
ਚੰਡੀਗੜ੍ਹ, 6 ਨਵੰਬਰ(ਸਾਰਾ ਯਹਾ / ਮੁੱਖ ਸੰਪਾਦਕ) :ਕੇਂਦਰੀ ਕਾਨੂੰਨਾਂ ਖਿ਼ਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ਼੍ਰਗਟਾਉਂਦਿਆਂ ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।ਸੂਬਾ ਸਰਕਾਰ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਮੰਗਾਂ ਮੰਨੀਆਂ ਜਾਣ ਤੱਕ ਕਿਸਾਨਾਂ ਦੇ ਮੋਢੇ ਨਾਲ ਮੋਢੇ ਡਾਹ ਕੇ ਡਟੀ ਰਹੇਗੀ।
ਸ੍ਰੀ ਬਿੰਦਰਾ ਨੇ ਕਿਹਾ ਕਿ ਸਾਡੀ ਲੜਾਈ ਪੰਜਾਬੀਆਂ ਦੇ ਹੱਕਾਂ ਲਈ ਹੈ ਅਤੇ ਅਸੀਂ ਇਸ ਲੜਾਈ ਨੂੰ ਉਦੋਂ ਤੱਕ ਜਾਰੀ ਰੱਖਾਂਗੇ, ਜਦੋਂ ਤੱਕ ਸਾਨੂੰ ਆਪਣਾ ਬਣਦਾ ਹੱਕ ਨਹੀਂ ਮਿਲ ਜਾਂਦਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਭੇਜੇ ਨੋਟਿਸਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੇ ਕੇਂਦਰ ਸਰਕਾਰ ਦੀ ਮਾੜੀਸੋਚ ਨੂੰ ਨੰਗਾ ਕੀਤਾ ਹੈ।ਪੰਜਾਬ ਦੇ ਲੋਕ ਕੇਂਦਰ ਸਰਕਾਰ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਦਾ ਢੁਕਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਜਿਹੀਆਂ ਅਨੈਤਿਕ ਹਰਕਤਾਂ ਤੋਂ ਨਹੀਂ ਡਰਨਗੇ।ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਕੇ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕੀਤਾ ਸੀ ਅਤੇ ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਕਾਨੂੰਨਾਂ ਦਾ ਸਖ਼ਤ ਜਵਾਬ ਦੇਣ ਦੀ ਕੋਸਿ਼ਸ਼ ਕਰ ਰਹੇ ਹਨ ਤਾਂ ਕੇਂਦਰੀ ਏਜੰਸੀਆਂ ਵੱਲੋਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਇਸ ਭਿਆਨਕ ਤੇ ਸੰਕਟਕਾਲੀ ਦੌਰ ਵਿੱਚ ਪੰਜਾਬ ਸਰਕਾਰ ਨਾਲ ਖੜੇ੍ਹ ਹੋਣਾ ਚਾਹੀਦਾ ਹੈ ਕਿਉਂਕਿ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬੀਆਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ’ਤੇ ਤੁਲੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਖੜੇ੍ਹ ਹਾਂ।———-
