*ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਦਿ੍ੜ – ਅਨਮੋਲ ਗਗਨ ਮਾਨ*

0
39

ਐੱਸ. ਏ. ਐੱਸ. ਨਗਰ /ਚੰਡੀਗੜ੍ਹ, 15 ਮਾਰਚ (ਸਾਰਾ ਯਹਾਂ/  ਮੁੱਖ ਸੰਪਾਦਕ) : ਪੰਜਾਬ ਦੇ  ਸਿਕਾਇਤ ਨਿਵਾਰਨ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਲਈ ਪੂਰੀ ਤਰਾਂ ਦਿ੍ੜ ਹੈ । ਉਨ੍ਹਾਂ ਕਿਹਾ ਵਿਕਾਸ ਦੇ ਕੰਮਾਂ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

    ਅੱਜ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਨਵੇਂ ਯੁੱਗ ਦੀ ਸ਼ੁਰਆਤ ਕੀਤੀ ਅਤੇ ਵਿਕਾਸ ਦੇ ਰਾਹ ਵਿੱਚ ਆਉਣ ਵਾਲੀਆਂ ਸਾਰੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਅੱਜ ਖਰੜ ਬਲਾਕ ਦੇ ਸਵਾੜਾ ਵਿੱਚ ਲਾਏ ਗਏ ਕੈਂਪ ਦੌਰਾਨ ਉਨਾਂ ਨੇ ਗੱਬੇ ਮਾਜਰਾ, ਮਗਰ, ਰਸਣਹੇੜੀ, ਨੰਗਲ ਫੈਜ਼ਗੜ੍ਹ ਅਤੇ ਸਵਾੜਾ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨਾਂ ਨੇ ਵੱਖੋਂ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਉੱਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।

ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਾਏ ਕੈਂਪਾਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸੂਬਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨਾਂ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਲੋਕਾਂ ਨੂੰ ਅਪੀਲ ਵੀ ਕੀਤੀ।

ਅਨਮੋਲ ਗਗਨ ਮਾਨ ਨੇ ਪਿੰਡਾਂ ਦੇ ਵਿਕਾਸ ਵਿੱਚ ਲੋਕਾਂ ਨੂੰ ਵਧ ਚੜਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਉਨਾਂ ਨੇ ਲੋਕਾਂ ਨੂੰ ਧੜੇਬੰਦੀ ਤੋਂ ਉਠਣ ਅਤੇ ਵਿਕਾਸ ਕਾਰਜਾਂ ’ਤੇ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਵੀ ਤਰੁੱਟੀ ਨਾ ਰਹੇ ਅਤੇ ਵਿਕਾਸ ਸਬੰਧੀ ਸਾਰੇ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਹੋ ਸਕਣ। ਉਨਾਂ ਨੇ ਲੋਕਾਂ ਦੀ ਸਮੱਸਿਆਵਾਂ ਦੇ ਮੱਦੇ ਨਜ਼ਰ ਲੋੜ ਅਨੁਸਾਰ ਬੱਸਾਂ ਦੇ ਰੂਟ ਚਲਾਏ ਜਾਣ ਦਾ ਵੀ ਲੋਕਾਂ ਨੂੰ ਭਰੋਸਾ ਦੁਵਾਇਆ। ਉਹਨਾਂ ਨੇ ਸਰਕਾਰੀ  ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਲੋਕਾਂ ਦੀ ਭੂਮਿਕਾ ਅਹਿਮ ਹੈ ਅਤੇ ਉਨਾਂ ਦੇ ਸਹਿਯੋਗ ਨਾਲ ਹੀ ਸੂਬੇ ਨੂੰ ਵੱਖ ਵੱਖ ਸਮੱਸਿਆਵਾਂ ਤੋਂ ਨਿਜਾਤ ਦਵਾਈ ਜਾ ਸਕਦੀ ਹੈ।

      ਮਾਜਰੀ ਬਲਾਕ ਦੇ ਪਿੰਡ ਸੋਹਾਲੀ, ਨੰਗਲੀਆ, ਰਕੌਲੀ ਅਤੇ ਸ਼ਾਹਪੁਰ ਅਤੇ ਆਲੇ ਦੁਵਾਲੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਲਗਾਏ ਗਏ ਕੈਂਪ ਦੌਰਾਨ ਕੈਬਨਿਟ ਮੰਤਰੀ ਨੇ ਲੇਬਰ ਕਾਰਡ ਸਬੰਧੀ ਸਹੂਲਤਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਉਨਾਂ ਕਿਹਾ ਕਿ ਲੇਬਰ ਕਾਰਡਾਂ ਰਾਹੀਂ ਲੋਕਾਂ ਨੂੰ ਇਲਾਜ ਲਈ ਮਾਲੀ ਮਦਦ ਮਿਲਦੀ ਹੈ ਅਤੇ ਇਸ ਨਾਲ ਹੀ ਸ਼ਗਨ ਸਕੀਮ, ਵਿਦਿਆਰਥੀਆਂ ਲਈ ਸਕਾਲਰਸ਼ਿਪ ਤੋਂ ਇਲਾਵਾਂ ਹੋਰ ਵੀ ਕਈ ਤਰਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨਾਂ ਨੇ ਲੋੜਵੰਦ ਲੋਕਾਂ ਨੂੰ ਜੌਬ ਕਾਰਡ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਮਗਨਰੇਗਾ ਸਬੰਧੀ ਸਕੀਮਾਂ ਦਾ ਲਾਭ ਲੈ ਸਕਣ ।

ਇਨਾਂ ਕੈਂਪਾਂ ਦੌਰਾਨ ਮੁਫਤ ਮੈਡੀਕਲ ਸਹੂਲਤ, ਰੋਜ਼ਗਾਰ ਲਈ ਰਜਿਸਟ੍ਰੇਸ਼ਨ, ਜੌਬ ਕਾਰਡ ਤੋਂ ਇਲਾਵਾ ਆਧਾਰ ਕਾਰਡ ਬਣਾਉਣ, ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ ਆਦਿ  ਸਹੂਲਤਾਂ ਮੁਹੱਈਆ ਕਰਾਉਣ ਸਬੰਧੀ ਕਾਰਵਾਈ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

————

NO COMMENTS