ਮਾਨਸਾ, 02 ਜੁਲਾਈ- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪਿਛਲੇ ਦਿਨਾਂ ‘ਚ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਸੈਸ਼ਨ ਦੌਰਾਨ ਅੰਗਹੀਣਾਂ ਨੂੰ ਅਣਗੌਲਿਆਂ ਕਰਨ ਅਤੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਵੱਲੋਂ ਅੰਗਹੀਣ ਵਿਰੋਧੀ ਬਿਆਨ ਦੇਣ ਤੋਂ ਰੌਅ ਵਿੱਚ ਫਿਜੀਕਲੀ ਹੈਂਡੀਕੈਪਡ ਐਸੋਸੀਏਸ਼ਨ ਨੇ ਐਤਵਾਰ ਨੂੰ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਪ੍ਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਐਸੋਸੀਏਸ਼ਨ ਦੇ ਆਗੂ ਅਵਿਨਾਸ਼ ਸ਼ਰਮਾ ਅਤੇ ਗੁਰਸੇਵਕ ਬਹਿਣੀਵਾਲ ਨੇ ਦੱਸਿਆ ਕਿ ਜਥੇਬੰਦੀ ਅੰਗਹੀਣਾਂ ਦੇ ਹਿੱਤਾਂ ਦੀ ਰਖਵਾਲੀ ਲਈ ਕਈ ਦਹਾਕਿਆਂ ਤੋਂ ਸੰਘਰਸ਼ ਕਰਦੀ ਆ ਰਹੀ ਹੈ, ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਹਮੇਸ਼ਾਂ ਅਣਗੌਲਿਆਂ ਕਰਕੇ ਰੱਖਿਆ ਗਿਆ ਹੈ ਅਤੇ ਹੁਣ ਆਪ ਸਰਕਾਰ ਨੇ ਵੀ ਆਪਣੇ ਪਲੇਠੇ ਬਜਟ ਸੈਸ਼ਨ ‘ਚ ਅੰਗਹੀਣ ਵਰਗ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ ਹੈ, ਜਦੋਂ ਕਿ ਜਥੇਬੰਦੀ ਵੱਲੋਂ ਪੰਜਾਬ ਭਰ ਆਪ ਦੇ ਵਿਧਾਇਕਾਂ ਅਤੇ ਵਜੀਰਾ ਨੂੰ ਬਜਟ ਸੈਸ਼ਨ ਤੋਂ ਪਹਿਲਾਂ ਮੰਗ ਪੱਤਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਅੰਗਹੀਣਾਂ ਨੂੰ 2500 ਰੁਪਏ ਪ੍ਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਪਰ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਵਿਧਾਨ ਸਭਾ ਵਿੱਚ ਅੰਗਹੀਣਾਂ ਦੀ ਪੈਨਸ਼ਨ ਦਾ ਮੁੱਦਾ ਉਠਾਇਆ ਸੀ, ਇਸ ਦੇ ਬਾਵਜੂਦ ਵੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਅਤੇ ਇਹ ਕਹਿ ਕੇ ਹੀ ਬੁੱਤਾ ਸਾਰ ਦਿੱਤਾ ਕਿ ਇਨ੍ਹਾਂ ਨੂੰ ਸਰਕਾਰ ਵੱਲੋਂ ਪਹਿਲਾਂ ਹੀ ਪੈਨਸ਼ਨ ਦਿੱਤੀ ਜਾ ਰਹੀ ਹੈ, ਕੈਬਨਿਟ ਮੰਤਰੀ ਦੇ ਅਜਿਹੇ ਬਿਆਨ ਕਾਰਨ ਅੰਗਹੀਣ ਵਰਗ ਦਾ ਆਪ ਸਰਕਾਰ ਤੋਂ ਭਰੋਸਾ ਟੁੱਟਣ ਕਾਰਨ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਅੰਗਹੀਣ ਵਰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਪਰ ਇਸ ਵਰਗ ਦੀ ਸਿਹਤ, ਸਿੱਖਿਆ ਅਤੇ ਸੁਰੱਖਿਆ ਲਈ ਬਜਟ ਵਿੱਚ ਕੋਈ ਰਾਸ਼ੀ ਦਾ ਨਾ ਰੱਖਿਆ ਜਾਣਾ ਪੰਜਾਬ ਸਰਕਾਰ ਦਾ ਅੰਗਹੀਣ ਵਰਗ ਪ੍ਤੀ ਸੋਚ ਨੂੰ ਪ੍ਗਟ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਅੰਗਹੀਣਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜ਼ਬੂਰ ਹੋਣਗੇ।