ਮਾਨਸਾ, 27 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) ) : ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਲਗਾਏ ਗਏ ਕਰਫਿਊ/ਲਾਕਡਾਊਨ ਦੇ ਚੱਲਦਿਆਂ ਸੂਬੇ ਦੇ ਕੁਝ ਵਿਦਿਆਰਥੀ ਕੋਟਾ (ਰਾਜਸਥਾਨ) ਵਿਖੇ ਫਸੇ ਹੋਏ ਸਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਵਾਪਸ ਲਿਆਂਦਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਵਿੱਚੋਂ 5 ਬੱਚੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਸਨ।
ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਚਹਿਲ ਨੇ ਦੱਸਿਆ ਕਿ ਅੱਜ ਇਨ੍ਹਾਂ ਵਿਦਿਆਰਥੀਆਂ ਨੂੰ ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ ਦੀ ਅਗਵਾਈ ਵਿੱਚ ਮਾਨਸਾ ਕੈਂਚੀਆਂ ਨੇੜਿਓਂ ਰਿਸੀਵ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਵਿਦਿਆਰਥੀਆਂ ਨੂੰ ਘਰ ਵਾਪਸ ਆਉਣ ‘ਤੇ ਰਿਫਰੈਸ਼ਮੈਂਟ, ਮਾਸਕ ਅਤੇ ਸੈਨੇਟਾਈਜ਼ਰ ਵੀ ਦਿੱਤਾ ਗਿਆ ਅਤੇ ਸਹਾਇਕ ਕਮਿਸ਼ਨਰ ਵੱਲੋਂ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਗਿਆ ਤੇ ਕੋਵਿਡ-19 ਸਬੰਧੀ ਜ਼ਰੂਰੀ ਸਾਵਧਾਨੀਆਂ ਵੀ ਦੱਸੀਆਂ।
ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਨਵਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ 14 ਦਿਨਾਂ ਤੱਕ ਆਪਣੇ-ਆਪ ਨੂੰ ਘਰਾਂ ਅੰਦਰ ਹੀ ਇਕਾਂਤਵਾਸ ਵਿੱਚ ਰੱਖਣ ਅਤੇ ਆਪਣੇ ਘਰਦਿਆਂ ਦੇ ਵੀ ਸੰਪਰਕ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਇਹ ਸਾਵਧਾਨੀਆਂ ਇਸ ਲਈ ਨਹੀਂ ਦੱਸੀਆਂ ਜਾ ਰਹੀਆਂ ਕਿ ਉਨ੍ਹਾਂ ਨੂੰ ਕੋਰੋਨਾ ਹੈ, ਪਰੰਤੂ ਅਹਿਤਿਆਤ ਦੇ ਤੌਰ ‘ਤੇ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਵਿਦਿਆਰਥੀ 14 ਦਿਨਾਂ ਤੱਕ ਇਕਾਂਤਵਾਸ ਵਿੱਚ ਹੀ ਰਹਿਣ।
ਇਸ ਉਪਰੰਤ ਵਿਦਿਆਰਥੀਆਂ ਨੂੰ ਇੱਕ ਬੱਸ ਰਾਹੀਂ ਸਿੱਧਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਮਾਹਿਰ ਡਾਕਟਰਾਂ ਵੱਲੋਂ ਇਨ੍ਹਾਂ ਦਾ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਦਾ ਸਿਹਤ ਬਾਰੇ ਪੁੱਛਿਆ। ਇਸ ਦੌਰਾਨ ਪੰਜੇ ਵਿਦਿਆਰਥੀ ਸਿਹਤਮੰਦ ਪਾਏ ਗਏ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਪਿਆਂ ਨਾਲ ਘਰੋਂ-ਘਰੀਂ ਭੇਜਿਆ ਗਿਆ।
ਇਸ ਮੌਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਇਸ ਉਪਰਾਲੇ ਲਈ ਵਿਦਿਆਰਥੀਆਂ ਅਤੇ ਮਾਪਿਆਂ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਇਨ੍ਹਾਂ ਸਦਕਾ ਸਾਡੇ ਬੱਚੇ ਵਾਪਸ ਆਪਣੇ ਘਰ ਪੰਹੁਚ ਪਾਏ ਹਨ।