ਪੰਜਾਬ ਸਰਕਾਰ ਲੋਕਾਂ ਲਈ ਸੁਰੱਖਿਅਤ ਅਤੇ ਮਿਆਰੀ ਭੋਜਨ ਪਦਾਰਥ ਯਕੀਨੀ ਬਣਾਉਣ ਲਈ ਵਚਨਬੱਧ: ਬਲਬੀਰ ਸਿੰਘ ਸਿੱਧੂ

0
13

ਚੰਡੀਗੜ, 3 ਜੁਲਾਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਪੰਜਾਬ ਸਰਕਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਲਈ ਸੁਰੱਖਿਅਤ ਅਤੇ ਮਿਆਰੀ ਭੋਜਨ ਪਦਾਰਥ ਯਕੀਨੀ ਬਣਾਉਣ ਲਈ ਵਚਨਬੱਧ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 18 ਨਵੇਂ ਭਰਤੀ ਕੀਤੇ ਫੂਡ ਸੇਫਟੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤੇ।

ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਕਮਿਸ਼ਨਰੇਟ ਨੂੰ  ਲੋਕਾਂ ਲਈ ਸੁਰੱਖਿਅਤ ਭੋਜਨ ਦੀ ਵੰਡ ਸਬੰਧੀ ਫੂਡ ਬਿਜ਼ਨਸ ਆਪਰੇਟਰਾਂ (ਐਫ.ਬੀ.ਓਜ਼) ਨੂੰ ਜਾਗਰੂਕ ਕਰਨ ਅਤੇ ਅਸੁਰੱਖਿਅਤ ਅਤੇ ਗੈਰ ਮਿਆਰੀ ਭੋਜਨਾਂ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਐਫ.ਬੀ.ਓਜ਼ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਸਿਹਤ ਵਿਭਾਗ ਦਾ ਫੂਡ ਸੇਫਟੀ ਵਿੰਗ ਰੋਜ਼ਾਨਾ ਅਧਾਰ ’ਤੇ ਛਾਪੇਮਾਰੀ ਅਤੇ ਜਾਂਚ ਕਾਰਵਾਈਆਂ ਕਰ ਰਿਹਾ ਹੈ ਜਿਸ ਤਹਿਤ ਪਿਛਲੇ ਸਾਲ ਤਕਰੀਬਨ 9 ਹਜ਼ਾਰ ਜਾਂਚ ਕਾਰਵਾਈਆਂ ਕੀਤੀਆਂ ਗਈਆਂ ਅਤੇ ਡਿਫਾਲਟਰਾਂ ਵਿਰੁੱਧ ਚੀਫ ਜੁਡੀਸ਼ੀਅਲ ਮੈਜਿਸਟਰੇਟ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਦੀ ਅਦਾਲਤ ਵਿਚ ਮੁਕੱਦਮੇ ਚਲਾਏ ਗਏ।

ਸ. ਸਿੱਧੂ ਨੇ ਦੱਸਿਆ ਕਿ ਅਦਾਲਤ ਵੱਲੋਂ ਪਿਛਲੇ ਇੱਕ ਸਾਲ ਵਿੱਚ 13 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਅਤੇ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਇਸ ਦੇ ਨਾਲ ਹੀ ਬੇਨਿਯਮੀਆਂ ਵਿੱਚ ਸ਼ਾਮਲ 2162 ਫੂਡ ਬਿਜ਼ਨਸ ਆਪਰੇਟਰਾਂ ਨੂੰ 3.30 ਕਰੋੜ ਰੁਪਏ ਦੇ ਜ਼ੁਰਮਾਨੇ ਕੀਤੇ ਗਏ ਹਨ।ਸ. ਸਿੱਧੂ ਨੇ ਕਿਹਾ ਕਿ ਵਿਭਾਗ ਸਿਰਫ 29 ਫੂਡ ਸੇਫਟੀ ਅਫਸਰਾਂ ਨਾਲ ਕੰਮ ਕਰ ਰਿਹਾ ਸੀ ਅਤੇ ਭੋਜਨ ਦੀ ਸਪਲਾਈ ਕਰਨ ਵਾਲਿਆਂ ’ਤੇ ਬਿਹਤਰ ਨਿਗਰਾਨੀ ਲਈ  ਵਿਭਾਗ ਵਿੱਚ ਨਵੇਂ ਅਧਿਕਾਰੀ ਭਰਤੀ ਕਰਨ ਦੀ ਲੋੜ ਮਹਿਸੂਸ ਕੀਤੀ ਗਈ। ਇਸ ਲਈ ਵਿਭਾਗ ਵੱਲੋਂ 24 ਹੋਰ ਫੂਡ ਸੇਫਟੀ ਅਫ਼ਸਰ ਭਰਤੀ ਕੀਤੇ ਗਏ ਹਨ।

ਮੰਤਰੀ ਨੇ ਅੱਗੇ ਕਿਹਾ ਕਿ ਸਟਾਫ਼ ਕਮੀ ਨੂੰ ਪੂਰਾ ਕਰਨ ਲਈ ਅੱਜ 18 ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਉਨਾਂ ਨੂੰ ਤਨਦੇਹੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਪਦਾਰਥ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾ ਸਕੇ।

ਫੂਡ ਐਂਡ ਡਰੱਗਸ ਐਡਮਨਿਸਟ੍ਰੇਸ਼ਨ ਦੇ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਕਿਹਾ ਕਿ  ਸੂਬੇ ਵਿੱਚ ਨਵੇਂ ਫੂਡ ਸੇਫਟੀ ਅਫਸਰਾਂ ਦੀ ਭਰਤੀ ਨਾਲ ਭੋਜਨ ਕਾਰੋਬਾਰ ਦੇ ਖੇਤਰ ਵਿੱਚ ਗਲਤ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਕਾਰਵਾਈ ਕਰਨ ਸਬੰਧੀ ਕਮਿਸ਼ਨਰੇਟ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਲ ਮਿਲੇਗਾ। 

————-

LEAVE A REPLY

Please enter your comment!
Please enter your name here