
ਚੰਡੀਗੜ੍ਹ: ਪੰਜਾਬ ਵਿੱਚ ਕਿਸਾਨਾਂ ਦੇ ਭਾਰੀ ਪ੍ਰਦਰਸ਼ਨ ਦੇ ਮੱਦੇਨਜ਼ਰ ਦੋ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਉੱਤਰੀ ਰੇਲਵੇ ਵਲੋਂ ਸ਼ੁੱਕਰਵਾਰ ਨੂੰ ਕਿਹਾ ਗਿਆ ਕਿ ਪੰਜਾਬ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦੋ ਰੇਲ ਗੱਡੀਆਂ ਰੱਦ ਕੀਤੀਆਂ ਗਈਆਂ, ਜਦੋਂਕਿ ਪੰਜ ਟ੍ਰੇਨਾਂ ਦੀ ਦੂਰੀ ਘੱਟ ਕੀਤੀ ਗਈ ਅਤੇ ਪੰਜ ਦੇ ਰੂਟ ਬਦਲ ਦਿੱਤੇ ਗਏ। ਖਾਸ ਗੱਲ ਇਹ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਸ਼ੁੱਕਰਵਾਰ ਨੂੰ ‘ਦਿੱਲੀ ਚਲੋ’ ਮਾਰਚ ਤਹਿਤ ਪ੍ਰਦਰਸ਼ਨ ਕਰਨ ਲਈ ਦਿੱਲੀ ਆਏ ਹਨ। ਦਿੱਲੀ ਪੁਲਿਸ ਨੇ ਇਨ੍ਹਾਂ ਕਿਸਾਨਾਂ ਨੂੰ ਬੁਰੀ ਦੇ ਨਿਰੰਕਾਰੀ ਗਰਾਉਂਡ ਵਿਖੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਹੈ।
ਦਿੱਲੀ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਨੂੰ ਉੱਤਰੀ ਦਿੱਲੀ ਦੇ ਬੁਰਾੜੀ ਖੇਤਰ ਵਿੱਚ ਸਥਿਤ ਨਿਰੰਕਾਰੀ ਗਰਾਉਂਡ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਏਗੀ। ਉਨ੍ਹਾਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਵਿਵਸਥਾ ਬਹਾਲ ਰੱਖਣ ਅਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇਣ ‘ਤੇ ਦਿੱਲੀ ਪੁਲਿਸ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੇਂਦਰ ਦੇ ਉਸ ਫੈਸਲੇ ਦਾ ਸਵਾਗਤ ਕਰਦੇ ਹਨ, ਜਿਸ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਤਹਿਤ ਪ੍ਰਦਰਸ਼ਨ ਕਰਨ ਦੀ ਪ੍ਰਮਿਸ਼ਨ ਦਿੱਤੀ ਗਈ। ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਤੁਰੰਤ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ।
ਇਸ ਤੋਂ ਪਹਿਲਾਂ, ਕਿਸਾਨਾਂ ਨੇ ਰਾਮਲੀਲਾ ਮੈਦਾਨ ‘ਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮੰਗੀ ਸੀ, ਪਰ ਦਿੱਲੀ ਪੁਲਿਸ ਨੇ ਉੱਥੇ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵਲੋਂ ਕਿਸਾਨਾਂ ਨੂੰ ਰੋਕਣ ਲਈ ਵਰਤੀ “ਕਰੂਰ ਤਾਕਤ” ਦੀ ਵਰਤੋਂ ਦੀ ਆਲੋਚਨਾ ਕੀਤੀ।
