ਪੰਜਾਬ ਵਿੱਚ ਸੇਵਾ ਕੇਂਦਰ ਸੀਮਤ ਸਟਾਫ਼ ਨਾਲ 8 ਮਈ ਤੋਂ ਮੁੜ ਖੁੱਲ੍ਹਣਗੇ

0
149

ਚੰਡੀਗੜ੍ਹ, 7 ਮਈ(ਸਾਰਾ ਯਹਾ/ ਬਲਜੀਤ ਸ਼ਰਮਾ): ਕੇਂਦਰੀ ਗ੍ਰਹਿ ਮੰਤਰਾਲੇ ਅਤੇ ਪੰਜਾਬ ਗ੍ਰਹਿ ਵਿਭਾਗ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਦਿਸ਼ਾ ਵਿੱਚ ਵਧੀਕ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਸ੍ਰੀਮਤੀ ਵਿਨੀ ਮਹਾਜਨ ਨੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਜਾਰੀ ਕਰਦਿਆਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 8 ਮਈ (ਸ਼ੁੱਕਰਵਾਰ) ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰਾਂ ਨੂੰ ਮੁੜ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਅੱਜ ਇਥੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਨੇ ਸੇਵਾ ਕੇਂਦਰਾਂ ਨੂੰ ਮੁੜ ਖੋਲ੍ਹਣ ਦੇ ਆਦੇਸ਼ ਦਿੱਤੇ ਹਨ ਜਿਹੜੇ ਕੋਵਿਡ -19 ਮਹਾਮਾਰੀ ਦੌਰਾਨ ਕਰਫਿਊ/ਲੌਕਡਾਊਨ ਦੇ ਚੱਲਦਿਆਂ ਬੰਦ ਕਰ ਦਿੱਤੇ ਸਨ।  
ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਵੱਖ ਵੱਖ ਜੀ 2 ਸੀ ਅਤੇ ਬੀ 2 ਸੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਇਹ ਸੇਵਾ ਕੇਂਦਰ ਪੰਜਾਬ ਦੇ ਏਕੀਕ੍ਰਿਤ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਕੇਂਦਰ ਹਨ ਅਤੇ ਇਹ ਕੱਲ੍ਹ ਤੋਂ ਮੁੜ ਖੁੱਲ੍ਹ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰਿਆਂ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰ ਵਿੱਚ ਇਨ੍ਹਾਂ ਨੂੰ ਖੋਲ੍ਹਣ ਦੀ ਇਕਸਾਰ ਕਾਰਜ ਵਿਧੀ (ਐਸ.ਓ.ਪੀ.) ਜਾਰੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੋਵਿਡ -19 ਦੌਰਾਨ ਇਹਨਾਂ ਸੇਵਾ ਕੇਂਦਰਾਂ ਵਿਖੇ ਆਉਣ ਵਾਲੇ ਨਾਗਰਿਕਾਂ ਅਤੇ ਇਹਨਾਂ ਕੇਂਦਰਾਂ ਵਿੱਚ ਕੰਮ ਕਰ ਰਹੇ ਸਟਾਫ਼ ਦੀ ਸਫ਼ਾਈ ਅਤੇ ਸਵੱਛਤਾ ਬਣਾਏ ਰੱਖਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਜਾਰੀ ਕੀਤੀ ਇਕ ਵਿਸਥਾਰਤ ਐਡਵਾਇਜ਼ਰੀ ਦਾ ਪਾਲਣ ਕੀਤਾ ਜਾਵੇ।  
ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸੇਵਾ ਕੇਂਦਰਾਂ ਦਾ ਕੰਮ ਪੜਾਅਵਾਰ ਢੰਗ ਨਾਲ ਮੁੜ ਸ਼ੁਰੂ ਕੀਤਾ ਜਾਵੇਗਾ। ਪਹਿਲੇ ਪੜਾਅ ਵਿਚ ਕੁੱਲ 516 ਸੇਵਾ ਕੇਂਦਰਾਂ ਵਿਚੋਂ 467 ਖੋਲ੍ਹੇ ਜਾਣਗੇ, ਜਿਨ੍ਹਾਂ ਵਿਚ ਸੀਮਤ ਸਟਾਫ਼ ਨਾਲ ਕੁੱਲ 217 ਵਿਚੋਂ 153 ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਅੱਗੇ ਕਿਹਾ ਕਿ ਅਸਲੇ ਅਤੇ ਵਿਆਹ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ ਦੂਜੇ ਪੜਾਅ ਵਿੱਚ ਸ਼ੁਰੂ ਕੀਤੀਆਂ ਜਾਣਗੀਆਂ।
ਸ੍ਰੀਮਤੀ ਮਹਾਜਨ ਨੇ ਅੱਗੇ ਦੱਸਿਆ ਕਿ ਉਪਲਬਧ ਸੇਵਾਵਾਂ ਦੀ ਸੂਚੀ https: // dgrpg.punjab.gov.in/ ’ਤੇ ਵੀ ਵੇਖੀ ਜਾ ਸਕਦੀ ਹੈ। ਉਹਨਾਂ ਅੱਗੇ ਕਿਹਾ ਕਿ ਸੇਵਾ ਕੇਂਦਰ ਸੋਮਵਾਰ ਤੋਂ ਸ਼ਨਿਚਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਕੋਈ ਵੀ ਨਾਗਰਿਕ ਉਪਲਬਧ ਸੇਵਾਵਾਂ ਲੈਣ ਲਈ ਜਾ ਸਕਦਾ ਹੈ ਜਦੋਂ ਕਿ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਵਾਜਬ ਮੁਲਾਕਾਤ ਹਾਸਲ ਅਤੇ ਕਰਫਿਊ ਪਾਸ ਵਾਲੇ ਲੋਕਾਂ ਨੂੰ ਹੀ ਇੱਥੋਂ ਸੇਵਾ ਦਾ ਲਾਭ ਲੈਣ ਦੀ ਆਗਿਆ ਹੋਵੇਗੀ। ਉਹਨਾਂ ਅੱਗੇ ਕਿਹਾ ਕਿ ਇਹ ਮੁਲਾਕਾਤ ਕੋਵਾ ਪੰਜਾਬ ਮੋਬਾਈਲ ਐਪ, ਐਮਸੇਵਾ ਰਾਹੀਂ ਲਈ ਜਾ ਸਕਦੀ ਹੈ। ਵਿਸਥਾਰਤ ਐਸ.ਓ.ਪੀ. https: // dgrpg.punjab.gov.in/ ’ਤੇ ਵੇਖਿਆ ਜਾ ਸਕਦਾ ਹੈ।——-

LEAVE A REPLY

Please enter your comment!
Please enter your name here