*ਪੰਜਾਬ ਸਰਕਾਰ ਵੱਲੋਂ ਕਿਸਾਨੀ ਦਾ ਮਿਆਰ ਉੱਚਾ ਚੁੱਕਣ ਲਈ ਨਵੀਆਂ ਖੇਤੀ ਨੀਤੀਆਂ ਲਿਆਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ-ਗੁਰਪ੍ਰੀਤ ਸਿੰਘ ਬਣਾਂਵਾਲੀ*

0
23

ਮਾਨਸਾ, 12 ਅਕਤੂਬਰ(ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਸਰਕਾਰ ਵੱਲੋਂ ਕਿਸਾਨੀ ਦੇ ਮਿਆਰ ਨੂੰ ਉਚਾ ਚੁੱਕਣ ਲਈ ਨਵੀਆਂ ਖੇਤੀ ਨੀਤੀਆਂ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਸ ਸਾਲ ਮੂੰਗੀ ਦੀ ਫਸਲ ਤੇ 1000/- ਰੁਪਏ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਹੁਣ ਕਿਸਾਨਾਂ ਦੇ ਖਾਤਿਆਂ ਵਿੱਚ ਇਹ ਰਾਸ਼ੀ ਟਰਾਂਸਫਰ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਨਵੀਂ ਅਨਾਜ ਮੰਡੀ, ਮਾਨਸਾ ਵਿਖੇ ਹਾੜੀ 2022-23 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਆਤਮਾ ਸਕੀਮ ਦੇ ਸਹਿਯੋਗ ਨਾਲ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮੌਕੇ ਕੀਤਾ।
ਵਿਧਾਇਕ ਬਣਾਂਵਾਲੀ ਨੇ ਕਿਸਾਨਾਂ ਨੂੰ ਰਵਾਇਤੀ ਫਸਲਾਂ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢਣ ਲਈ ਮੱਕੀ ਦੀ ਫਸਲ ’ਤੇ ਰਾਜ ਸਰਕਾਰ ਵੱਲੋਂ ਐਮ.ਐਸ.ਪੀ. ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿਚ ਵਾਧਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸੈਲਫ ਹੈਲਪ ਗਰੁੱਪਾਂ ਲਈ ਪੱਕੀਆਂ ਮਾਰਕੀਟ ਮੰਡੀਆਂ ਬਣਾ ਕੇ ਨਵੀਂ ਨੀਤੀ ਲਿਆਉਣ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਸਾਨਾਂ ਨੂੰ ਖਾਦਾਂ/ਕੀੜੇਮਾਰ ਜ਼ਹਿਰਾਂ ਦੀ ਘੱਟ ਵਰਤੋਂ ਕਰਨ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਐਸ.ਡੀ.ਐਮ. ਮਾਨਸਾ ਸ੍ਰੀ ਹਰਜਿੰਦਰ ਸਿੰਘ ਜੱਸਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਖੇਤੀਬਾੜੀ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਸਹਿਕਾਰੀ ਸਭਾਵਾਂ ਵੱਲੋਂ ਦਿੱਤੀ ਗਈ ਮਸ਼ੀਨਰੀ ਨਾਲ ਕੀਤਾ ਜਾਵੇ ਅਤੇ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤਾਂ ਜ਼ੋ ਜਮੀਨ ਦੀ ਉਪਜਾਊ ਸਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।  ਉਨ੍ਹ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਫਸਲ ਪੂਰੀ ਪੱਕਣ ਉਪਰੰਤ ਹੀ ਕੀਤੀ ਜਾਵੇ ਅਤੇ 17% ਨਮੀ ਵਾਲਾ ਝੋਨਾ ਹੀ ਮੰਡੀ ਵਿੱਚ ਲਿਆਂਦਾ ਜਾਵੇ ਤਾਂ ਜੋ ਮੰਡੀਆਂ ਵਿੱਚ ਹੋਣ ਵਾਲੀ ਖੱਜਲ-ਖੁਆਰੀ ਤੋਂ ਬਚਿਆ ਜਾ ਸਕੇ।
ਇਸ ਕੈਂਪ ਦੀ ਪ੍ਰਧਾਨਗੀ ਸ੍ਰੀ ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਹ.ਜ), ਪੰਜਾਬ ਵੱਲੋਂ ਕੀਤੀ ਗਈ। ਸਾਉਣੀ, 2022 ਦੌਰਾਨ ਮਾਨਸਾ ਜ਼ਿਲੇ੍ਹ ਵਿੱਚ ਪੰਜਾਬ ਵਿੱਚੋਂ ਸਭ ਤੋਂ ਵੱਧ ਮੂੰਗੀ ਦੀ ਬਿਜਾਈ ਹੋਣ ’ਤੇ ਉਨ੍ਹਾਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰੋ੍ਹਂ ਦੀਆਂ ਕਨੋਲਾ ਕਿਸਮਾਂ ਦੀ ਬਿਜਾਈ ਕੀਤੀ ਜਾਵੇ, ਜੋ ਕਿ ਮਨੁੱਖੀ ਸਿਹਤ ਲਈ ਬਹੁਤ ਵਧੀਆਂ ਹਨ।  ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਖਾਦ, ਬੀਜ ਅਤੇ ਕੀੜਮਾਰ ਦਵਾਈਆ ਦੀ ਖਰੀਦ ਸਮੇਂ ਕਿਸੇ ਕਿਸਮ ਦੀ ਬੇਲੋੜੀ ਵਸਤੂ ਨਾਲ ਨਾ ਲਈ ਜਾਵੇ ਅਤੇ ਜੇਕਰ ਕੋਈ ਡੀਲਰ ਅਜਿਹਾ ਕਰਦਾ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਡਾ. ਸਤਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਵੱਲੋਂ ਜ਼ਿਲ੍ਹੇ ਵਿੱਚ ਚਲਾਈਆਂ ਜਾਂਦੀਆਂ ਵਿਭਾਗ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਹਾੜੀ 2022-23 ਦੌਰਾਨ ਕਣਕ ਦੀ ਫਸਲ ਹੇਠ 1,70,000 ਹੈਕਟੇਅਰ ਰਕਬਾ ਲਿਆਂਦਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਰਾਏ ਅਨੁਸਾਰ ਹੀ ਕੀਤੀ ਜਾਵੇ ਤਾਂ ਜੋ ਲੋੜ ਅਨੁਸਾਰ ਸਹੀ ਮਿਕਦਾਰ ਵਿੱਚ ਇਨਪੁਟਸ ਦੀ ਵਰਤੋਂ ਕੀਤੀ ਜਾ ਸਕੇ ਅਤੇ ਵਾਧੂ ਖੇਤੀ ਖਰਚਿਆਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੀ ਖਰੀਦ ਸਮੇਂ ਦੁਕਾਨਦਾਰ ਪਾਸੋਂ ਪੱਕਾ ਬਿੱਲ ਲਿਆ ਜਾਵੇ।
ਕੈਂਪ ਵਿਚ ਜ਼ਿਲ੍ਹੇ ਭਰ ਵਿੱਚੋਂ ਲਗਭਗ 1800 ਕਿਸਾਨਾਂ ਨੇ ਭਾਗ ਲਿਆ ਅਤੇ ਤਕਨੀਕੀ ਜਾਣਕਾਰੀ ਦੇਣ ਲਈ ਸਾਇੰਸਦਾਨਾਂ ਦੀ ਟੀਮ ਡਾ. ਗੁਰਦੀਪ ਸਿੰਘ, ਨਿਰਦੇਸ਼ਕ, ਕਿ੍ਰਸ਼ੀ ਵਿਗਿਆਨ ਕੇਂਦਰ, ਮਾਨਸਾ ਟੀਮ ਇੰਚਾਰਜ ਦੀ ਅਗਵਾਈ ਹੇਠ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਈ। ਇਨ੍ਹਾਂ ਮਾਹਰਾਂ ਵਿੱਚੋਂ ਡਾ. ਪਿ੍ਰਤਪਾਲ ਸਿੰਘ, ਸੀਨੀਅਰ ਪਸਾਰ ਵਿਗਿਆਨੀ (ਭੂਮੀ ਵਿਗਿਆਨ) ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਕਿਸਮਾਂ ਅਤੇ ਉਨ੍ਹਾਂ ਦੀ ਕਾਸ਼ਤ ਸਬੰਧੀ, ਡਾ. ਰਜਿੰਦਰ ਕੌਰ ਸਿੱਧੂ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਵੱਲੋਂ ਫਲਾਂ ਅਤੇ ਸਬਜੀਆਂ ਦੀ ਸਾਂਭ ਸੰਭਾਲ ਲਈ ਤਕਨੀਕਾਂ ਬਾਰੇ, ਡਾ. ਅਜੈ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨੀ) ਵੱਲੋਂ ਦੁਧਾਰੂ ਪਸ਼ੂਆਂ ਦੀ ਸਾਂਭ ਸੰਭਾਲ ਸਬੰਧੀ ਅਤੇ ਡਾ. ਗੁਰਦੀਪ ਸਿੰਘ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਵੱਲੋਂ ਪੇਸ਼ ਕੀਤੇ ਗਏ ਸਵਾਲਾਂ ਦਾ ਬਾਖੁਬੀ ਤਰੀਕੇ ਨਾਲ ਢੁਕਵਾਂ ਹੱਲ ਦੱਸਿਆ ਗਿਆ।
ਸਟੇਜ਼ ਸੰਚਾਲਨ ਦੀ ਡਿਊਟੀ ਡਾ. ਹਰਵਿੰਦਰ ਸਿੰਘ, ਖੇਤੀਬਾੜੀ ਅਫ਼ਸਰ, ਭੀਖੀ ਅਤੇ ਡਾ. ਚਮਨਦੀਪ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਵੱਲੋਂ ਨਿਭਾਈ ਗਈ। ਡਾ. ਸੁਰੇਸ਼ ਕੁਮਾਰ, ਵਿਸ਼ਾ ਵਸਤੂ ਮਾਹਿਰ, ਝੁਨੀਰ,  ਡਾ. ਡੂੰਗਰ ਸਿੰਘ ਬਰਾੜ,ਖੇਤੀਬਾੜੀ ਅਫ਼ਸਰ, ਬੁਢਲਾਡਾ, ਡਾ. ਮਨੋਜ ਕੁਮਾਰ, ਖੇਤੀਬਾੜੀ ਅਫਸਰ, ਮਾਨਸਾ, ਡਾ. ਜ਼ਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫ਼ਸਰ (ਟੀ.ਏ), ਡਾ. ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਡਾ. ਪ੍ਰਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਡਾ. ਹਰਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਡਾ. ਸੁਖਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਡਾ. ਸ਼ਗਨਦੀਪ ਕੌਰ, ਖੇਤੀਬਾੜੀ ਵਿਕਾਸ ਅਫ਼ਸਰ ਆਦਿ ਅਧਿਕਾਰੀਆਂ ਵੱਲੋਂ ਵੱਖ-ਵੱਖ ਵਿਸ਼ਿਆਂ ਸਬੰਧੀ ਖੇਤੀਬਾੜੀ ਦੀਆਂ ਤਕਨੀਕਾਂ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ ਗਈਆਂ। ਡਾ. ਸਤਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਵੱਲੋਂ ਆਏ ਹੋਏ ਮਹਿਮਾਨਾਂ, ਕਿਸਾਨਾਂ, ਸਾਇੰਸਦਾਨਾ ਪਿ੍ਰੰਟ ਅਤੇ ਇਲੈਕਟ੍ਰੋਨਿਕ ਮੀਡੀਆ ਦਾ ਧੰਨਵਾਦ ਕੀਤਾ। ਕੈਂਪ ਵਿੱਚ ਵੱਖ-ਵੱਖ ਸਰਕਾਰੀ/ਅਰਧ ਸਰਕਾਰੀ ਅਦਾਰਿਆਂ ਅਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਸਟਾਲਾਂ ਲਗਾਈਆਂ ਗਈਆਂ।

LEAVE A REPLY

Please enter your comment!
Please enter your name here