ਮਾਨਸਾ, 9 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਨਾਲ ਨਜਿੱਠਣ ਦੇ ਮੱਦੇਨਜਰ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਲਗਾਤਾਰ ਸੁਚੇਤ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਸਮੇਂ-ਸਮੇਂ ‘ਤੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਤੋਂ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।ઠ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ਅੰਦਰ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਮੁੜ ਤੋਂ ਇਸ ਵਾਇਰਸ ਦੀ ਚੈਨ ਨਾ ਬਣਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਾਵਧਾਨੀਆਂ ਸਬੰਧੀ ਸਮੇਂ-ਸਮੇਂ ‘ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ, ਜ਼ਿਲ੍ਹਾ ਵਾਸੀ ਉਨ੍ਹਾਂ ਸਾਵਧਾਨੀਆਂ ਦੀ ਪੂਰੀ ਇਮਾਨਦਾਰੀ ਨਾਲ ਪਾਲਣਾ ਕਰਨ ਕਿਉਂਕਿ ਇਨ੍ਹਾਂ ਸਾਵਧਾਨੀਆਂ ਵੱਲ ਧਿਆਨ ਦੇ ਕੇ ਹੀ ਅਸੀਂ ਖੁਦ ਨੂੰ, ਆਪਣੇ ਪਰਿਵਾਰ ਅਤੇ ਸਮਾਜ ਨੂੰ ਇਸ ਬਿਮਾਰੀ ਤੋਂ ਬਚਾਈ ਰੱਖਣ ਵਿੱਚ ਅਹਿਮ ਭੁਮਿਕਾ ਨਿਭਾਅ ਸਕਦੇ ਹਾਂ। ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਮਾਨਸਾ ਵਿਖੇ ਕੋਰੋਨਾ ਦੇ 2 ਪਾਜ਼ਿਟੀਵ ਮਾਮਲੇ ਸਾਹਮਣੇ ਆਏ ਹਨ, ਜੋ ਕਿ ਸਬ-ਡਵੀਜ਼ਨ
ਸਰਦੂਲਗੜ੍ਹ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਬਿਲਕੁੱਲ ਵੀ ਜ਼ਰੂਰਤ ਨਹੀਂ ਕਿਉਂਕਿ ਇਨ੍ਹਾਂ ਵਿਅਕਤੀਆਂ ਨੂੰ ਦਿੱਲੀ ਤੋਂ ਆਉਣ ਤੋਂ ਬਾਅਦ ਘਰ ਵਿੱਚ ਹੀ ਇਕਾਂਤਵਾਸ ‘ਚ ਰੱਖਿਆ ਹੋਇਆ ਸੀ ਅਤੇ ਹੁਣ ਇਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ਼ ਲਈ ਦਾਖਲ ਕਰ ਲਿਆ ਗਿਆ ਹੈ, ਜਿੱਥੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਇਨ੍ਹਾਂ ਦਾ ਇਲਾਜ਼ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਇਸ ਵਾਇਰਸ ਤੋਂ ਬਚੇ ਰਹਿਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ, ਤਾਂ ਜੋ ਕੋਈ ਵੀ ਵਿਅਕਤੀ ਇਸ ਵਾਇਰਸ ਦੀ ਚਪੇਟ ਵਿੱਚ ਨਾ ਆ ਸਕੇ। ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ, ਇੱਕ ਤੋਂ ਦੂਜੇ ਵਿਅਕਤੀ ਵਿੱਚ ਨਿਰਧਾਰਿਤ ਸਮਾਜਿਕ ਦੂਰੀ ਬਣਾ ਕੇ ਰੱਖਣਾ, ਆਪਣੇ ਹੱਥਾਂ ਨੂੰ ਸਾਬਣ ਜਾਂ ਸੈਨੇਟਾਈਜ਼ਰ ਨਾਲ ਚੰਗੀ ਤਰ੍ਹਾਂ ਸਾਫ਼ ਰੱਖਣਾ ਆਦਿ ਸਾਵਧਾਨੀਆਂ ਦੀ ਵਰਤੋਂ ਕਰਕੇ ਇਸ ਵਾਇਰਸ ਨੂੰ ਮਾਤ ਦੇ ਸਕਦੇ ਹਾਂ। ਸ਼੍ਰੀ ਚਹਿਲ ਨੇ ਦੱਸਿਆ ਕਿ ਕੋਰੋਨਾ ਦਾ ਕਹਿਰ ਹਾਲੇ ਖ਼ਤਮ ਨਹੀਂ ਹੋਇਆ ਹੈ ਇਸ ਲਈ ਹਰੇਕ ਵਿਅਕਤੀ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਅਤੇ ਅਪੀਲਾਂ ਦੀ ਪੂਰੀ ਸੰਜੀਦਗੀ ਨਾਲ ਪਾਲਣਾ ਕਰਨ ਕਿਉਂਕਿ ਇਲਾਜ਼ ਨਾਲੋਂ ਪਰਹੇਜ਼ ਚੰਗਾ ਹੁੰਦਾ ਹੈ। ਇਸ ਲਈ ਮਾਨਸਾ ਜ਼ਿਲ੍ਹੇ ਅੰਦਰ ਕੋਰੋਨਾ ਦੀ ਚੇਨ ਨਾ ਬਣਨ ਦੇਣ ਵਿੱਚ ਜ਼ਿਲ੍ਹਾ ਵਾਸੀ ਪ੍ਰਸ਼ਾਸਨ ਦਾ ਪੂਰੀ ਤਰ੍ਹਾਂ ਨਾਲ ਸਹਿਯੋਗ ਕਰਨ।9/੩੨੭੯੫/੨੦੨੦