
ਚੰਡੀਗੜ੍ਹ,04 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਬੈਠਕ ਫਿਰ ਬੇਸਿੱਟਾ ਰਹੀ। ਕਿਸਾਨਾਂ ਨੇ ਕਿਹਾ ਉਹ ਨਿੱਜੀ ਥਰਮਲ ਪਲਾਂਟਾਂ ਦੇ ਟ੍ਰੈਕ ਅੱਗਿਓਂ ਨਹੀਂ ਉੱਠਣਗੇ।
ਯੂਨੀਅਨ ਲੀਡਰ ਜੁਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਸਰਕਾਰ ਨਾਲ ਹੋਈ ਬੈਠਕ ਮਗਰੋਂ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਨਿੱਜੀ ਥਰਮਲ ਪਲਾਂਟਾਂ ਨੂੰ ਜਾਂਦੇ ਰੇਲ ਟ੍ਰੈਕ ਤੋਂ ਨਹੀਂ ਉੱਠਣਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣੇ ਸਰਕਾਰੀ ਥਰਮਲ ਪਲਾਂਟਾਂ ਨੂੰ ਜਿਵੇਂ ਮਰਜ਼ੀ ਚਲਾਵੇ, ਉਸ ਵਿੱਚ ਅਸੀਂ ਕਿਸੇ ਵੀ ਤਰ੍ਹਾਂ ਦੀ ਅੜਚਨ ਪੈਦਾ ਨਹੀਂ ਕਰ ਰਹੇ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਕੇਂਦਰ ਸਰਕਾਰ ਦਾ ਰਵੱਈਆ ਰਿਹਾ ਹੈ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਜਾਣਬੁੱਝ ਕੇ ਮਾਲ ਗੱਡੀਆਂ ਨਹੀਂ ਭੇਜ ਰਹੇ ਤੇ ਜੇਕਰ ਸਾਡੇ ਉੱਠਣ ਦੀ ਗੱਲ ਨੂੰ ਲੈ ਕੇ ਕੇਂਦਰ ਸਰਕਾਰ ਵਾਰ-ਵਾਰ ਦਬਾਅ ਬਣਾ ਰਹੀ ਹੈ ਤਾਂ ਅਸੀਂ ਸਪੱਸ਼ਟ ਕਰ ਦਿੱਤਾ ਹੈ ਕਿ ਅਸੀਂ ਨਿੱਜੀ ਥਰਮਲ ਪਲਾਂਟਾਂ ਦੇ ਸਾਫ਼ ਤੌਰ ‘ਤੇ ਖਿਲਾਫ ਹਾਂ ਤੇ ਅੱਗੇ ਵੀ ਰਹਾਂਗੇ।
