ਚੰਡੀਗੜ੍ਹ,08 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਨਾਲ ਪ੍ਰਦੂਸ਼ਣ ਹੁੰਦਾ ਹੈ, ਪਰ ਕੀ ਪਟਾਕਿਆਂ ਦੇ ਧੂੰਏ ਨਾਲ ਨਹੀਂ ਹੁੰਦਾ? ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ‘ਤੇ ਜੁਰਮਾਨਾ ਵਸੂਲਿਆ ਜਾਂਦਾ ਹੈ, ਪਰ ਪਟਾਕਿਆਂ ਦੀ ਵਿਕਰੀ ‘ਤੇ ਕੋਈ ਰੋਕ ਕਿਉਂ ਨਹੀਂ? ਇਹ ਸਵਾਲ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਨੂੰ ਪੁੱਛੇ ਗਏ ਹਨ। ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ ਤੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਪਟਾਕੇ ਚਲਾਉਣ ਵਾਲਿਆਂ ‘ਤੇ ਮੁਕੰਮਲ ਪਾਬੰਦੀ ਜਾਰੀ ਕਰਨ।
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਮੁਤਾਬਕ ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਜਦੋਂ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਹੁੰਦਾ ਹੈ ਤਾਂ ਪਟਾਕੇ ਵੀ ਪ੍ਰਦੂਸ਼ਣ ਦਾ ਕਾਰਨ ਬਣਦੇ ਹਨ। ਜਦੋਂ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਹੁੰਦਾ ਹੈ ਅਤੇ ਲੋਕਾਂ ਦੀ ਸਿਹਤ ਨੂੰ ਨੁਕਸਾਨ ਪਹੁੰਚਦਾ ਹੈ, ਤਦ ਪਟਾਕੇ ਵੀ ਭਾਰੀ ਪ੍ਰਦੂਸ਼ਣ ਦਾ ਕਾਰਨ ਬਣਦੇ ਹਨ, ਜਿਸ ਲਈ ਸਰਕਾਰ ਨਿਰਮਾਣ ਤੇ ਵੇਚਣ ਦੇ ਲਾਇਸੈਂਸ ਦੇ ਬਦਲੇ ਵਿਕਰੇਤਾਵਾਂ ਕੋਲੋਂ ਲੱਖਾਂ ਰੁਪਏ ਵਸੂਲਦੀ ਹੈ।
ਕਿਸਾਨ ਜਥੇਬੰਦੀਆਂ ਨੇ ਕਿਹਾ, ਕੀ ਇਹ ਗਲਤ ਨਹੀਂ ਹੈ? ਹਾਲ ਹੀ ਵਿੱਚ ਕਿਸਾਨਾਂ ਨੇ ਸਰਕਾਰ ਤੋਂ ਦੁਸਹਿਰੇ ਮੌਕੇ ਪੁਤਲੇ ਫੂਕਣ ਵਾਲੇ ਪਟਾਕੇ ਰੋਕਣ ਦੀ ਮੰਗ ਕੀਤੀ ਸੀ, ਪਰ ਸਰਕਾਰ ਨੇ ਇਸ ਸਬੰਧ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਹੁਣ ਦੀਵਾਲੀ ਵਾਲੇ ਦਿਨ ਲੱਖਾਂ ਕਰੋੜਾਂ ਦੇ ਪਟਾਕੇ ਸਾੜਨ ਨਾਲ ਸਾਰੇ ਜ਼ਿਲ੍ਹਿਆਂ ‘ਚ ਪ੍ਰਦੂਸ਼ਣ ਫੈਲ ਜਾਵੇਗਾ, ਜੋ ਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਹੈ। ਇਸ ਲਈ ਅਸੀਂ ਰਾਜ ‘ਚ ਪਟਾਕਿਆਂ ਦੇ ਨਿਰਮਾਣ, ਵਿਕਰੀ ਤੇ ਸਾੜਨ ‘ਤੇ ਪੂਰਨ ਪਾਬੰਦੀ ਦੀ ਮੰਗ ਕਰਦੇ ਹਾਂ।
ਕੇਂਦਰ ਸਰਕਾਰ ਨੇ ਵੀ ਪ੍ਰਦੂਸ਼ਣ ਰੋਕੂ ਆਰਡੀਨੈਂਸ ਦੇ ਨਾਂ ‘ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਪੰਜ ਸਾਲ ਕੈਦ ਅਤੇ 1 ਕਰੋੜ ਰੁਪਏ ਜੁਰਮਾਨੇ ਦਾ ਫ਼ਰਮਾਨ ਜਾਰੀ ਕੀਤਾ ਹੈ। ਇਸ ਆਰਡੀਨੈਂਸ ਨੂੰ ਰਾਸ਼ਟਰਪਤੀ ਨੇ 4 ਨਵੰਬਰ ਨੂੰ ਹੀ ਮਨਜ਼ੂਰੀ ਦਿੱਤੀ ਹੈ।