ਮਾਨਸਾ, 12 ਜਨਵਰੀ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਆਰਥਿਕਤਾ ਸੁਧਾਰਨ ਲਈ ਵਿਦੇਸ਼ਾਂ ਵਿੱਚ ਆਪਣੀ ਰੋਟੀ-ਰੋਜੀ ਲਈ ਜਾਣਾ ਪਿਆ, ਜਿਸ ਕਾਰਨ ਨੌਜਵਾਨ ਪੀੜ੍ਹੀ ਨੂੰ ਪਰਿਵਾਰਾਂ ਤੋਂ ਦੂਰ ਰਹਿੰਦੇ ਹੋਏ ਮਾਨਸਿਕ ਤੌਰ ’ਤੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਕੁਲਹਿਰੀ ਦੇ ਵਸਨੀਕ ਕਰਮਜੀਤ ਸਿੰਘ ਪੁੱਤਰ ਆਤਮਾ ਸਿੰਘ ਦੀ ਮਨੀਲਾ ਵਿਖੇ ਅਚਨਚੇਤ ਮੌਤ ਹੋ ਜਾਣ ’ਤੇ ਦੁੱਖ ਜਾਹਿਰ ਕਰਦਿਆਂ ਅਤੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈਕ ਸੌਂਪਦਿਆਂ ਕੀਤਾ।
ਵਿਧਾਇਕ ਨੇ ਕਿਹਾ ਕਿ ਪੰਜਾਬੀਆਂ ਦੇ ਦੁੱਖ ਤਕਲੀਫ਼ਾਂ ਵਿੱਚ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਦੇ ਬਣਦੇ ਫ਼ਰਜ਼ ਅਦਾ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਪਰਿਵਾਰ ਦੀ ਆਰਥਿਕ ਤੌਰ ’ਤੇ ਸਹਾਇਤਾ ਕਰਨ ਲਈ 2 ਲੱਖ ਰੁਪਏ ਦੀ ਰਾਸ਼ੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਰਾਸ਼ੀ ਕਰਮਜੀਤ ਸਿੰਘ ਦੀ ਘਾਟ ਨੂੰ ਪੂਰਾ ਨਹੀਂ ਕਰ ਸਕਦੀ ਪਰੰਤੂ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ।
ਹਲਕਾ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ ਨੇ ਕਿਹਾ ਕਿ ਕਰਮਜੀਤ ਸਿੰਘ ਦੀ ਅਚਨਚੇਤ ਮੌਤ ਪਿਛਲੇ ਦਿਨੀਂ ਵਿਦੇਸ਼ ਵਿੱਚ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੇ ਪਰਿਵਾਰ ਦੀ ਇੱਛਾ ਅਨੁਸਾਰ ਮ੍ਰਿਤਕ ਦੇਹ ਵਿਦੇਸ਼ ਤੋਂ ਮੰਗਵਾ ਕੇ ਉਸਦਾ ਸਸਕਾਰ ਪਿੰਡ ਵਿੱਚ ਕਰਵਾਇਆ ਗਿਆ।
ਇਸ ਮੌਕੇ ਐਸ.ਡੀ.ਐਮ.ਬੁਢਲਾਡਾ ਸ਼੍ਰੀ ਗਗਨਦੀਪ ਸਿੰਘ, ਆਮ ਆਦਮੀ ਪਾਰਟੀ ਦੇ ਐਸ.ਸੀ.ਵਿੰਗ ਦੇ ਪ੍ਰਧਾਨ ਰਾਜੂ ਕੁਲਹਿਰੀ ਅਤੇ ਪਿੰਡ ਇਕਾਈ ਪ੍ਰਧਾਨ ਗੁਰਲਾਲ ਸਿੰਘ ਮੌਜੂਦ ਸਨ।