17 ,ਮਈ (ਸਾਰਾ ਯਹਾਂ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਪੰਜਾਬ ਸਰਕਾਰ ਸੁਰੱਖਿਆ ਚੇਤਾਵਨੀ ਨਾਲ ਨਜਿੱਠਣ ਲਈ ਵਾਧੂ ਕੇਂਦਰੀ ਸੁਰੱਖਿਆ ਬਲ ਚਾਹੁੰਦੀ ਹੈ। ਭਗਵੰਤ ਮਾਨ ਸਾਹਬ ਇਸ ਤਰ੍ਹਾਂ ਇਹ ਸਵੀਕਾਰ ਨਹੀਂ ਕਰ ਲਿਆ ਕਿ ਤੁਸੀਂ ਪੰਜਾਬ ਦੀ ਸੁਰੱਖਿਆ ਵਿੱਚ ਅਸਫਲ ਹੋ। ਜਦੋਂਕਿ ਦੂਜੇ ਪਾਸੇ ਪੰਜਾਬ ਪੁਲਿਸ ਦੇ ਕਮਾਂਡੋ ਕੇਜਰੀਵਾਲ ਦੀ ਸੁਰੱਖਿਆ ਲਈ ਲਾਏ ਹੋਏ ਹਨ ਤੇ ਤੁਸੀਂ ਕੇਂਦਰ ਦੀ ਸਹਾਇਤਾ ਚਾਹੁੰਦੇ ਹੋ।
ਦੱਸ ਦਈਏ ਕਿ ਮੀਡੀਆ ਰਿਪੋਰਟਾਂ ਆਈਆਂ ਹਨ ਕਿ ਪੰਜਾਬ ਵਿੱਚ ਪੁਲਿਸ ਨੇ ਕਾਨੂੰਨ ਵਿਵਸਥਾ ਨੂੰ ਸੰਭਾਲਣ ਲਈ ਕੇਂਦਰ ਤੋਂ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਮੰਗੀਆਂ ਹਨ। ਇਸ ਬਾਰੇ ਡੀਜੀਪੀ ਵੀਕੇ ਭਾਵਰਾ ਨੇ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਦੂਜੇ ਪਾਸੇ ਪੰਜਾਬ ਪੁਲਿਸ ਜਾਂ ਮਾਨ ਸਰਕਾਰ ਨੇ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ।
ਸੂਤਰਾਂ ਮੁਤਾਬਕ ਪੰਜਾਬ ਪੁਲਿਸ ਨੇ ਹਵਾਲਾ ਦਿੱਤਾ ਹੈ ਕਿ ਇੱਥੇ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਪਹਿਲਾਂ ਪਟਿਆਲੇ ਵਿੱਚ ਹਿੰਸਾ ਹੋਈ। ਇਸ ਤੋਂ ਬਾਅਦ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਦਫਤਰ ‘ਤੇ ਹਮਲਾ ਹੋਇਆ। ਜਿਸ ਦੇ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ ISI, ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ਤੇ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੀ ਸਾਜ਼ਿਸ਼ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਕਰਨਾਲ ‘ਚ ਵੀ ਪੰਜਾਬ ‘ਚ ਰਹਿ ਰਹੇ ਅੱਤਵਾਦੀਆਂ ਨੂੰ ਵਿਸਫੋਟਕਾਂ ਸਮੇਤ ਫੜਿਆ। ਪੰਜਾਬ ਵਿੱਚ ਅੰਮ੍ਰਿਤਸਰ ਸਮੇਤ ਕਈ ਥਾਵਾਂ ਤੋਂ ਆਰਡੀਐਕਸ ਸਮੇਤ ਹੋਰ ਵਿਸਫੋਟਕ ਬਰਾਮਦ ਹੋਏ।
ਜੂਨ ਵਿੱਚ ਸਾਕਾ ਨੀਲਾ ਤਾਰਾ ਦੀ ਬਰਸੀ ਮਨਾਈ ਜਾਂਦੀ ਹੈ। ਇਸ ਦੌਰਾਨ ਪੰਜਾਬ ਦੇ ਹਾਲਾਤ ਹਰ ਸਾਲ ਤਣਾਅਪੂਰਨ ਬਣੇ ਰਹਿੰਦੇ ਹਨ। ਇਸ ਸਬੰਧੀ ਇੱਕ ਹਫ਼ਤਾ ਲੰਗਰ ਤੇ ਅਰਦਾਸ ਕਰਵਾਈ ਜਾਂਦੀ ਹੈ। ਇਹੀ ਕਾਰਨ ਹੈ ਕਿ ਡੀਜੀਪੀ ਨੇ ਪਹਿਲਾਂ ਹੀ ਉਨ੍ਹਾਂ ਨੂੰ ਫੋਰਸ ਭੇਜਣ ਲਈ ਕਿਹਾ ਤਾਂ ਜੋ ਪੰਜਾਬ ਦੀਆਂ ਸੰਵੇਦਨਸ਼ੀਲ ਥਾਵਾਂ ‘ਤੇ ਪਹਿਲਾਂ ਤੋਂ ਹੀ ਤਾਇਨਾਤ ਕੀਤੇ ਜਾ ਸਕਣ। ਇਸ ਨਾਲ ਸ਼ਰਾਰਤੀ ਅਨਸਰਾਂ ਨੂੰ ਵਾਤਾਵਰਨ ਖਰਾਬ ਕਰਨ ਤੋਂ ਰੋਕਿਆ ਜਾ ਸਕੇਗਾ।