*ਪੰਜਾਬ ਵਿੱਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ; ਅੰਮ੍ਰਿਤਸਰ ਜ਼ਿਲ੍ਹਾ ਮੋਹਰੀ*

0
8

ਚੰਡੀਗੜ੍ਹ, 18 ਅਗਸਤ: (ਸਾਰਾ ਯਹਾਂ/ਹਿਤੇਸ਼ ਸ਼ਰਮਾ):

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ 1.35 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਮੋਹਰੀ ਰਿਹਾ ਹੈ।

ਖੇਤੀਬਾੜੀ ਮੰਤਰੀ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸਾਉਣੀ ਦੇ ਇਸ ਸੀਜ਼ਨ ਦੌਰਾਨ 14 ਅਗਸਤ ਤੱਕ ਕੁੱਲ 31.88 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਹੈ, ਜਿਸ ਵਿੱਚੋਂ 5.74 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2022-23 ਦੌਰਾਨ ਕੁੱਲ 31.68 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਸੀ, ਜਿਸ ਵਿੱਚੋਂ 4.95 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਸੀ।
ਬਾਸਮਤੀ ਦੀ ਕਾਸ਼ਤ ਦੇ ਜ਼ਿਲ੍ਹਾਵਾਰ ਅੰਕੜੇ ਦਿੰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਤਰਨ ਤਾਰਨ ਵਿੱਚ ਕ੍ਰਮਵਾਰ 90,000 ਹੈਕਟੇਅਰ, 78,800 ਹੈਕਟੇਅਰ ਅਤੇ 52,000 ਹੈਕਟੇਅਰ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ 24,000 ਹੈਕਟੇਅਰ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂਕਿ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਬਾਸਮਤੀ ਦੇ ਅਧੀਨ ਰਕਬੇ ਵਿੱਚ ਕ੍ਰਮਵਾਰ 21,500 ਹੈਕਟੇਅਰ ਅਤੇ 18000 ਹੈਕਟੇਅਰ ਦਾ ਵਾਧਾ ਹੋਇਆ ਹੈ।
ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬਾਸਮਤੀ ਦੀ ਕਾਸ਼ਤ ਵਿੱਚ ਇਹ ਵਾਧਾ ਇਸ ਕਰਕੇ ਦੇਖਣ ਨੂੰ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦਾ ਨੁਕਸਾਨ ਨਾ ਝੱਲਣਾ ਪਵੇ।

NO COMMENTS