ਮਾਨਸਾ, 12 ਅਕਤੂਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਹਾਂਗ ਯੂ ਚੀਨ ਵਿਖੇ ਹੋਈਆਂ ਏਸ਼ੀਅਨ ਖੇਡਾਂ ਵਿਚ ਪੈਦਲ ਚਾਲ 35 ਕਿਲੋਮੀਟਰ ’ਚ ਬਰੋਨਜ਼ ਮੈਡਲ ਪ੍ਰਾਪਤ ਕਰਨ ਵਾਲੀ ਮਾਨਸਾ ਜ਼ਿਲੇ੍ਹ ਦੇ ਪਿੰਡ ਖੈਰਾ ਖੁਰਦ ਦੀ ਮੰਜੂ ਰਾਣੀ ਦਾ ਮਾਨਸਾ ਪਹੁੰਚਣ ’ਤੇ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਨਿੱਘਾ ਸਵਾਗਤ ਕੀਤਾ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇਕ ਲੜਕੀ ਹੋ ਕੇ ਐਨੀ ਵੱਡੀ ਪ੍ਰਾਪਤੀ ਕਰਨਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਇਹ ਪ੍ਰਾਪਤੀ ਹੋਰਨਾਂ ਲੜਕੀਆਂ ਲਈ ਪ੍ਰੇਰਨਾਸ੍ਰੋਤ ਬਣੇਗੀ ਅਤੇ ਲੜਕੀਆਂ ਵੀ ਖੇਡਾਂ ਵਿਚ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੀਆਂ। ਉਨ੍ਹਾਂ ਕਿਹਾ ਕਿ ਏਸ਼ੀਅਨ ਖੇਡਾਂ ਵਿਚੋਂ 5 ਮੈਡਲ ਜ਼ਿਲ੍ਹਾ ਮਾਨਸਾ ਦੀ ਝੋਲੀ ਪਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਲਈ ਬਹੁਤ ਵਧੀਆ ਪਾਲਿਸੀ ਬਣਾਈ ਹੈ ਜਿਸ ਤਹਿਤ ਏਸ਼ੀਅਨ ਖੇਡਾਂ ਦੀ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਦੇ ਬੜੇ ਹੀ ਸਾਕਾਰਤਮਕ ਨਤੀਜੇ ਆਏ ਹਨ।
ਉਨ੍ਹਾਂ ਮੰਜੂ ਰਾਣੀ ਅਤੇ ਉਸ ਦੇ ਪਿਤਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਉਪਲਬਧੀ ਨਾਲ ਜਿੱਥੇ ਦੇਸ਼ ਅਤੇ ਪੰਜਾਬ ਦਾ ਮਾਣ ਵਧਿਆ ਹੈ, ਉੱਥੇ ਹੀ ਹੋਰਨਾਂ ਲੜਕੀਆਂ ਨੂੰ ਖੇਡਾਂ ਵਿਚ ਆਪਣਾ ਹੁਨਰ ਵਿਖਾਉਣ ਲਈ ਇਹ ਉਪਲਬਧੀ ਚਾਨਣਮੁਨਾਰੇ ਦਾ ਕੰਮ ਕਰੇਗੀ। ਉਨ੍ਹਾਂ ਪੰਜਾਬ ਸਰਕਾਰ ਦੇ ਖੇਡ ਵਿਭਾਗ ਨੂੰ ਵੀ ਇਸ ਜਿੱਤ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡ ਵਿਭਾਗ ਦੇ ਕਾਬਲ ਕੋਚਾਂ ਦੀ ਅਣਥੱਕ ਮਿਹਨਤ ਸੂਬੇ ਦੇ ਖਿਡਾਰੀਆਂ ਨੂੰ ਕੌਮੀ ਪੱਧਰ ’ਤੇ ਸੂਬੇ ਦਾ ਨਾਮ ਚਮਕਾਉਣ ਲਈ ਮਦਦਗਾਰ ਸਿੱਧ ਹੋ ਰਹੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਮੰਜੂ ਰਾਣੀ ਨੂੰ ਇਸ ਜਿੱਤ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਅੱਗੇ ਵਧਣ ਲਈ ਕਾਮਨਾ ਕੀਤੀ ਅਤੇ ਹੋਰਨਾਂ ਲੜਕੀਆਂ ਨੂੰ ਮੰਜੂ ਰਾਣੀ ਤੋਂ ਪ੍ਰੇਰਿਤ ਹੋ ਕੇ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ। ਉਨ੍ਹਾਂ ਮੰਜੂ ਰਾਣੀ ਦੇ ਪਿਤਾ ਅਤੇ ਕੋਚ ਹਰਪਾਲ ਕੌਰ ਵੱਲੋਂ ਮੰਜੂ ਰਾਣੀ ਨੂੰ ਇਸ ਮੁਕਾਮ ’ਤੇ ਪਹੁੰਚਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੇਤੂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ ਸੂਬਾ ਸਰਕਾਰ ਦੀ ਯੋਜਨਾ ਤਹਿਤ ਖਿਡਾਰੀਆਂ ਦੇ ਨਾਮ ’ਤੇ ਸਟੇਡੀਅਮ ਬਣਾਏ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਵਿਚ ਹੋਰ ਬੁਲੰਦੀਆਂ ’ਤੇ ਲਿਜਾਣ ਲਈ ਖਰਚ ਕੀਤੀ ਜਾ ਰਹੀ ਰਾਸ਼ੀ ਦੇ ਭਵਿੱਖ ਵਿਚ ਹੋਰ ਵਧੀਆ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਨੋਜਵਾਨ ਲੜਕੇ ਲੜਕੀਆਂ ਨੂੰ ਅਪੀਲ ਕੀਤੀ ਕਿ ਮੰਜੂ ਰਾਣੀ ਦੀ ਮਿਹਨਤ ਤੋਂ ਪ੍ਰੇਰਿਤ ਹੋ ਕੇ ਆਪਣੇ ਮਾਤਾ ਪਿਤਾ, ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਖ਼ੂਬ ਮਿਹਨਤ ਕਰਨ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਸਮੇਤ ਖਿਡਾਰਨ ਮੰਜੂ ਰਾਣੀ ਦੇ ਪਰਿਵਾਰਕ ਮੈਂਬਰ ਤੇ ਹੋਰ ਅਧਿਕਾਰੀ ਹਾਜ਼ਰ ਸਨ।