤੋਂ ਬਚਾਅ ਹੋ ਸਕੇ।