ਮਾਨਸਾ, 8 ਮਾਰਚ(ਸਾਰਾ ਯਹਾਂ /ਹਿਤੇਸ਼ ਸ਼ਰਮਾ) : ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਪੁਲਾਂਘ ਪੁਟਦਿਆਂ ਪੰਜਾਬ ਸਰਕਾਰ ਵੱਲੋਂ ਅੱਜ 8 ਵਿਸ਼ੇਸ਼ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਮਹਿਲਾ ਪੱਖੀ ਪਹਿਲਕਦਮੀਆਂ ਦਾ ਆਗਾਜ਼ ਵਰਚੂਅਲ ਤਰੀਕੇ ਨਾਲ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਤੋਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ, ਯੂਥ ਆਗੂ ਸ਼੍ਰੀ ਚੁਸ਼ਪਿੰਦਰਵੀਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਸਮੇਤ ਹੋਰ ਅਧਿਕਾਰੀਆਂ ਨੇ ਇਸ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪਹਿਲਾਂ ਹੀ ਸਰਕਾਰ ਦੁਆਰਾ ਔਰਤਾਂ ਲਈ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਅਤੇ ਪੰਚਾਇਤ ਤੇ ਨਗਰ ਕੌਂਸਲ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਸੁਵਿਧਾ ਦਾ ਐਲਾਨ ਕੀਤਾ ਗਿਆ ਹੈ ਅਤੇ ਸਾਲ 2021-22 ਦੇ ਬਜਟ ਵਿੱਚ ਸ਼ਗਨ ਸਕੀਮ ਦੀ ਗਰਾਂਟ 21 ਹਜ਼ਾਰ ਰੁਪਏ ਤੋਂ ਵਧਾ ਕੇ 51 ਹਜ਼ਾਰ ਰੁਪਏ ਅਤੇ ਬੁਢਾਪਾ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕੀਤੀ ਗਈ ਹੈ।
ਵਰਚੂਅਲ ਸਮਾਰੋਹ ਦੌਰਾਨ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਤਹਿਤ ਸੰਯੁਕਤ ਰਾਸ਼ਟਰ ਤੇ ਹੋਰ ਵਿਸ਼ਵ ਵਿਆਪੀ ਏਜੰਸੀਆਂ ਨਾਲ ਹੱਥ ਮਿਲਾਉਂਦੇ ਹੋਏ ਇਨ੍ਹਾਂ ਪਹਿਲਕਦਮੀਆਂ ਦਾ ਆਰੰਭ ਕੀਤਾ ਗਿਆ। ਮੁੱਖ ਮੰਤਰੀ ਪੰਜਾਬ ਵੱਲੋਂ 2407 ਮਾਸਟਰ ਕਾਡਰ ਮਹਿਲਾ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ , ਸਾਰੇ ਪੁਲਿਸ ਥਾਣਿਆਂ ‘ਤੇ ਔਰਤਾਂ ਲਈ ਸਾਂਝ ਸ਼ਕਤੀ ਹੈਲਪ ਡੈਸਕ ਅਤੇ 181 ਹੈਲਪਲਾਈਨ, ਔਰਤਾਂ ਤੇ ਬੱਚਿਆਂ ਵਿੱਚ ਅਨੀਮੀਆ ਤੇ ਕੁਪੋਸ਼ਣ ਨੂੰ ਖ਼ਤਮ ਕਰਨ ਲਈ ਯੂ.ਐਨ.ਡੀ.ਪੀ ਨਾਲ ਸਾਂਝੇਦਾਰੀ, ਸਰਕਾਰੀ ਸਕੂਲਾਂ ਵਿੱਚ ਲਿੰਗ ਸੰਵੇਦਨਾ ਪਾਠਕ੍ਰਮ ਪ੍ਰੋਗਰਾਮ ਨੂੰ ਲਾਗੂ ਕਰਨ ਆਦਿ ਪ੍ਰੋਜੈਕਟਾਂ ਦਾ ਆਗਾਜ਼ ਕੀਤਾ। ਇਸ ਵਰਚੂਅਲ ਪ੍ਰੋਗਰਾਮ ਦੇ ਨਾਲ ਨਾਲ ਜ਼ਿਲ੍ਹਾ ਭਰ ਤੋਂ ਵੱਖ-ਵੱਖ ਥਾਵਾਂ ‘ਤੇ ਇਕੋ ਸਮੇਂ ਪ੍ਰੋਗਰਾਮ ਆਯੋਜਿਤ ਕੀਤੇ ਗਏ ਜਿਸ ਵਿੱਚ ਵੱਡੀ ਗਿਣਤੀ ਨੁਮਾਇੰਦਿਆਂ ਅਤੇ ਪਤਵੰਤਿਆਂ ਨੇ ਹਿੱਸਾ ਲਿਆ।
ਕੈਪਸ਼ਨ: